ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਲੁਧਿਆਣਾ-ਬਰਨਾਲਾ ਮੁੱਖ ਮਾਰਗ ਜਾਮ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਮਹਿਲ ਕਲਾਂ ’ਚ ਵਿਸ਼ਾਲ ਧਰਨਾ, ਲੁਧਿਆਣਾ-ਬਰਨਾਲਾ ਮੁੱਖ ਮਾਰਗ ਜਾਮ
Publish Date: Thu, 15 Oct 2026 04:43 PM (IST)
Updated Date: Thu, 15 Oct 2026 04:45 PM (IST)
:: ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲਕਲਾਂ : ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ਤਹਿਤ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ਨੇੜੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਧਰਨੇ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਆਗੂਆਂ ਵੱਲੋਂ ਕੀਤੀ ਗਈ। ਇਸ ਮੌਕੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਵੱਖ-ਵੱਖ ਸਿਆਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਵਧਦਾ ਪ੍ਰਕੋਪ ਅਤੇ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸਾਰੇ ਤੱਥ ਜਨਤਕ ਕੀਤੇ ਜਾਣ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਤੇ ਆੜ੍ਹਤੀਏ ਸਰਬਜੀਤ ਸਿੰਘ ਸਰਬੀ, ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖਾਲਸਾ, ਸਤਿਨਾਮ ਸਿੰਘ ਮਹਿਲ ਕਲਾਂ, ਜਥੇਦਾਰ ਮੁਖਤਿਆਰ ਸਿੰਘ ਛਾਪਾ, ਭਾਈ ਸੁਖਵਿੰਦਰ ਸਿੰਘ ਪੱਪੂ, ਰਾਮ ਸਿੰਘ ਗਹਿਲ, ਬਲਵਿੰਦਰ ਸਿੰਘ ਛਾਪਾ, ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ, ਜਥੇਦਾਰ ਮਹਿੰਦਰ ਸਿੰਘ ਸਹਿਜੜਾ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਭੋਲਾ ਗੰਗੋਹਰ, ਸਰਪੰਚ ਜਥੇਦਾਰ ਬਚਿੱਤਰ ਸਿੰਘ ਧਾਲੀਵਾਲ, ਕੁਲਵੰਤ ਸਿੰਘ ਜੱਗ ਦੇ, ਜਥੇਦਾਰ ਕੁਲਵਿੰਦਰ ਸਿੰਘ ਖਾਲਸਾ, ਜਥੇਦਾਰ ਹਰਜਿੰਦਰ ਸਿੰਘ ਮਾਂਗੇਵਾਲ, ਗੁਰਮੀਤ ਸਿੰਘ ਛੀਨੀਵਾਲ, ਡਾ. ਸੁਖਦੀਪ ਸਿੰਘ ਕਲਾਲ ਮਾਜਰਾ, ਬਲਦੇਵ ਸਿੰਘ ਆਗੇਵਾਲਾ, ਸੁਖਪਾਲ ਸਿੰਘ ਮੂੰਮ, ਨਿਰਭੈ ਸਿੰਘ ਢੀਂਡਸਾ ਛੀਨੀਵਾਲ, ਭਿੰਦਰ ਸਿੰਘ ਮੂੰਮ, ਜਥੇਦਾਰ ਗੁਰਦੀਪ ਸਿੰਘ ਛਾਪਾ, ਸਾਬਕਾ ਸਰਪੰਚ ਕੇਵਲ ਸਿੰਘ ਪੰਡੋਰੀ, ਮਲਕੀਤ ਸਿੰਘ ਸਹੌਰ, ਕਰਮਜੀਤ ਸਿੰਘ ਉੱਪਲ, ਮੋਹਨ ਸਿੰਘ ਰਾਏਸਰ, ਸੁਖਵਿੰਦਰ ਸਿੰਘ ਗੋਰਖਾ ਗਾਗੇਵਾਲ, ਸੁਖਵਿੰਦਰ ਸਿੰਘ ਕਾਲਾ, ਸੁਖਦੇਵ ਸਿੰਘ ਮਹਿਲ ਕਲਾਂ, ਪੱਤਰਕਾਰ ਨਿਰਮਲ ਸਿੰਘ ਪੰਡੋਰੀ, ਪੱਤਰਕਾਰ ਜਸਵੰਤ ਸਿੰਘ ਲਾਲੀ ਮਹਿਲ ਖੁਰਦ, ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਡਾ. ਮਿੱਠੂ ਮੁਹੰਮਦ, ਮਜ਼ਦੂਰ ਆਗੂ ਬਲਦੇਵ ਸਿੰਘ ਸਹਿਜੜਾ ਅਤੇ ਸਮਾਜ ਸੇਵੀ ਮੰਗਤ ਸਿੰਘ ਸਿੱਧੂ ਸਮੇਤ ਵੱਖ-ਵੱਖ ਸਿਆਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ, ਪਿੰਡਾਂ ਦੇ ਸਰਪੰਚ, ਪੰਚ ਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ। ਧਰਨਾਕਾਰੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਨਿਆਂ ਯਕੀਨੀ ਬਣਾਇਆ ਜਾਵੇ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਤੇ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।