- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਮੁਕੰਮਲ ਬੰਦ : ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਰੋਸ ਪ੍ਰਦਰਸ਼ਨ, ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਮਾਨਸਾ ’ਚ ਹੋਏ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਜ਼ਿਲ੍ਹਾ ਬਰਨਾਲਾ 'ਚ ਭਰਵਾਂ ਤੇ ਵਿਆਪਕ ਅਸਰ ਦੇਖਣ ਨੂੰ ਮਿਲਿਆ। ਇਸ ਘਟਨਾ ਤੋਂ ਬਾਅਦ ਸ਼ਹਿਰ ਦੇ ਸਮੁੱਚੇ ਬਾਜ਼ਾਰਾਂ 'ਚ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰਹੀਆਂ। ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ 'ਚ ਸਥਾਨਕ ਲੋਕਾਂ ਨੇ ਇਸ ਬੰਦ ’ਚ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਭਾਰੀ ਰੋਸ ਪ੍ਰਗਟ ਕੀਤਾ।
----
ਸ਼ਹਿਰ ’ਚ ਕੱਢਿਆ ਵਿਸ਼ਾਲ ਰੋਸ ਮਾਰਚ
ਬੰਦ ਦੇ ਸੱਦੇ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ, ਵਰਕਰਾਂ ਤੇ ਆਮ ਲੋਕਾਂ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚੋਂ ਹੁੰਦਿਆਂ ਹੋਇਆਂ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਪਰਵਿੰਦਰ ਸਿੰਘ ਝੋਟੇ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ। ਆਗੂਆਂ ਦਾ ਕਹਿਣਾ ਸੀ ਕਿ ਇਸ ਦੁਖਦਾਈ ਘਟਨਾ ਨੇ ਪੂਰੇ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ ਤੇ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ।
-----
ਕਚਹਿਰੀ ਚੌਕ ’ਚ ਧਰਨਾ ਤੇ ਰੋਡ ਜਾਮ
ਰੋਸ ਮਾਰਚ ਤੋਂ ਬਾਅਦ ਪ੍ਰਦਰਸ਼ਨਕਾਰੀ ਸ਼ਹਿਰ ਦੇ ਪ੍ਰਮੁੱਖ ਕਚਹਿਰੀ ਚੌਕ ’ਚ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਪੱਕਾ ਧਰਨਾ ਲਾ ਕੇ ਆਵਾਜਾਈ ਮੁਕੰਮਲ ਤੌਰ ’ਤੇ ਜਾਮ ਕਰ ਦਿੱਤੀ। ਧਰਨੇ ਦੌਰਾਨ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਗਈ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ। ਸੜਕ ਜਾਮ ਹੋਣ ਕਾਰਨ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ, ਜਿਸ ਕਾਰਨ ਆਮ ਲੋਕਾਂ ਨੂੰ ਵੀ ਕੁਝ ਸਮੇਂ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
-------
ਸਿਆਸੀ ਧਿਰ ਨੂੰ ਛੱਡ ਕੇ ਸਾਰੀਆਂ ਧਿਰਾਂ ਇਕ ਮੰਚ ’ਤੇ
ਇਸ ਰੋਸ ਮਾਰਚ ਤੇ ਧਰਨੇ ’ਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਵੱਡੇ ਆਗੂਆਂ ਨੇ ਪਾਰਟੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ, ਐਡਵੋਕੇਟ ਰਪਿੰਦਰ ਸਿੰਘ ਸੰਧੂ, ਭਾਜਪਾ ਆਗੂ ਗੁਰਜਿੰਦਰ ਸਿੰਘ ਸਿੱਧੂ, ਗੁਰਜਿੰਦਰ ਸਿੰਘ ਪੱਪੀ, ਜਸਬੀਰ ਸਿੰਘ ਗੱਖੀ, ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਤਰਨਜੀਤ ਸਿੰਘ ਦੁੱਗਲ ਤੋਂ ਇਲਾਵਾ ਹੋਰ ਵੀ ਕਈ ਜਨਤਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ। ਸਾਰੇ ਆਗੂਆਂ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਬੇਹੱਦ ਮੰਦਭਾਗਾ ਤੇ ਚਿੰਤਾਜਨਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ, ਜਿਸ ਲਈ ਸਰਕਾਰ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ।
-------
ਪ੍ਰਦਰਸ਼ਨਕਾਰੀਆਂ ਦੀਆਂ ਮੁੱਖ ਮੰਗਾਂ
ਬਰਨਾਲਾ ’ਚ ਬੰਦ ਨੂੰ ਮਿਲੇ ਭਰਵੇਂ ਹੁੰਗਾਰੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਕਿ ਕਤਲ ਕਾਂਡ ’ਚ ਸ਼ਾਮਲ ਅਸਲ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਮਾਮਲੇ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਯਕੀਨੀ ਬਣਾਈ ਜਾਵੇ। ਦੋਸ਼ੀਆਂ ਖ਼ਿਲਾਫ਼ ਕਾਨੂੰਨ ਦੀਆਂ ਸਖ਼ਤ ਤੋਂ ਸਖ਼ਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਪੂਰਨ ਇਨਸਾਫ਼ ਮਿਲ ਸਕੇ।