- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲਿਆ, ਨਸ਼ਿਆਂ ਨੇ ਉਜਾੜੇ ਘਰ-ਘਾਟ : ਅਕਾਲੀ ਦਲ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ’ਚ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ-ਵਿਵਸਥਾ ਤੇ ਪਿੰਡ-ਪਿੰਡ ਪੈਰ ਪਸਾਰ ਚੁੱਕੇ ਨਸ਼ਿਆਂ ਦੇ ਕੋਹੜ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਤੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਸੱਤਾਧਾਰੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਅਕਾਲੀ ਆਗੂਆਂ ਨੇ ਆਖਿਆ ਕਿ ਅੱਜ ਪੰਜਾਬ ਦਾ ਹਰ ਆਮ ਸ਼ਹਿਰੀ ਤੇ ਪਿੰਡਾਂ 'ਚ ਬੈਠਾ ਕਿਸਾਨ-ਮਜ਼ਦੂਰ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ, ਜਦਕਿ ਸਰਕਾਰ ਮਹਿਜ਼ ਬਿਆਨਬਾਜ਼ੀ ਤੇ ਦਾਅਵਿਆਂ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ। ਅਕਾਲੀ ਆਗੂਆਂ ਨੇ ਤਨਜ਼ ਕੱਸਦਿਆਂ ਕਿਹਾ ਕਿ ਮੌਜੂਦਾ ਸਰਕਾਰ ਸਿਰਫ਼ ਸੋਸ਼ਲ ਮੀਡੀਆ ਤੇ ਫੋਟੋਆਂ ਖਿਚਵਾਉਣ ਤੱਕ ਸੀਮਤ ਹੋ ਕੇ ਰਹਿ ਗਈ ਹੈ। ਜ਼ਮੀਨੀ ਹਕੀਕਤ ਇਹ ਹੈ ਕਿ ਗਲੀਆਂ-ਮੁਹੱਲਿਆਂ ’ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਤੇ ਸਾਡੇ ਨੌਜਵਾਨਾਂ ਦੀ ਜਵਾਨੀ ਰੋਲ਼ੀ ਜਾ ਰਹੀ ਹੈ। ਉਨ੍ਹਾਂ ਕਿਹਾ, ਜੇਕਰ ਸਿਰਫ਼ ਦਾਅਵਿਆਂ ਨਾਲ ਹੀ ਨਸ਼ਾ ਖ਼ਤਮ ਹੁੰਦਾ ਤਾਂ ਅੱਜ ਪੰਜਾਬ ਦੇ ਘਰਾਂ ’ਚ ਵੈਣ ਨਾ ਪੈ ਰਹੇ ਹੁੰਦੇ। ਸਰਕਾਰ ਜ਼ਮੀਨ ’ਤੇ ਉੱਤਰ ਕੇ ਦੇਖੇ ਕਿ ਨਸ਼ਾ ਤਸਕਰਾਂ ਦੇ ਹੌਸਲੇ ਕਿੰਨੇ ਬੁਲੰਦ ਹਨ।
--ਪੁਲਿਸ ਪ੍ਰਸ਼ਾਸਨ ਦਾ ਭਰੋਸਾ ਬਹਾਲ ਕਰੇ ਸਰਕਾਰ
ਕੁਲਵੰਤ ਸਿੰਘ ਕੀਤੂ ਤੇ ਬਿੱਟੂ ਦੀਵਾਨਾ ਨੇ ਆਖਿਆ ਕਿ ਅਪਰਾਧੀਆਂ ਤੇ ਨਸ਼ਾ ਤਸਕਰਾਂ ਵਿਰੁੱਧ ਬਿਨਾਂ ਕਿਸੇ ਸਿਆਸੀ ਦਬਾਅ ਦੇ ਨਿਰਪੱਖ ਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਲੋਕਾਂ ਦਾ ਪੁਲਿਸ-ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠ ਚੁੱਕਾ ਹੈ, ਜਿਸ ਨੂੰ ਮੁੜ ਬਹਾਲ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਫੋਕੇ ਐਲਾਨਾਂ ਦੀ ਨਹੀਂ, ਸਗੋਂ ਪ੍ਰਭਾਵਸ਼ਾਲੀ ਮੁਹਿੰਮ ਤੇ ਜ਼ਮੀਨੀ ਪੱਧਰ ’ਤੇ ਠੋਸ ਨਤੀਜਿਆਂ ਦੀ ਲੋੜ ਹੈ।
ਉਨ੍ਹਾਂ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਦੀ ਮੰਗ ਕਰਦਿਆਂ ਅਕਾਲੀ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੀ ਰਾਖੀ ਲਈ ਡਟਿਆ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਗੱਲਾਂ ਦੇ ਜਲੇਬੀ ਵਰਗੇ ਜੁਗਾੜ ਛੱਡ ਕੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਪਹਿਲ ਦੇਵੇ। ਜੇਕਰ ਅਜੇ ਵੀ ਅਪਰਾਧਾਂ ਤੇ ਨਸ਼ਿਆਂ 'ਤੇ ਠੱਲ੍ਹ ਨਾ ਪਾਈ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਹੱਕਾਂ ਲਈ ਲਾਮਬੰਦ ਹੋ ਕੇ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗਾ।