- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਖ਼ਤ ਹਦਾਇਤਾਂ -ਵਿਧਾਇਕ ਕੁਲਵੰਤ ਸਿੰਘ ਪੰਡੋਰੀ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਮਹਿਲ ਕਲਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਵੀ ਵਿਅਕਤੀ ਨੂੰ ਸਿਆਸੀ ਜਾਂ ਹੋਰ ਸਿਫ਼ਾਰਸ਼ ਦੇ ਆਧਾਰ ’ਤੇ ਬਖ਼ਸ਼ਿਆ ਨਹੀਂ ਦਿੱਤੀ ਜਾਵੇਗਾ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਗ੍ਰਾਮ ਪੰਚਾਇਤਾਂ, ਨੰਬਰਦਾਰਾਂ, ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਡੀਐੱਸਪੀ ਮਹਿਲ ਕਲਾਂ ਸਤਵਿੰਦਰ ਸਿੰਘ ਵਿਰਕ ਦੀ ਦੇਖ-ਰੇਖ ਹੇਠ ਕਰਵਾਈ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਇਸ ਮੌਕੇ ਥਾਣਾ ਮਹਿਲ ਕਲਾਂ ਦੀ ਮੁੱਖ ਅਫ਼ਸਰ ਇੰਸਪੈਕਟਰ ਕਮਲਜੀਤ ਕੌਰ, ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਅਜੈਬ ਸਿੰਘ ਬਰਨਾਲਾ, ਥਾਣਾ ਟੱਲੇਵਾਲ ਦੇ ਮੁੱਖ ਅਫ਼ਸਰ ਸਰਬਜੀਤ ਸਿੰਘ ਰੰਗੀਆਂ ਤੇ ਥਾਣਾ ਸ਼ੇਰਪੁਰ ਦੇ ਮੁੱਖ ਅਫ਼ਸਰ ਗੁਰਦੇਵ ਸਿੰਘ ਵਿਸੇਸ ਤੌਰ ਤੇ ਹਾਜ਼ਰ ਸਨ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟੇ ਨਾਲ ਵਾਪਰੀ ਮੰਦਭਾਗੀ ਘਟਨਾ ’ਤੇ ਸਮੁੱਚੇ ਪੰਜਾਬ ਨੂੰ ਅਫ਼ਸੋਸ ਹੈ। ਪੰਜਾਬ ਗੁਰੂਆਂ, ਪੀਰਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਤੇ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰੇਕ ਵਰਗ ਨੂੰ ਇਸ ’ਚ ਆਪਣਾ ਯੋਗਦਾਨ ਪਾਉਣਾ ਪਵੇਗਾ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪੁਲਿਸ ਨੂੰ ਆਧੁਨਿਕ ਸਹੂਲਤਾਂ ਅਤੇ ਵਾਹਨ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੁਹਿੰਮ ਲਈ ਲਗਭਗ 120 ਸਕਾਰਪੀਓ ਗੱਡੀਆਂ ਦੇਣ ਦੀ ਯੋਜਨਾ ਹੈ । ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਰੱਖਣ ਵਾਲੇ ਲੋਕ ਬਿਨਾਂ ਕਿਸੇ ਡਰ ਤੋਂ ਪੁਲਿਸ ਅਧਿਕਾਰੀਆਂ ਜਾਂ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖਣ ਤੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ’ਚ ਕਿਸੇ ਤਰ੍ਹਾਂ ਦੀ ਸਿਫ਼ਾਰਸ਼ ਨਾ ਚੱਲਣ ਦੇਣ ’ਤੇ ਉਨ੍ਹਾਂ ਜ਼ੋਰ ਦਿੱਤਾ।ਵਿਧਾਇਕ ਪੰਡੋਰੀ ਨੇ ਸਮੂਹ ਸਰਪੰਚਾਂ, ਨੰਬਰਦਾਰਾਂ ਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਵਿਧਾਇਕ ਨੇ ਦੱਸਿਆ ਕਿ ਜਿਹੜੇ ਪਿੰਡਾਂ ’ਚ ਨਸ਼ਿਆਂ ਦੀ ਸਮੱਸਿਆ ਵਾਲੀਆਂ ਥਾਵਾਂ ਦੀ ਪਛਾਣ ਕੀਤੀ ਗਈ ਹੈ, ਉੱਥੇ ਲੋੜ ਅਨੁਸਾਰ ਸੀਸੀਟੀਵੀ ਕੈਮਰੇ, ਰੌਸ਼ਨੀ ਅਤੇ ਨਿਗਰਾਨੀ ਦੇ ਪ੍ਰਬੰਧ ਕਰਨ ਲਈ ਵਿਸ਼ੇਸ਼ ਗਰਾਂਟਾਂ ਦੇਣ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਸਰਪੰਚ ਰਣਜੀਤ ਸਿੰਘ ਰਾਣਾ ਕਲਾਲਾ, ਅਵਤਾਰ ਸਿੰਘ ਖ਼ਾਲਸਾ, ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਸਰਪੰਚ ਸੁਖਵਿੰਦਰ ਦਾਸ ਬਾਵਾ, ਬਲਾਕ ਪ੍ਰਧਾਨ ਸਰਪੰਚ ਗੁਰਦੀਪ ਸਿੰਘ ਬਾਜਵਾ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਧਾਲੀਵਾਲ, ਸਰਪੰਚ ਲਖਬੀਰ ਸਿੰਘ ਸਹੌਰ, ਸਮਾਜ ਸੇਵੀ ਸੋਮਨਾਥ ਨਿਹਾਲੂਵਾਲ, ਸਰਪੰਚ ਹਰਪਾਲ ਸਿੰਘ ਮਹਿਲ ਖੁਰਦ, ਮਨਜੀਤ ਸਿੰਘ ਸਹਿਜੜਾ, ਪੀਏ ਬਿੰਦਰ ਸਿੰਘ ਖਾਲਸਾ, ਦਾਰਾ ਸਿੰਘ ਵਜੀਦਕੇ, ਸਾਹਿਬ ਸਿੰਘ ਪੱਪੂ ਅਤੇ ਗੁਰਪ੍ਰੀਤ ਸ਼ਰਮਾ ਨਿਹਾਲੂਵਾਲ ਹਾਜ਼ਰ ਸਨ।
ਬਾਕਸ ਨਿਊਜ਼
600 ਨੌਜਵਾਨਾਂ ਦਾ ਇਲਾਜ 295 ਗ੍ਰਿਫਤਾਰੀਆਂ 215 ਐਫਆਰਆਈ ਦਰਜ
ਇਸ ਮੌਕੇ ਡੀਐੱਸਪੀ ਸਤਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕੇ ’ਚ 600 ਤੋਂ ਵੱਧ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ’ਚ ਇਲਾਜ ਜਾਂ ਹਫ਼ਤਾਵਾਰੀ ਦਵਾਈਆਂ ਦੀ ਸਹੂਲਤ ਨਾਲ ਜੋੜਿਆ ਜਾ ਚੁੱਕਾ ਹੈ। ਨਸ਼ਿਆਂ ਨਾਲ ਸਬੰਧਤ ਮਾਮਲਿਆਂ ’ਚ 215 ਐੱਫਆਈਆਰ ਦਰਜ ਕੀਤੀਆਂ ਗਈਆਂ ਤੇ 295 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ’ਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਕਾਨੂੰਨੀ ਪ੍ਰਕਿਰਿਆ ਤਹਿਤ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਜਾਇਦਾਦਾਂ ਕੁਰਕ ਕਰਨ ਦੇ ਕਦਮ ਵੀ ਚੁੱਕੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਦੇ ਇੱਛੁਕ ਨੌਜਵਾਨ ਤੇ ਉਨ੍ਹਾਂ ਦੇ ਪਰਿਵਾਰ ਪੁਲਿਸ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੂੰ ਇਲਾਜ ਲਈ ਸਬੰਧਤ ਸਿਹਤ ਸਹੂਲਤਾਂ ਨਾਲ ਜੋੜਨ ਤੇ ਮੁੜ ਸਮਾਜ ਦੀ ਮੁੱਖ ਧਾਰਾ ’ਚ ਲਿਆਉਣ ਲਈ ਸਹਿਯੋਗ ਦਿੱਤਾ ਜਾਵੇਗਾ।