ਸੜਕ ਹਾਦਸੇ ’ਚ ਜ਼ਖ਼ਮੀ ਵਪਾਰ ਮੰਡਲ ਦੇ ਪ੍ਰਧਾਨ ਨੂੰ ਨਹੀਂ ਮਿਲ ਰਿਹਾ ਇਨਸਾਫ਼ ਸੜਕ ਹਾਦਸੇ ’ਚ ਜ਼ਖ਼ਮੀ ਵਪਾਰ ਮੰਡਲ ਦੇ ਪ੍ਰਧਾਨ ਨੂੰ ਨਹੀਂ ਮਿਲ ਰਿਹਾ ਇਨਸਾਫ਼
Publish Date: Sat, 17 Oct 2026 06:11 PM (IST)
Updated Date: Sat, 17 Oct 2026 06:12 PM (IST)
ਰੇਸ਼ਮ ਦੁਆ, ਪੰਜਾਬੀ ਜਾਗਰਣ, ਬਰਨਾਲਾ : ਪਿਛਲੇ ਦਿਨੀਂ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਹੋਏ ਵਪਾਰ ਮੰਡਲ ਦੇ ਪ੍ਰਧਾਨ ਨਾਇਬ ਸਿੰਘ ਕਾਲਾ ਨੂੰ ਇਨਸਾਫ਼ ਲੈਣ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਖ਼ਿਲਾਫ਼ ਕਾਰਵਾਈ ਕਰਨ ਤੇ ਹੋਏ ਨੁਕਸਾਨ ਦੀ ਭਰਪਾਈ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਪਾਰ ਮੰਡਲ ਦੇ ਪ੍ਰਧਾਨ ਨਾਇਬ ਸਿੰਘ ਕਾਲਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਅਤੇ ਬੱਚਿਆਂ ਸਮੇਤ ਠੀਕਰੀਵਾਲਾ ਰੋਡ ਤੋਂ ਬਰਨਾਲਾ ਵੱਲ ਆ ਰਹੇ ਸਨ। ਜਦੋਂ ਉਹ ਰਸਤੇ ’ਚ ਪਹੁੰਚੇ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਉਹ ਸੜਕ ’ਤੇ ਡਿੱਗ ਪਏ ਅਤੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਹਾਦਸੇ ’ਚ ਉਨ੍ਹਾਂ ਦੇ ਚੂਲੇ ਤੇ ਇੱਕ ਪੱਟ ਦੀ ਹੱਡੀ ਟੁੱਟ ਗਈ, ਜਦਕਿ ਉਨ੍ਹਾਂ ਦੀ ਪਤਨੀ ਤੇ ਬੱਚੇ ਵੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਨਾਇਬ ਸਿੰਘ ਕਾਲਾ ਨੇ ਦੱਸਿਆ ਕਿ ਹਾਦਸੇ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ, ਪਰ ਉਨ੍ਹਾਂ ਦੇ ਦੋਸ਼ਾਂ ਅਨੁਸਾਰ ਅਜੇ ਤੱਕ ਸਬੰਧਤ ਕਾਰ ਚਾਲਕ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਹਾਦਸੇ ਕਾਰਨ ਉਨ੍ਹਾਂ ਦੇ ਪਰਿਵਾਰ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਆਰਥਿਕ ਤੌਰ ’ਤੇ ਕਮਜ਼ੋਰ ਹਨ ਤੇ ਪਰਿਵਾਰ ’ਚ ਇਕੱਲੇ ਕਮਾਈ ਕਰਨ ਵਾਲੇ ਹਨ। ਉਨ੍ਹਾਂ ਦੇ ਚਾਰ ਬੱਚੇ ਹਨ। ਹਾਦਸੇ ’ਚ ਗੰਭੀਰ ਸੱਟਾਂ ਲੱਗਣ ਕਾਰਨ ਉਨ੍ਹਾਂ ਲਈ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਹੈ। ਪੀੜਤ ਨਾਇਬ ਸਿੰਘ ਕਾਲਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਹਾਦਸੇ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ, ਤਾਂ ਜੋ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕਣ।