- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਅੰਦਰ ਨਸ਼ਿਆਂ ਦਾ ਦੌਰ ਜਾਰੀ, ਨਿੱਤ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ : ਬੂਟਾ ਸਿੱਧੂ

ਨਵਦੀਪ ਸੇਖਾ, ਪੰਜਾਬੀ ਜਾਗਰਣ,
ਬਰਨਾਲਾ : ਪੰਜਾਬ ਅੰਦਰ ਨਸ਼ਿਆਂ ਦਾ ਦੌਰ ਲਗਾਤਾਰ ਜਾਰੀ ਹੈ ਤੇ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆਉਣਾ ਚਿੰਤਾ ਦਾ ਵਿਸ਼ਾ ਹੈ। ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਜੇਕਰ ਸਮਾਂ ਰਹਿੰਦਿਆਂ ਇਸ ਗੰਭੀਰ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਨਾ ਚੁੱਕੇ ਗਏ ਤਾਂ ਇਸ ਦੇ ਨਤੀਜੇ ਹੋਰ ਵੀ ਭਿਆਨਕ ਹੋ ਸਕਦੇ ਹਨ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਪਿੰਡ ਇਕਾਈ ਸੇਖਾ ਦੇ ਖ਼ਜ਼ਾਨਚੀ ਬੂਟਾ ਸਿੱਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਦੇਸ਼ ਤੇ ਸੂਬੇ ਦਾ ਭਵਿੱਖ ਹੈ, ਪਰ ਨਸ਼ਿਆਂ ਦੀ ਲਤ ਕਾਰਨ ਬਹੁਤ ਸਾਰੇ ਨੌਜਵਾਨ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ। ਨਸ਼ਿਆਂ ਕਾਰਨ ਕਈ ਪਰਿਵਾਰਾਂ ਦੇ ਘਰਾਂ ਦੇ ਚਿਰਾਗ ਬੁਝ ਰਹੇ ਹਨ ਤੇ ਮਾਪਿਆਂ ਨੂੰ ਆਪਣੇ ਜਵਾਨ ਪੁੱਤਾਂ ਦੀਆਂ ਮੌਤਾਂ ਦਾ ਦੁੱਖ ਸਹਿਣਾ ਪੈ ਰਿਹਾ ਹੈ। ਇਹ ਸਥਿਤੀ ਸਮੁੱਚੇ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਬੂਟਾ ਸਿੱਧੂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਿਰਫ਼ ਐਲਾਨ ਕਰਨ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ, ਸਗੋਂ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਲੋੜ ਹੈ। ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ’ਚ ਫਸਾਉਣ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਨਸ਼ਾ ਪੀੜਤਾਂ ਨੂੰ ਸਹੀ ਇਲਾਜ ਤੇ ਮੁੜ ਵਸੇਬੇ ਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ’ਚ ਸਰਕਾਰ ਦੇ ਨਾਲ-ਨਾਲ ਸਮਾਜਿਕ ਜਥੇਬੰਦੀਆਂ, ਕਿਸਾਨ ਯੂਨੀਅਨਾਂ, ਧਾਰਮਿਕ ਸੰਸਥਾਵਾਂ ਤੇ ਆਮ ਲੋਕਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਨੌਜਵਾਨਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।
------------
ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ, ਨਸ਼ੇ ਖ਼ਤਮ ਕਰਨ ’ਚ ਨਾਕਾਮ : ਜੱਗਾ ਮਾਨ
ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਤੇ ਸੂਬੇ ’ਚੋਂ ਨਸ਼ਿਆਂ ਦਾ ਖਾਤਮਾ ਕਰਨ ’ਚ ਨਾਕਾਮ ਰਹੀ ਹੈ। ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ ਤੇ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆਉਣਾ ਚਿੰਤਾ ਦਾ ਵਿਸ਼ਾ ਹੈ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਜੱਗਾ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਜਾ ਸਕੀ। ਨਸ਼ਿਆਂ ਕਾਰਨ ਕਈ ਪਰਿਵਾਰ ਉੱਜੜ ਰਹੇ ਹਨ ਤੇ ਮਾਪਿਆਂ ਨੂੰ ਆਪਣੇ ਜਵਾਨ ਪੁੱਤਾਂ ਦੀਆਂ ਮੌਤਾਂ ਦਾ ਸੰਤਾਪ ਹੰਢਾਉਣਾ ਪੈ ਰਿਹਾ ਹੈ। ਜੱਗਾ ਮਾਨ ਨੇ ਕਿਹਾ ਕਿ ਸਰਕਾਰ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਨੂੰ ਤੋੜਨ ਲਈ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਇਸ ਦੇ ਨਾਲ ਹੀ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।