- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
70 ਪਾਬੰਦੀਸ਼ੁਦਾ ਗੋਲੀਆਂ ਤੇ 24 ਬੋਤਲਾਂ ਸ਼ਰਾਬ ਬਰਾਮਦ, ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਥਾਣਾ ਠੁੱਲੀਵਾਲ ਦੀ ਪੁਲਿਸ ਵੱਲੋਂ ਨਸ਼ਿਆਂ ਤੇ ਨਾਜਾਇਜ਼ ਸ਼ਰਾਬ ਵਿਰੁੱਧ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ’ਚ 70 ਨਸ਼ੀਲੀਆਂ ਗੋਲੀਆਂ ਤੇ 24 ਬੋਤਲਾਂ ਦੇਸੀ ਠੇਕਾ ਸ਼ਰਾਬ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਇਨ੍ਹਾਂ ਮਾਮਲਿਆਂ ’ਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਏਐੱਸਆਈ ਜਸਵਿੰਦਰ ਸਿੰਘ ਧਨੌਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐੱਸਐੱਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ, ਪੁਲਿਸ ਸਬ-ਡਿਵੀਜ਼ਨ ਮਹਿਲ ਕਲਾਂ ਦੇ ਡੀਐੱਸਪੀ ਸਤਵਿੰਦਰ ਸਿੰਘ ਵਿਰਕ ਦੀ ਰਹਿਨੁਮਾਈ ਤੇ ਥਾਣਾ ਠੁੱਲੀਵਾਲ ਦੇ ਮੁਖੀ ਅਜੈਬ ਸਿੰਘ ਬਰਨਾਲਾ ਦੀ ਅਗਵਾਈ ਹੇਠ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਵਜੀਦਕੇ ਖੁਰਦ ਤੋਂ ਪਿੰਡ ਹਮੀਦੀ ਨੂੰ ਜਾਂਦੀ ਲਿੰਕ ਸੜਕ ’ਤੇ ਦੋ ਵਿਅਕਤੀ ਨਸ਼ੀਲੀਆਂ ਗੋਲੀਆਂ ਲੈ ਕੇ ਜਾ ਰਹੇ ਹਨ। ਇਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮਾਂ ਦੀ ਪਛਾਣ ਭੁਪਿੰਦਰ ਸਿੰਘ ਤੇ ਤਿਲਕ ਕੁਮਾਰ, ਵਾਸੀ ਬਰਨਾਲਾ, ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸੇ ਤਰ੍ਹਾਂ ਦੂਜੇ ਮਾਮਲੇ ਸਬੰਧੀ ਤਫ਼ਤੀਸ਼ੀ ਅਫ਼ਸਰ ਗੁਰਨਾਮ ਸਿੰਘ ਚੌਹਾਨਕੇ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਵਜੀਦਕੇ ਖੁਰਦ ਵਿਖੇ ਇੱਕ ਵਿਅਕਤੀ ਨੇ ਨਾਜਾਇਜ਼ ਦੇਸੀ ਠੇਕਾ ਸ਼ਰਾਬ ਰੱਖੀ ਹੋਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ 24 ਬੋਤਲਾਂ ਸ਼ਰਾਬ ਬਰਾਮਦ ਕੀਤੀ। ਇਸ ਮਾਮਲੇ ’ਚ ਅਮਨ ਸਿੰਘ, ਵਾਸੀ ਵਜੀਦਕੇ, ਖ਼ਿਲਾਫ਼ ਥਾਣਾ ਠੁੱਲੀਵਾਲ ਵਿਖੇ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਇਸ ਮੌਕੇ ਥਾਣਾ ਠੁੱਲੀਵਾਲ ਦੇ ਮੁਖੀ ਅਜੈਬ ਸਿੰਘ ਬਰਨਾਲਾ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮੁਨਸੀ ਸੁਖਅਕਾਸਦੀਪ ਸਿੰਘ, ਦੀਪ ਸਿੰਘ ਧਨੌਲਾ ਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।