- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਤੇ ਉਨ੍ਹਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਝੋਨੇ ਦੀ ਫ਼ਸਲ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ’ਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਚੱਲ ਰਹੇ ਖਰੀਫ਼ ਮੰਡੀਕਰਨ ਸੀਜ਼ਨ ਦੌਰਾਨ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ ਤੇ ਫ਼ਸਲ ’ਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਹੋਣ ਨਾਲ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ’ਚ ਮਦਦ ਮਿਲੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਦਿਆਂ ਆਪਣੀ ਫ਼ਸਲ ਮੰਡੀਆਂ ’ਚ ਲਿਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ’ਚ ਕੁੱਲ 36713 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ, ਜਿਸ ’ਚੋਂ ਹੁਣ ਤੱਕ ਕੁੱਲ 28986 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ। ਜਿਸ ’ਚੋਂ 54 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵਲੋਂ 13830 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 6110 ਮੀਟ੍ਰਿਕ ਟਨ, ਪਨਸਪ ਵਲੋਂ 5721 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 3295 ਮੀਟ੍ਰਿਕ ਟਨ ਤੇ ਟਰੇਡਰਜ਼ ਵੱਲੋਂ 30 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫਸਲ ਦੀ ਲਿਫਟਿੰਗ ਵੀ ਨਾਲੋ-ਨਾਲ ਚੱਲ ਰਹੀ ਹੈ ਜਿਸ ਦੇ ਚਲਦਿਆਂ ਪਨਗ੍ਰੇਨ ਵਲੋਂ 5842 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1904 ਮੀਟ੍ਰਿਕ ਟਨ, ਪਨਸਪ ਵੱਲੋਂ 2827 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ 1133 ਮੀਟ੍ਰਿਕ ਟਨ ਅਤੇ ਟ੍ਰੇਡ ਰਜ਼ ਵਲੋਂ 30 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।