- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਰੱਦ ਕਰਨ ਸਮੇਤ ਚੋਣ ਸੁਧਾਰਾਂ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਨੇ

-ਕਿਸਾਨਾਂ ਨੇ ਐੱਸਡੀਐੱਮ ਬੇਅੰਤ ਸਿੰਘ ਮਹਿਲ ਕਲਾਂ ਨੂੰ ਸੌਂਪਿਆ ਮੰਗ ਪੱਤਰ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਡੀਸੀ ਦਫ਼ਤਰ ਬਰਨਾਲਾ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਲੋਕਤੰਤਰ ਅਤੇ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਐੱਸਡੀਐੱਮ ਬੇਅੰਤ ਸਿੰਘ ਮਹਿਲ ਕਲਾਂ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ ਤੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਤੇ ਹੋਰ ਵਰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ’ਚ ਲੋਕਤੰਤਰ ਦੀ ਮਜ਼ਬੂਤੀ ਅਤੇ ਸਾਰੇ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਲਈ ਕਿਸਾਨਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐੱਸਆਈਆਰ) ਨੂੰ ਤੁਰੰਤ ਰੱਦ ਕਰਨ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਵੋਟਰ ਸੂਚੀਆਂ ’ਚੋਂ ਕਥਿਤ ਤੌਰ ’ਤੇ ਹਟਾਏ ਗਏ 13.41 ਕਰੋੜ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਬਹਾਲ ਕੀਤੇ ਜਾਣ ਤੇ ਇਸ ਪ੍ਰਕਿਰਿਆ ’ਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ 2023 ਦੇ ਕਾਨੂੰਨ ਵਿੱਚ ਸੋਧ ਕਰਨ ਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਬਣੇ ਪੈਨਲ ’ਚ ਪ੍ਰਧਾਨ ਮੰਤਰੀ ਵੱਲੋਂ ਨਾਮਜ਼ਦ ਕੈਬਨਿਟ ਮੰਤਰੀ ਦੀ ਥਾਂ ਭਾਰਤ ਦੇ ਚੀਫ਼ ਜਸਟਿਸ ਨੂੰ ਸ਼ਾਮਲ ਕਰਨ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਅਨੁਪਾਤਕ ਪ੍ਰਤੀਨਿਧਤਾ ਪ੍ਰਣਾਲੀ ਲਾਗੂ ਕਰਨ, ਚੋਣਾਂ ’ਚ ਪੈਸੇ ਤੇ ਬਾਹੂਬਲ ਦੀ ਵਰਤੋਂ ਰੋਕਣ ਅਤੇ ਚੋਣਾਂ ਲਈ ਸਰਕਾਰੀ ਫੰਡਿੰਗ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕੀਤੀ ਗਈ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਮੁੱਖ ਚੋਣ ਕਮਿਸ਼ਨਰ ਨੂੰ ਬਚਾ ਰਹੀ ਹੈ ਤੇ ਚੋਣ ਪ੍ਰਕਿਰਿਆ ’ਚ ਸੱਤਾਧਾਰੀ ਭਾਜਪਾ ਨੂੰ ਲਾਭ ਪਹੁੰਚਾਉਣ ਲਈ ਵੋਟਰ ਸੂਚੀਆਂ ਵਿੱਚੋਂ ਅਸਲ ਨਾਗਰਿਕਾਂ ਦੇ ਨਾਮ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਨਿਯਮਾਂ ਵਿੱਚ ਰਸਮੀ ਤਬਦੀਲੀਆਂ ਕਰਨ ਦਾ ਅਧਿਕਾਰ ਸੰਸਦ ਕੋਲ ਹੈ।
ਕਿਸਾਨ ਆਗੂਆਂ ਨੇ ਐੱਸਆਈਆਰ ਮੁੱਦੇ ’ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਨੌਜਵਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ, ਵਿਦਿਆਰਥਣਾਂ ਤੇ ਪੱਤਰਕਾਰਾਂ ਨਾਲ ਕਥਿਤ ਦੁਰਵਿਹਾਰ ਦੀ ਨਿੰਦਾ ਕੀਤੀ। ਉਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ, ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਵਰਦੀਧਾਰੀ ਅਧਿਕਾਰੀਆਂ ਸਮੇਤ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਾ ਨਾਗਰਿਕਾਂ ਦਾ ਮੌਲਿਕ ਅਧਿਕਾਰ ਹੈ ਅਤੇ ਕਿਸੇ ਨੂੰ ਵੀ ਇਸ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ। ਆਗੂਆਂ ਨੇ ਪੁਲਿਸ ਵੱਲੋਂ ਸਿਆਸੀ ਅਤੇ ਸਮਾਜਿਕ ਕਾਰਕੁਨਾਂ ਨੂੰ ਕਥਿਤ ਤੌਰ ’ਤੇ ਘਰਾਂ ਵਿੱਚ ਨਜ਼ਰਬੰਦ ਕਰਨ ਦੀ ਵੀ ਨਿੰਦਾ ਕੀਤੀ ਅਤੇ ਨਾਗਰਿਕਾਂ ਦੀ ਨਿੱਜਤਾ ਤੇ ਜਮਹੂਰੀ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਖਜ਼ਾਨਚੀ ਭਗਤ ਸਿੰਘ, ਕ੍ਰਿਸ਼ਨ ਸਿੰਘ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਜਰਨੈਲ ਸਿੰਘ ਜਵੰਦਾ, ਬਲਾਕ ਪ੍ਰਧਾਨ ਗੁਰਚਰਨ ਸਿੰਘ ਭਦੌੜ, ਹਰੀ ਸਿੰਘ ਭਗਤਪੁਰਾ, ਮਲਕੀਤ ਸਿੰਘ ਹੇੜੀਕੇ, ਬੂਟਾ ਸਿੰਘ ਗੰਡੇਵਾਲ, ਰਾਮ ਸਿੰਘ ਸੰਘੇੜਾ, ਕੁਲਜੀਤ ਸਿੰਘ ਵਜੀਦਕੇ, ਕਮਲਜੀਤ ਕੌਰ ਬਰਨਾਲਾ, ਬਿੰਦਰ ਪਾਲ ਕੌਰ ਭਦੌੜ, ਅਮਰਜੀਤ ਕੌਰ ਬਡਬਡ, ਮਨਜੀਤ ਕੌਰ ਕਾਨੇ ਕੇ ਅਤੇ ਨਵਦੀਪ ਕੌਰ ਪੰਜਗਰਾਈਂ, ਲਖਵੀਰ ਕੌਰ ਧਨੌਲਾ ਸਮੇਤ ਹੋਰ ਆਗੂ ਹਾਜ਼ਰ ਸਨ।