ਬੀਕੇਯੂ ਏਕਤਾ ਡਕੌਂਦਾ ਤੇ ਕਿਸਾਨ ਸੰਗਠਨਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਬੀਕੇਯੂ ਏਕਤਾ ਡਕੌਂਦਾ ਤੇ ਕਿਸਾਨ ਸੰਗਠਨਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ
Publish Date: Fri, 23 Oct 2026 05:00 PM (IST)
Updated Date: Fri, 23 Oct 2026 05:01 PM (IST)
ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੇ ਕਿਸਾਨ ਸੰਗਠਨਾਂ ਵੱਲੋਂ ਕਿਸਾਨੀ ਮੰਗਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ। ਧਰਨੇ ’ਚ ਸ਼ਾਮਲ ਕਿਸਾਨ ਆਗੂਆਂ ਨੇ ਸਰਕਾਰਾਂ ਦੀਆਂ ਨੀਤੀਆਂ ’ਤੇ ਸਵਾਲ ਚੁੱਕਦਿਆਂ ਕਿਸਾਨਾਂ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨ ਆਗੂ ਦਰਸ਼ਨ ਸਿੰਘ ਉਗੋਕੇ ਆਦਿ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ’ਤੇ ਆਪਣਾ ਕਬਜ਼ਾ ਜਮਾਉਣਾ ਚਾਹੁੰਦੀ ਹੈ ਤੇ ਇਸ ਮਕਸਦ ਲਈ ਵੱਖ-ਵੱਖ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਪੰਜਾਬ ਦੇ ਹਿੱਤਾਂ ਦੇ ਅਨੁਕੂਲ ਨਹੀਂ ਹਨ ਤੇ ਸੂਬੇ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਲੋਕ ਦੋ ਕੇਂਦਰੀ ਜਾਂਚ ਏਜੰਸੀਆਂ ਤੇ ਸੀਬੀਆਈ ਨੂੰ ਨਿਰਪੱਖ ਮੰਨਦੇ ਸਨ, ਪਰ ਹੁਣ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਏਜੰਸੀਆਂ ਭਾਜਪਾ ਦੇ ਹਿੱਤਾਂ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਕਾਰਨ ਲੋਕਾਂ ਦਾ ਇਨ੍ਹਾਂ ਸੰਸਥਾਵਾਂ ਤੋਂ ਵਿਸ਼ਵਾਸ ਘੱਟ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪੰਜਾਬ ਨੂੰ ਆਪਣੇ ਸਿਆਸੀ ਏਜੰਡੇ ਅਨੁਸਾਰ ਚਲਾਉਣਾ ਚਾਹੁੰਦੀ ਹੈ, ਜਦਕਿ ਪੰਜਾਬ ਦੇ ਲੋਕ ਆਪਣੇ ਹੱਕਾਂ, ਸੂਬੇ ਦੀ ਖ਼ੁਦਮੁਖ਼ਤਿਆਰੀ ਤੇ ਕਿਸਾਨੀ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਕਿਸਾਨ ਜਥੇਬੰਦੀ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।