ਤਪਾ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਤਪਾ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ
Publish Date: Sat, 24 Oct 2026 04:41 PM (IST)
Updated Date: Sat, 24 Oct 2026 04:43 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਤਪਾ ਪੁਲਿਸ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਤੇ ਸ਼ੱਕੀ ਤੇ ਗੈਰ-ਸਮਾਜਿਕ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਕਾਸੋ ਆਪ੍ਰੇਸ਼ਨ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਤਪਾ ਪੁਲਿਸ ਦੀਆਂ ਟੀਮਾਂ ਨੇ ਵੱਖ-ਵੱਖ ਇਲਾਕਿਆਂ ’ਚ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਆਉਣ-ਜਾਣ ਵਾਲੇ ਲੋਕਾਂ ਤੇ ਵਾਹਨਾਂ ਦੀ ਵੀ ਜਾਂਚ ਕੀਤੀ। ਇਹ ਮੁਹਿੰਮ ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ। ਇਸ ਦੌਰਾਨ ਡੀਐੱਸਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਥਾਣਾ ਤਪਾ ਦੇ ਐੱਸਐੱਚਓ ਅਮਰੀਕ ਸਿੰਘ ਗਰੇਵਾਲ ਤੇ ਚੌਂਕੀ ਇੰਚਾਰਜ ਕੁਲਵੰਤ ਸਿੰਘ ਸਮੇਤ ਪੁਲਿਸ ਮੁਲਾਜ਼ਮਾਂ ਨੇ ਪਹੁੰਚਕੇ ਘਰ-ਘਰ ਚੈਕਿੰਗ ਕੀਤੀ ਗਈ। ਪੁਲਿਸ ਟੀਮਾਂ ਵੱਲੋਂ ਬਾਬਾ ਮੱਠ ਇਲਾਕਾ,ਦਰਾਜ ਫਾਟਕ, ਤਾਜੋਕੇ, ਢਿਲਵਾਂ ਦੇ ਆਲੇ-ਦੁਆਲੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਇਲਾਕੇ ’ਚ ਆਉਣ-ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤੇ ਸ਼ੱਕੀ ਹਾਲਾਤਾਂ ’ਚ ਘੁੰਮ ਰਹੇ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਚੈਕਿੰਗ ਮੁਹਿੰਮ ਦੌਰਾਨ ਪੁਲਿਸ ਵੱਲੋਂ ਕੁਝ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਹਿਰਾਸਤ ’ਚ ਲਏ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ, ਇਨ੍ਹਾਂ ਵਿਅਕਤੀਆਂ ਦੀ ਗਿਣਤੀ ਤੇ ਉਨ੍ਹਾਂ ਵਿਰੁੱਧ ਕੀਤੀ ਗਈ ਕਾਨੂੰਨੀ ਕਾਰਵਾਈ ਸਬੰਧੀ ਅਧਿਕਾਰਤ ਜਾਣਕਾਰੀ ਦੀ ਪੁਸ਼ਟੀ ਹੋਣੀ ਬਾਕੀ ਹੈ। ਪੁਲਿਸ ਦੀ ਇਸ ਮੁਹਿੰਮ ਦਾ ਮੁੱਖ ਉਦੇਸ਼ ਇਲਾਕੇ ’ਚ ਅਪਰਾਧਿਕ ਗਤੀਵਿਧੀਆਂ ਨੂੰ ਰੋਕਣਾ, ਸ਼ੱਕੀ ਅਨਸਰਾਂ ’ਤੇ ਨਜ਼ਰ ਰੱਖਣਾ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸੀ। ਪੁਲਿਸ ਵੱਲੋਂ ਅਜਿਹੀਆਂ ਮੁਹਿੰਮਾਂ ਰਾਹੀਂ ਇਲਾਕੇ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ। ਇਸ ਮੌਕੇ ਸਬ-ਇੰਸਪੈਕਟਰ ਰਣਜੀਤ ਸਿੰਘ, ਏਐਸਆਈ ਅਮਨਦੀਪ ਸਿੰਘ, ਸਤਿਗੁਰ ਸਿੰਘ, ਦਵਿੰਦਰ ਸਿੰਘ ਆਦਿ ਵੱਡੀ ਗਿਣਤੀ ਪੁਰਸ਼ ਤੇ ਮਹਿਲਾ ਪੁਲਸ ਮੁਲਾਜਮ ਹਾਜਰ ਸਨ।