756ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ 756ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Publish Date: Mon, 26 Oct 2026 04:05 PM (IST)
Updated Date: Mon, 26 Oct 2026 04:07 PM (IST)
:: ਮਹਾਨ ਕੀਰਤਨ ਦਰਬਾਰ, ਕਥਾ-ਵਿਚਾਰ ਤੇ ਕਵੀਸ਼ਰੀ ਦੀਵਾਨ ਸਜਾਏ, ਗੁਰੂ ਕਾ ਲੰਗਰ ਅਤੁੱਟ ਵਰਤਿਆ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬ੍ਰਹਮ ਗਿਆਨੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਸਥਾਨਕ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਕੀਰਤਨ, ਕਥਾ-ਵਿਚਾਰ ਤੇ ਕਵੀਸ਼ਰੀ ਦੇ ਦੀਵਾਨ ਸਜਾਏ ਗਏ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਰਨੈਲ ਸਿੰਘ ਜੱਸਲ ਤੇ ਪ੍ਰੈੱਸ ਸਕੱਤਰ ਗੁਰਜੰਟ ਸਿੰਘ ਸੋਨਾ ਨੇ ਦੱਸਿਆ ਕਿ ਸੋਮਵਾਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ’ਚ ਵੱਖ-ਵੱਖ ਰਾਗੀ ਜਥਿਆਂ, ਕਥਾਵਾਚਕਾਂ ਅਤੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਬਾਬਾ ਨਾਮਦੇਵ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ, ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਦੇ ਭਾਈ ਜਸਕੀਰਤ ਸਿੰਘ, ਗੁਰਦੁਆਰਾ ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਭਾਈ ਹਰਵਿੰਦਰ ਸਿੰਘ, ਕਥਾਵਾਚਕ ਭਾਈ ਕੁਲਵੰਤ ਸਿੰਘ ਤੇ ਬੀਬੀ ਚਮਨਪ੍ਰੀਤ ਕੌਰ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਜਥੇ. ਪਰਮਜੀਤ ਸਿੰਘ ਖਾਲਸਾ ਨੇ ਸੰਗਤਾਂ ਨੂੰ ਭਗਤ ਨਾਮਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ ਤੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਤੋਂ ਪਹਿਲਾਂ 25 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਮਹਾਨ ਕੀਰਤਨ ਦਰਬਾਰ, ਕਥਾ-ਵਿਚਾਰ ਤੇ ਕਵੀਸ਼ਰੀ ਦਰਬਾਰ ਕਰਵਾਇਆ ਗਿਆ। ਇਸ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਥਾਵਾਚਕ ਭਾਈ ਗੁਰਜੰਟ ਸਿੰਘ, ਸ੍ਰੀ ਫਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਅਤੇ ਭਾਈ ਗੁਰਦੀਪ ਸਿੰਘ ਨੇ ਗੁਰਬਾਣੀ ਕੀਰਤਨ ਤੇ ਕਥਾ-ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਹੁਸਨਪ੍ਰੀਤ ਸਿੰਘ ਮੇਹਰ, ਰਾਮਤੀਰਥ ਮੰਨਾ, ਯਾਦਵਿੰਦਰ ਸਿੰਘ ਦੀਵਾਨਾ, ਜਥੇਦਾਰ ਜਰਨੈਲ ਸਿੰਘ ਭੋਤਨਾ, ਕੁਲਵੰਤ ਸਿੰਘ ਰਾਜੀ, ਕਲਵਿੰਦਰ ਸਿੰਘ ਕਾਲਾ, ਕੇਵਲ ਸਿੰਘ ਵੀਨਸ, ਮੱਖਣ ਸ਼ਰਮਾ, ਰਾਜਦੇਵ ਸਿੰਘ ਖਾਲਸਾ, ਗੁਰਜਿੰਦਰ ਸਿੰਘ ਸਿੱਧੂ, ਅਰਜਨ ਸਿੰਘ ਬਿੱਟੂ, ਬੇਅੰਤ ਸਿੰਘ ਬਾਠ, ਯਾਦਵਿੰਦਰ ਸਿੰਘ ਟੋਨੀ, ਰਾਜਿੰਦਰ ਸਿੰਘ ਬਾਬਰ, ਕਰਮ ਸਿੰਘ ਭੰਡਾਰੀ, ਭੁਪਿੰਦਰ ਸਿੰਘ ਬੇਦੀ, ਪਰਮਜੀਤ ਸਿੰਘ ਪੱਪੂ, ਜਗਸੀਰ ਸਿੰਘ, ਡਾ. ਅਮਨਦੀਪ ਸਿੰਘ ਟੱਲੇਵਾਲੀਆ, ਸੁਖਦੇਵ ਸਿੰਘ ਸਾਗੂ, ਬੇਅੰਤ ਸਿੰਘ ਧਾਲੀਵਾਲ, ਪਿਆਰਾ ਰਾਏਸਰੀਆ, ਰੁਪਿੰਦਰ ਸਿੰਘ ਸੰਧੂ, ਰਘਵੀਰ ਗਰਗ, ਪਰਮਿੰਦਰ ਸਿੰਘ ਵੈਲਕਮ ਟੇਲਰ, ਜਗਰਾਜ ਸਿੰਘ ਐੱਮ.ਸੀ. ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।