- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇਕਰ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਹੈ ਤਾਂ ‘ਆਪ’ ਸਰਕਾਰ ਨੂੰ ਚੱਲਦਾ ਕਰਨਾ ਪਵੇਗਾ : ਗੁਰਦੀਪ ਬਾਠ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਪੰਜਾਬ ਦੀ ਜਵਾਨੀ ਨੂੰ ਬਚਾਉਣ ਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨਾ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੀਪ ਸਿੰਘ ਬਾਠ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਅੱਜ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੀ ਹੈ। ਨਸ਼ਿਆਂ ਦਾ ਵਧਦਾ ਪ੍ਰਭਾਵ, ਬੇਰੁਜ਼ਗਾਰੀ ਤੇ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਪਲਾਇਨ ਸੂਬੇ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਗੁਰਦੀਪ ਬਾਠ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਲੋਕਾਂ ਨੂੰ ਉਮੀਦ ਸੀ ਕਿ ਸੂਬੇ ’ਚ ਨਸ਼ਿਆਂ ਦਾ ਖ਼ਾਤਮਾ ਹੋਵੇਗਾ, ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਤੇ ਪੰਜਾਬ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ। ਪਰ ਅੱਜ ਵੀ ਕਈ ਪਰਿਵਾਰ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਤੇ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।
ਉਨ੍ਹਾ ਕਿਹਾ ਕਿ ਨਸ਼ਿਆਂ ਦੇ ਵਿਰੋਧ ਕਰਨ ਵਾਲੇ ਨੌਜਵਾਨ ਪਰਵਿੰਦਰ ਝੋਟਾ ਦਾ ਕਤਲ ਸਰਕਾਰ ਦੀ ਨਾਕਾਮੀ ਸਾਬਤ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਦੇਸ਼ ਅਤੇ ਸੂਬੇ ਦੀ ਤਰੱਕੀ ਦਾ ਅਹਿਮ ਆਧਾਰ ਹੈ। ਜੇਕਰ ਨੌਜਵਾਨ ਹੀ ਨਸ਼ਿਆਂ ਤੇ ਬੇਰੁਜ਼ਗਾਰੀ ਦੀ ਮਾਰ ਹੇਠ ਆ ਜਾਣਗੇ ਤਾਂ ਪੰਜਾਬ ਦੀ ਤਰੱਕੀ ਕਿਵੇਂ ਸੰਭਵ ਹੋਵੇਗੀ? ਸਰਕਾਰ ਨੂੰ ਨੌਜਵਾਨਾਂ ਨੂੰ ਸਿਰਫ਼ ਵਾਅਦਿਆਂ ਨਾਲ ਨਹੀਂ ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਵਿਸ਼ਵਾਸ ਦਿਵਾਉਣਾ ਚਾਹੀਦਾ ਹੈ। ਗੁਰਦੀਪ ਬਾਠ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਭਵਿੱਖ ਬਾਰੇ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ, ਨਸ਼ਿਆਂ ਨੂੰ ਠੱਲ੍ਹ ਪਾਉਣ ਤੇ ਸੂਬੇ ਨੂੰ ਵਿਕਾਸ ਦੇ ਰਾਹ ’ਤੇ ਲਿਆਉਣ ਲਈ ਮੌਜੂਦਾ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਕਜੁੱਟ ਹੋਣ ਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਆਪਣੀ ਆਵਾਜ਼ ਬੁਲੰਦ ਕਰਨ ਤੇ ਇਸ ਸਰਕਾਰ ਨੂੰ ਚਲਦਾ ਕਰਨ।