ਭਦੌੜ ’ਚ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਬੰਨ੍ਹਿਆ ਸਮਾਂ, ਗੁਰੂ ਜੀ ਦੇ ਜੀਵਨ, ਬਾਣੀ ਤੇ ਫਲਸਫੇ ਨੂੰ ਦਰਸਾਉਂਦੇ ਦ੍ਰਿਸ਼ ਬਣੇ ਖਿੱਚ ਦਾ ਕੇਂਦਰ ਭਦੌੜ ’ਚ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਬੰਨ੍ਹਿਆ ਸਮਾਂ, ਗੁਰੂ ਜੀ ਦੇ ਜੀਵਨ, ਬਾਣੀ ਤੇ ਫਲਸਫੇ ਨੂੰ ਦਰਸਾਉਂਦੇ
Publish Date: Tue, 27 Oct 2026 05:46 PM (IST)
Updated Date: Tue, 27 Oct 2026 05:49 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ’ਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਪਬਲਿਕ ਸਟੇਡੀਅਮ ਭਦੌੜ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਦੇ ਅਸਮਾਨ ’ਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਤੇ ਮਹਾਨ ਫਲਸਫੇ ਨੂੰ ਦਰਸਾਉਂਦੇ ਦ੍ਰਿਸ਼ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਹਾਜ਼ਰ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ। ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਤੇ ਸਾਂਝੀਵਾਲਤਾ ਦਾ ਮਾਰਗ ਦਰਸਾਉਂਦੀਆਂ ਹਨ। ਗੁਰੂ ਜੀ ਨੇ ਜਾਤ-ਪਾਤ, ਊਚ-ਨੀਚ ਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਇਹ ਸੰਦੇਸ਼ ਦਿੱਤਾ ਕਿ ਮਨੁੱਖ ਦੀ ਮਹਾਨਤਾ ਉਸ ਦੇ ਜਨਮ ਜਾਂ ਕੁਲ ’ਚ ਨਹੀਂ, ਸਗੋਂ ਉਸਦੇ ਚੰਗੇ ਕਰਮਾਂ, ਉੱਚੇ ਆਚਰਣ ਤੇ ਮਾਨਵਤਾ ਪ੍ਰਤੀ ਸਮਰਪਣ ’ਚ ਹੈ। ਇਸ ਮੌਕੇ ਵਿਧਾਇਕ ਉੱਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ’ਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸ ਮੌਕੇ ਢਾਡੀ ਸੁਰਿੰਦਰ ਸਿੰਘ ਪਾਰਸ ਦੇ ਜੱਥੇ ਨੇ ਇਤਿਹਾਸ ਤੇ ਢਾਡੀ ਵਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਐੱਸਡੀਐੱਮ ਤਪਾ ਆਯੂਸ਼ ਗੋਇਲ ਆਈਏਐੱਸ, ਚੇਅਰਮੈਨ ਤਰਸੇਮ ਸਿੰਘ ਕਾਹੇਨੇਕੇ, ਚੇਅਰਮੈਨ ਅੰਮ੍ਰਿਤ ਢਿੱਲਵਾਂ, ਨਗਰ ਕੌਂਸਲ ਪ੍ਰਧਾਨ ਜਗਦੀਪ ਸਿੰਘ ਜੱਗੀ, ਵੱਖ-ਵੱਖ ਕੌਂਸਲਰ ਤੇ ਪੰਚ ਸਰਪੰਚਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਵਾਸੀ ਮੌਜੂਦ ਸਨ।