- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਗਣਨਾ-2027 ਦਾ ਦੂਜਾ ਪੜਾਅ 16 ਨਵੰਬਰ ਤੋਂ ਸ਼ੁਰੂ ਹੋਵੇਗਾ: ਵਿਵੇਕ ਮੋਦੀ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ :ਜ਼ਿਲ੍ਹਾ ਬਰਨਾਲਾ ’ਚ ਡਿਪਟੀ ਕਮਿਸ਼ਨਰ ਕਮ ਪ੍ਰਮੁੱਖ ਜਨਗਣਨਾ ਅਫ਼ਸਰ ਹਰਪ੍ਰੀਤ ਸਿੰਘ ਆਈਏਐੱਸ ਦੀ ਅਗਵਾਈ ਹੇਠ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਦੀ ਗਣਨਾ) ਦੀਆਂ ਤਿਆਰੀਆਂ ਜ਼ੋਰਾਂ ਉੱਤੇ ਹਨ। ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਕਮ ਜ਼ਿਲ੍ਹਾ ਸੈਂਸਜ਼ ਅਫ਼ਸਰ ਵਿਵੇਕ ਕੁਮਾਰ ਮੋਦੀ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਚਾਰਜ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਚਾਰਜ ਅਫ਼ਸਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਨਗਣਨਾ ਦਾ ਦੂਜਾ ਪੜਾਅ ਬਹੁਤ ਅਹਿਮ ਹੈ, ਇਸ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 1 ਦਸੰਬਰ ਤੋਂ ਘਰ-ਘਰ ਆਉਣ ਵਾਲੇ ਅਧਿਕਾਰਤ ਗਿਣਤੀਕਾਰ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤੇ ਪੁੱਛੇ ਗਏ ਸਵਾਲਾਂ ਦੇ ਸਹੀ ਅਤੇ ਸਪੱਸ਼ਟ ਜਵਾਬ ਦਿੱਤੇ ਜਾਣ। ਉਨ੍ਹਾਂ ਪੰਚਾਇਤਾਂ, ਸਥਾਨਕ ਸੰਸਥਾਵਾਂ, ਸਮਾਜ ਸੇਵੀ ਜਥੇਬੰਦੀਆਂ ਅਤੇ ਜਾਗਰੂਕ ਨਾਗਰਿਕਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਜਨਗਣਨਾ ਦੀ ਮਹੱਤਤਾ ਤੇ ਨਿਰਧਾਰਿਤ ਮਿਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ।
‘ਸਾਡੀ ਜਨਗਣਨਾ, ਸਾਡਾ ਵਿਕਾਸ’ ਦਾ ਸੁਨੇਹਾ ਦਿੰਦਿਆਂ ਉਨ੍ਹਾਂ ਕਿਹਾ ਕਿ ਜਨਗਣਨਾ ਨੂੰ ਸਫ਼ਲ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਤੇ ਹਰੇਕ ਨਾਗਰਿਕ ਸਹੀ ਜਾਣਕਾਰੀ ਦੇ ਕੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਦੀ ਵਿਉਂਤਬੰਦੀ ’ਚ ਆਪਣਾ ਯੋਗਦਾਨ ਪਾਵੇ।ਇਸ ਮੌਕੇ ਤਹਿਸੀਲਦਾਰ ਬਰਨਾਲਾ ਕੁਲਦੀਪ ਸਿੰਘ, ਕਾਰਜਸਾਧਕ ਅਫ਼ਸਰ ਹਰਪ੍ਰੀਤ ਸਿੰਘ, ਜ਼ਿਲ੍ਹਾ ਕੋਆਰਡੀਨੇਟਰ (ਜਨਗਨਣਾ) ਲਵਦੀਪ ਸਿੰਘ, ਜਨਗਨਣਾ ਸੈੱਲ ਇੰਚਾਰਜ ਹਰਜੀਤ ਸਿੰਘ ਸਮੇਤ ਸਮੂਹ ਚਾਰਜ ਅਫ਼ਸਰ ਅਤੇ ਸਟਾਫ਼ ਮੌਜੂਦ ਸੀ।