ਪਰਾਲੀ ਪ੍ਰਬੰਧਨ: ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡਾਂ ਦਾ ਦੌਰਾ ਪਰਾਲੀ ਪ੍ਰਬੰਧਨ: ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ
Publish Date: Tue, 03 Nov 2026 05:06 PM (IST)
Updated Date: Tue, 03 Nov 2026 05:08 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਪ੍ਰਸਾਸ਼ਨ ਵਲੋਂ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਅਤੇ ਪਰਾਲੀ ਦੇ ਡੰਪਾਂ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਡਾ. ਸੁਖਪਾਲ ਸਿੰਘ ਨੇ ਪਿੰਡ ਵਜੀਦਕੇ ਕਲਾਂ ਦੇ ਅਗਾਂਹਵਧੂ ਕਿਸਾਨ ਸੁਰਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਦੇ ਖੇਤ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਕਿਸਾਨ ਸੁਰਿੰਦਰ ਸਿੰਘ ਵੱਲੋਂ ਵਾਤਾਵਰਣ ਪੱਖੀ ਪਹਿਲਕਦਮੀ ਕਰਦਿਆਂ ਆਪਣੀ 12 ਏਕੜ ਜ਼ਮੀਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸਟਰਾਅ ਰੀਪਰ ਦੀ ਮਦਦ ਨਾਲ ਪਰਾਲੀ ਦੀ ਤੂੜੀ ਬਣਾਈ ਗਈ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਤਹਿਤ ਪਿੰਡ ਨਿਹਾਲੂਵਾਲ ਵਿਖੇ ਕਿਸਾਨ ਕਿੱਕਰ ਸਿੰਘ ਦੇ 11 ਏਕੜ ਖੇਤ ਵਿੱਚ ਪਰਮਵੀਰ ਸਿੰਘ ਵੱਲੋਂ ਇਕੱਠੀ ਕੀਤੀ ਜਾ ਰਹੀ ਪਰਾਲੀ ਦੇ ਡੰਪ ਦਾ ਦੌਰਾ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਉੱਥੇ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੁਖਪਾਲ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਜਾਂ ਫਿਰ ਬੇਲਰ ਅਤੇ ਸਟਰਾਅ ਰੀਪਰ ਆਦਿ ਸੰਦਾਂ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਿੱਚ ਆਪਣਾ ਯੋਗਦਾਨ ਪਾਉਣ।