- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਚੱਲਣਗੇ 24-24 ਘੰਟਿਆਂ ਦੇ ਧਰਨੇ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਤੇ ਦਿਹਾਤੀ ਮੰਡਲ ਬਰਨਾਲਾ ਦੀਆਂ ਮੰਡਲ ਕਮੇਟੀਆਂ ਦੀ ਮੀਟਿੰਗ ਮੁੱਖ ਦਫ਼ਤਰ ਧਨੌਲਾ ਰੋਡ ਬਰਨਾਲਾ ਵਿਖੇ ਸਾਥੀ ਰੂਪ ਚੰਦ ਤਪਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮਸਲਿਆਂ ਸਮੇਤ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ।
ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾਈ ਆਗੂ ਸਿੰਦਰ ਧੌਲਾ, ਮੋਹਣ ਸਿੰਘ ਛੰਨਾਂ, ਜੱਗਾ ਸਿੰਘ ਧਨੌਲਾ, ਸ਼ਿਕੰਦਰ ਸਿੰਘ ਤਪਾ ਅਤੇ ਨਰਾਇਣ ਦੱਤ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਹਿੰਗਾਈ ਭੱਤੇ ਸਬੰਧੀ ਪਹਿਲਾਂ 8 ਫ਼ੀਸਦੀ ਅਤੇ ਹੁਣ 3 ਫ਼ੀਸਦੀ ਮਹਿੰਗਾਈ ਭੱਤੇ ਦੀ ਅਦਾਇਗੀ ਕਰਨ ਸਬੰਧੀ ਸਪੱਸ਼ਟ ਹੁਕਮ ਜਾਰੀ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 18 ਫ਼ੀਸਦੀ ਮਹਿੰਗਾਈ ਭੱਤਾ ਬਕਾਇਆ ਹੋਣ ਦੇ ਬਾਵਜੂਦ ਸਰਕਾਰ ਨੇ ਸਿਰਫ਼ 11 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਕੀਤਾ ਹੈ। ਇਸ ਵਾਰ ਬਕਾਇਆ ਮਹਿੰਗਾਈ ਭੱਤੇ ਦੀ ਅਦਾਇਗੀ ਕਿਸ ਮਿਤੀ ਤੋਂ ਕੀਤੀ ਜਾਵੇਗੀ, ਇਸ ਬਾਰੇ ਵੀ ਸਪੱਸ਼ਟ ਨਹੀਂ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਮਹਿੰਗਾਈ ਭੱਤਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੋਈ ਖੈਰਾਤ ਨਹੀਂ, ਸਗੋਂ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਉਨ੍ਹਾਂ ਦਾ ਬੁਨਿਆਦੀ ਹੱਕ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਨੂੰ ਖੋਹਣ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਸੁਪਰੀਮ ਕੋਰਟ ਵਿੱਚ ਜਾਣਾ ਉਸ ਦੇ ਮੁਲਾਜ਼ਮ ਵਿਰੋਧੀ ਰਵੱਈਏ ਨੂੰ ਦਰਸਾਉਂਦਾ ਹੈ।
ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ 18 ਫ਼ੀਸਦੀ ਡੀਏ ਦੀ ਅਦਾਇਗੀ, 1-1-2016 ਤੋਂ ਪੈਨਸ਼ਨ 2.59 ਦੇ ਫੈਕਟਰ ਨਾਲ ਲਾਗੂ ਕਰਵਾਉਣਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, 15-01-2015 ਅਤੇ 17-07-2020 ਵਾਲੇ ਮੁਲਾਜ਼ਮ ਵਿਰੋਧੀ ਪੱਤਰ ਵਾਪਸ ਕਰਵਾਉਣਾ ਅਤੇ ਮੈਡੀਕਲ ਕੈਸ਼ਲੈੱਸ ਸਕੀਮ ਲਾਗੂ ਕਰਵਾਉਣਾ ਸ਼ਾਮਲ ਹਨ।
ਆਗੂਆਂ ਜਗਦੀਸ਼ ਸਿੰਘ ਨਾਈਵਾਲਾ, ਰੁਲਦੂ ਸਿੰਘ ਗੁੰਮਟੀ, ਬਲਵੰਤ ਸਿੰਘ ਬਰਨਾਲਾ, ਸ਼ਿੰਗਾਰਾ ਸਿੰਘ, ਬੂਟਾ ਸਿੰਘ ਛੰਨਾਂ, ਜਗਜੀਤ ਸਿੰਘ ਅਤੇ ਤੀਰਥ ਦਾਸ ਨੇ ਕਿਹਾ ਕਿ ਸਾਂਝੇ ਫਰੰਟ ਵੱਲੋਂ ਉਲੀਕੇ ਸੰਘਰਸ਼ਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ 13 ਤੋਂ 19 ਨਵੰਬਰ ਤੱਕ ਦਿੱਤੇ ਜਾ ਰਹੇ 24-24 ਘੰਟਿਆਂ ਦੇ ਧਰਨਿਆਂ ਦੀ ਲੜੀ ਤਹਿਤ ਬਰਨਾਲਾ ਸਰਕਲ ਦੇ ਸ਼ਹਿਰੀ ਅਤੇ ਦਿਹਾਤੀ ਮੰਡਲਾਂ ਦੇ ਪਾਵਰਕੌਮ ਪੈਨਸ਼ਨਰ 19 ਨਵੰਬਰ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
ਮੀਟਿੰਗ ਦੌਰਾਨ ਬਹਾਦਰ ਸੇਖਾ, ਪ੍ਰਿਤਪਾਲ ਗੌੜ, ਰਾਜਪਤੀ, ਜਗਰਾਜ ਬਾਜਵਾ, ਗੁਰਜੰਟ ਧਨੌਲਾ, ਸੁਖਪਾਲ ਸਿੰਘ ਢਿੱਲਵਾਂ, ਰਾਮ ਪਾਲ ਸਿੰਘ, ਮਲਕੀਤ ਸਿੰਘ ਅਤੇ ਛੱਜੂ ਰਾਮ ਨੇ ਸੰਬੋਧਨ ਕਰਦਿਆਂ ਦੱਸਿਆ ਕਿ 1 ਦਸੰਬਰ ਤੋਂ 5 ਦਸੰਬਰ ਤੱਕ ਸਾਂਝੇ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਪੁਤਲੇ ਫੂਕੇ ਜਾਣਗੇ। ਇਸ ਤੋਂ ਇਲਾਵਾ 13 ਦਸੰਬਰ ਨੂੰ ਅੰਬਾਲਾ ਤੋਂ ਅੰਮ੍ਰਿਤਸਰ ਤੱਕ ਮਨੁੱਖੀ ਲੜੀ ਬਣਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।