- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਨਐਚਐਮ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਰੈਲੀ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਲਾ : ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਸੂਬੇ ਭਰ ਦੇ ਨੈਸ਼ਨਲ ਹੈਲਥ ਮਿਸ਼ਨ (ਐੱਨਐਚਐੱਮ) ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੈਕਟਰ-38 ਚੰਡੀਗੜ੍ਹ ਸਥਿਤ ਐੱਨਐੱਚੱਐਮ ਦੇ ਮੁੱਖ ਦਫ਼ਤਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਪੰਜਾਬ ਭਰ ਤੋਂ ਵੱਡੀ ਗਿਣਤੀ ’ਚ ਪਹੁੰਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਸਰਕਾਰ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਲਗਭਗ 54 ਮੀਟਿੰਗਾਂ ਕਰ ਚੁੱਕੇ ਹਨ। ਇਸ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਨਿਕਲਿਆ। ਧਰਨੇ ਤੋਂ ਬਾਅਦ ਵਿਭਾਗੀ ਅਧਿਕਾਰੀਆਂ ਨੇ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਕੇ 17 ਨਵੰਬਰ ਨੂੰ ਭਲਾਈ ਕਮੇਟੀ ਦੀ ਮੀਟਿੰਗ ਦਾ ਪੱਤਰ ਜਾਰੀ ਕੀਤਾ ਤੇ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ।
ਯੂਨੀਅਨ ਆਗੂ ਡਾ. ਵਾਹਿਦ ਨੇ ਦੱਸਿਆ ਕਿ ਮੁੱਖ ਮੰਗਾਂ ’ਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਐੱਨਐੱਚਐੱਮ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਰੈਗੂਲਰ ਕਰਨਾ, ਬਰਾਬਰ ਕੰਮ ਬਦਲੇ ਬਰਾਬਰ ਤਨਖ਼ਾਹ ਦੇਣਾ, ਤਨਖ਼ਾਹਾਂ ’ਚ ਵਾਧਾ ਕਰਨਾ ਤੇ ਹੋਰ ਸੇਵਾ ਸ਼ਰਤਾਂ ਦਾ ਹੱਲ ਕਰਨਾ ਸ਼ਾਮਲ ਹੈ। ਸੁਨੀਲ ਤਰਗੋਤਰਾ ਨੇ ਕਿਹਾ ਕਿ 17 ਨਵੰਬਰ ਦੀ ਮੀਟਿੰਗ ’ਚ ਮੰਗਾਂ ਦਾ ਲਿਖਤੀ ਤੇ ਪੱਕਾ ਹੱਲ ਕੀਤਾ ਜਾਵੇ। ਸੁਖਜੀਤ ਸਿੰਘ ਨੇ ਚਿਤਾਵਨੀ ਦਿੱਤੀ ਕਿ 17 ਨਵੰਬਰ ਤੱਕ ਮੁਲਾਜ਼ਮ ਪੂਰਨ ਤੌਰ ’ਤੇ ਕੰਮ ਬੰਦ ਰੱਖਣਗੇ ਤੇ ਜ਼ਿਲ੍ਹਾ ਪੱਧਰ ’ਤੇ ਧਰਨੇ ਦੇਣਗੇ। ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ 18 ਨਵੰਬਰ ਤੋਂ ਸਿਹਤ ਮੰਤਰੀ ਦੇ ਹਲਕੇ ਪਟਿਆਲਾ ਵਿਖੇ ਪੱਕਾ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਤੁਰਣਜੀਤ ਸਿੰਘ ਹੁਸ਼ਿਆਰਪੁਰ, ਅਮਨਦੀਪ ਸਿੰਘ ਤੇ ਦਿਨੇਸ਼ ਗਰਗ ਪਟਿਆਲਾ, ਜਸਵੀਰ ਸਿੰਘ ਬਰਨਾਲਾ, ਮਨਦੀਪ ਸਿੰਘ ਤਰਨਤਾਰਨ, ਅਮਰਜੀਤ ਸਿੰਘ ਫਤਿਹਗੜ੍ਹ ਸਾਹਿਬ, ਡਾ. ਸਿਮਰਪਾਲ ਮੋਗਾ, ਰਣਜੀਤ ਕੌਰ ਬਠਿੰਡਾ, ਗੁਰਪ੍ਰੀਤ ਭੁੱਲਰ ਮੁਕਤਸਰ ਸਾਹਿਬ, ਬਗੀਚ, ਨਰਿੰਦਰ ਸਿੰਘ ਫਿਰੋਜ਼ਪੁਰ, ਰਵਿੰਦਰ ਫਾਜ਼ਿਲਕਾ, ਡਾ. ਪੰਖੜੀ ਜਲੰਧਰ, ਅਮਨਦੀਪ ਕੌਰ ਨਵਾਂ ਸ਼ਹਿਰ, ਡਾ. ਸ਼ਿਵਰਾਜ ਲੁਧਿਆਣਾ, ਜਸਬੀਰ ਸਿੰਘ ਮੋਗਾ ਤੇ ਦੀਪਿਕਾ ਸ਼ਰਮਾ ਪਠਾਨਕੋਟ ਸਮੇਤ ਵੱਡੀ ਗਿਣਤੀ ’ਚ ਮੁਲਾਜ਼ਮ ਹਾਜ਼ਰ ਸਨ।