- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਵਾ ਕੇਂਦਰ ਮੁਲਾਜ਼ਮ 22 ਨੂੰ ਕਰਨਗੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੀ ਕੋਰ ਕਮੇਟੀ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਵੱਲੋਂ 14 ਨਵੰਬਰ ਨੂੰ ਪੰਜਾਬ ਦੇ ਸਾਰੇ 92 ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਇਸ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਵਿਭਾਗ ਦੇ ਮੁਖੀ ਅਮਨ ਅਰੋੜਾ ਨਾਲ ਕੋਰ ਕਮੇਟੀ ਦੀ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ ਤੇ ਵਾਈਸ ਪ੍ਰਧਾਨ ਲਵਿੰਦਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਗ ਹੈ ਕਿ ਪ੍ਰਾਈਵੇਟ ਕੰਪਨੀਆਂ ਰਾਹੀਂ ਚਲਾਏ ਜਾ ਰਹੇ ਸੇਵਾ ਕੇਂਦਰਾਂ ਨੂੰ ਕੰਪਨੀਆਂ ਤੋਂ ਮੁਕਤ ਕਰਵਾ ਕੇ ਸਿੱਧੇ ਪੰਜਾਬ ਸਰਕਾਰ ਦੇ ਅਧੀਨ ਲਿਆਂਦਾ ਜਾਵੇ। ਇਸ ਦੇ ਨਾਲ ਹੀ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਦੀਆਂ ਨੌਕਰੀਆਂ ਸੁਰੱਖਿਅਤ ਕਰਦਿਆਂ ਉਨ੍ਹਾਂ ਨੂੰ ਪੱਕਾ ਕਰਨ ਲਈ ਠੋਸ ਨੀਤੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਬਣਦੀਆਂ ਤਨਖਾਹਾਂ ਤੇ ਹੋਰ ਸਹੂਲਤਾਂ ਦਿੱਤੀਆਂ ਜਾਣ ਤੇ ਆਮ ਲੋਕਾਂ ਨੂੰ ਵੀ ਸਰਕਾਰੀ ਸੇਵਾਵਾਂ ਘੱਟ ਫੀਸਾਂ ’ਤੇ ਮੁਹੱਈਆ ਕਰਵਾਈਆਂ ਜਾਣ। ਸੇਵਾ ਕੇਂਦਰਾਂ ਰਾਹੀਂ ਪੰਜਾਬ ਦੇ ਲੱਖਾਂ ਲੋਕ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਲੈ ਰਹੇ ਹਨ। ਇਹ ਪ੍ਰੋਜੈਕਟ ਸਰਕਾਰ ਲਈ ਆਮਦਨ ਦਾ ਸਾਧਨ ਵੀ ਬਣ ਸਕਦਾ ਹੈ। ਇਸ ਲਈ ਸੇਵਾ ਕੇਂਦਰਾਂ ਦਾ ਪ੍ਰਬੰਧ ਸਰਕਾਰ ਦੇ ਹੱਥਾਂ ’ਚ ਹੋਣਾ ਮੁਲਾਜ਼ਮਾਂ ਤੇ ਆਮ ਲੋਕਾਂ ਦੋਵਾਂ ਦੇ ਹਿੱਤ ਵਿੱਚ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 14 ਨਵੰਬਰ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਵੀ ਸਰਕਾਰ ਵੱਲੋਂ ਮੀਟਿੰਗ ਕਰਨ ਤੇ ਮੰਗਾਂ ਦਾ ਹੱਲ ਕਰਨ ਸਬੰਧੀ ਕੋਈ ਹਾਂ-ਪੱਖੀ ਹੁੰਗਾਰਾ ਨਾ ਮਿਲਿਆ ਤਾਂ 22 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਇਸ ਸੰਘਰਸ਼ ’ਚ ਸ਼ਾਮਲ ਹੋਣ ਲਈ ਮੁਲਾਜ਼ਮਾਂ, ਮਜ਼ਦੂਰਾਂ, ਕਿਸਾਨਾਂ, ਅਧਿਆਪਕਾਂ ਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਵੀ ਸੱਦਾ ਦਿੱਤਾ। ਆਗੂਆਂ ਨੇ ਕਿਹਾ ਕਿ ਯੂਨੀਅਨ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਚਾਹੁੰਦੀ ਹੈ, ਪਰ ਸਰਕਾਰ ਵੱਲੋਂ ਮੰਗਾਂ ਨੂੰ ਅਣਗੌਲਿਆ ਕਰਨ ਦੀ ਸੂਰਤ ’ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।