- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਮਿਸ਼ਨਰ ਵੱਲੋਂ ਨਗਰ ਨਿਗਮ ਦੇ ਪ੍ਰੋਜੈਕਟਾਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਬਰਨਾਲਾ ਅਭਿਜੀਤ ਕਪਲਿਸ਼ ਆਈਏਐੱਸ ਵੱਲੋਂ ਨਗਰ ਨਿਗਮ ਬਰਨਾਲਾ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਜਿਵੇਂ ਕਿ ਜਨਰਲ ਸ਼ਾਖਾ, ਵਰਕਸ ਸ਼ਾਖਾ, ਅਕਾਊਂਟਸ ਸ਼ਾਖਾ ਤੇ ਬਿਲਡਿੰਗ ਸ਼ਾਖਾ ਸਮੇਤ ਸਾਫ ਸਫ਼ਾਈ ਦੇ ਕੰਮਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਭਿਜੀਤ ਕਪਲਿਸ਼ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸ਼ਹਿਰ ’ਚ ਚੱਲ ਰਹੇ ਸਮੂਹ ਵਿਕਾਸ ਪ੍ਰੋਜੈਕਟਾਂ ਨੂੰ ਪੂਰੀ ਗੁਣਵੱਤਾ ਤੇ ਤੇਜ਼ੀ ਨਾਲ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਦਾ ਜਲਦ ਤੋਂ ਜਲਦ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੀ ਸਾਫ਼-ਸਫ਼ਾਈ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦੇਣ ਲਈ ਸੈਨੀਟੇਸ਼ਨ ਟੀਮ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਦੇ ਸਾਰੇ ਵਾਰਡਾਂ, ਮੁੱਖ ਬਾਜ਼ਾਰਾਂ ਤੇ ਜਨਤਕ ਥਾਵਾਂ ’ਤੇ ਰੋਜ਼ਾਨਾ ਸਫ਼ਾਈ ਯਕੀਨੀ ਬਣਾਈ ਜਾਵੇ ਤੇ ਕੂੜੇ ਦੀ ਲਿਫਟਿੰਗ ਸਮੇਂ ਸਿਰ ਕੀਤੀ ਜਾਵੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਬਿਲਡਿੰਗ ਸ਼ਾਖਾ ਤੇ ਅਕਾਊਂਟਸ ਸ਼ਾਖਾ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਆਮ ਲੋਕਾਂ ਦੇ ਦਫ਼ਤਰੀ ਕੰਮਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਸਮੂਹ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਮਾਹੌਲ ਤੇ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।