- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਅੰਦਰ ਟਰੈਫਿਕ ਦੀ ਸਮੱਸਿਆ ਬਰਕਰਾਰ, ਲੰਮੇ ਜਾਮਾਂ ਕਾਰਨ ਲੋਕ ਹੋ ਰਹੇ ਨੇ ਪ੍ਰੇਸ਼ਾਨ

ਸਹਵੀਰ ਸਾਬੀ, ਪੰਜਾਬੀ ਜਾਗਰਣ,
ਬਰਨਾਲਾ : ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਸ਼ਹਿਰ ਦੇ ਸਮੁੱਚੇ ਬਾਜ਼ਾਰਾਂ ਸਦਰ ਬਾਜ਼ਾਰ, ਹੰਡਿਆਇਆ ਬਾਜ਼ਾਰ ਅਤੇ ਫਰਵਾਹੀ ਬਾਜ਼ਾਰ ਵਿੱਚ ਟਰੈਫਿਕ ਦੀ ਵਿਵਸਥਾ ਦਾ ਬਹੁਤ ਮਾੜਾ ਹਾਲ ਹੈ। ਇਨ੍ਹਾਂ ਬਾਜ਼ਾਰਾਂ ’ਚ ਅਕਸਰ ਲੰਮੇ-ਲੰਮੇ ਜਾਮ ਲੱਗ ਜਾਂਦੇ ਹਨ, ਜਿਸ ਕਾਰਨ ਦੁਕਾਨਦਾਰਾਂ, ਰਾਹਗੀਰਾਂ ਅਤੇ ਖਰੀਦਦਾਰੀ ਕਰਨ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗਣ ਕਾਰਨ ਲੋਕਾਂ ਨੂੰ ਕਾਫ਼ੀ ਸਮਾਂ ਜਾਮ ਵਿੱਚ ਫਸ ਕੇ ਗੁਜ਼ਾਰਨਾ ਪੈਂਦਾ ਹੈ। ਭਾਵੇਂ ਟਰੈਫਿਕ ਪੁਲਿਸ ਵੱਲੋਂ ਸਮੇਂ-ਸਮੇਂ ’ਤੇ ਟਰੈਫਿਕ ਨੂੰ ਸੁਚਾਰੂ ਬਣਾਉਣ ਲਈ ਕਾਰਵਾਈ ਕੀਤੀ ਜਾਂਦੀ ਹੈ, ਪਰ ਇਸ ਦੇ ਬਾਵਜੂਦ ਸਮੱਸਿਆ ਦਾ ਕੋਈ ਪੁਖਤਾ ਹੱਲ ਨਹੀਂ ਹੋ ਸਕਿਆ। ਸ਼ਹਿਰ ਦੇ ਬਾਜ਼ਾਰਾਂ ’ਚ ਕੁਝ ਲੋਕਾਂ ਵੱਲੋਂ ਆਪਣੇ ਵਾਹਨ ਗਲਤ ਥਾਵਾਂ ’ਤੇ ਖੜ੍ਹੇ ਕਰ ਦਿੱਤੇ ਜਾਂਦੇ ਹਨ, ਜਿਸ ਕਾਰਨ ਸੜਕਾਂ ਤੰਗ ਹੋ ਜਾਂਦੀਆਂ ਹਨ ਅਤੇ ਆਵਾਜਾਈ ’ਚ ਰੁਕਾਵਟ ਪੈਦਾ ਹੁੰਦੀ ਹੈ। ਇਸ ਸਬੰਧੀ ਸਥਾਨਕ ਵਸਨੀਕਾਂ ਹਰੀਸ਼ ਕੁਮਾਰ, ਨਰੇਸ਼ ਕੁਮਾਰ, ਵਿਪਨ ਗੋਇਲ ਅਤੇ ਵਨੀਤ ਗੋਇਲ ਆਦਿ ਨੇ ਕਿਹਾ ਕਿ ਸ਼ਹਿਰ ’ਚ ਟਰੈਫਿਕ ਦੀ ਸਮੱਸਿਆ ਬੇਹੱਦ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਵਿੱਚ ਗਲਤ ਪਾਰਕਿੰਗ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਲੋਕਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ। ਗਲਤ ਥਾਵਾਂ ’ਤੇ ਵਾਹਨ ਖੜ੍ਹੇ ਕਰਨ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਰੋਜ਼ਾਨਾ ਲੱਗਣ ਵਾਲੇ ਟਰੈਫਿਕ ਜਾਮਾਂ ਤੋਂ ਨਿਜਾਤ ਮਿਲ ਸਕੇ।