- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਨਿਗਮ ਦੀ ਜ਼ਮੀਨ 'ਤੇ ਨਾਜਾਇਜ਼ ਬੋਰ ਕਰਵਾਉਣ ਵਾਲਿਆਂ 'ਤੇ ਸ਼ਿਕੰਜਾ

ਰੇਸ਼ਮ ਦੂਆ, ਪੰਜਾਬੀ ਜਾਗਰਣ,
ਬਰਨਾਲਾ : ਸ਼ਹਿਰ ’ਚ ਨਾਜਾਇਜ਼ ਕਬਜ਼ਿਆਂ ਤੇ ਗੈਰ-ਕਾਨੂੰਨੀ ਕੰਮਾਂ ਖ਼ਿਲਾਫ਼ ਨਗਰ ਨਿਗਮ ਨੇ ਸਖ਼ਤੀ ਵਧਾ ਦਿੱਤੀ ਹੈ। ਪਿਛਲੇ ਦਿਨੀਂ ਹੰਡਿਆਇਆ ਬਾਜ਼ਾਰ ’ਚ ਨਗਰ ਨਿਗਮ ਦੀ ਜ਼ਮੀਨ ’ਤੇ ਬਿਨਾਂ ਮਨਜ਼ੂਰੀ ਬੋਰ ਕਰਵਾਉਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਨਿਗਮ ਨੇ ਮੌਕੇ ’ਤੇ ਵੱਡੀ ਕਾਰਵਾਈ ਕਰਦਿਆਂ ਬੋਰ ਕਰਨ ਵਾਲੀ ਮਸ਼ੀਨ ਨੂੰ ਆਪਣੇ ਕਬਜ਼ੇ ’ਚ ਲੈ ਲਿਆ।
ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪੁੱਜ ਟੀਮ
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਬਰਨਾਲਾ ਦੇ ਐਮਈ ਮੁਹੰਮਦ ਸਲੀਮ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਹੰਡਿਆਇਆ ਬਾਜ਼ਾਰ ਦੀ ਬੈਕ ਸਾਈਡ ਵਾਲੀ ਗਲੀ ’ਚ ਨਾਜਾਇਜ਼ ਤੌਰ 'ਤੇ ਮਸ਼ੀਨ ਲਗਾ ਕੇ ਬੋਰ ਕਰਵਾਇਆ ਜਾ ਰਿਹਾ ਹੈ। ਸੂਚਨਾ ਮਿਲਦਿਆਂ ਹੀ ਨਿਗਮ ਦੀ ਟੀਮ ਮੌਕੇ 'ਤੇ ਪਹੁੰਚ ਗਈ।
ਜਾਂਚ ਦੌਰਾਨ ਪਤਾ ਲੱਗਿਆ ਕਿ ਹੰਡਿਆਇਆ ਬਾਜ਼ਾਰ ’ਚ ਸਥਿਤ ਡਾ. ਭੀਮ ਹਸਪਤਾਲ ਦੀ ਬੈਕ ਸਾਈਡ 'ਤੇ ਹਸਪਤਾਲ ਪ੍ਰਬੰਧਕਾਂ ਵੱਲੋਂ ਬੋਰ ਕਰਵਾਇਆ ਜਾ ਰਿਹਾ ਸੀ। ਇਸ ਸਬੰਧੀ ਨਿਗਮ ਤੋਂ ਕੋਈ ਵੀ ਮਨਜ਼ੂਰੀ ਨਹੀਂ ਲਈ ਗਈ ਸੀ ਤੇ ਨਾ ਹੀ ਕੋਈ ਫੀਸ ਜਮ੍ਹਾਂ ਕਰਵਾਈ ਗਈ ਸੀ।
----
ਮਸ਼ੀਨ ਜ਼ਬਤ, ਕੇਸ ਦੀ ਤਿਆਰੀ
ਐਮ.ਈ. ਮੁਹੰਮਦ ਸਲੀਮ ਨੇ ਦੱਸਿਆ ਕਿ ਮੌਕੇ 'ਤੇ ਹੀ ਬੋਰ ਕਰਨ ਵਾਲੀ ਮਸ਼ੀਨ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ ਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ।
----------
ਕਾਨੂੰਨ ਸਭ ਲਈ ਬਰਾਬਰ ਹੈ : ਮੁਹੰਮਦ ਸਲੀਮ
ਐਮਈ ਮੁਹੰਮਦ ਸਲੀਮ ਨੇ ਸਖ਼ਤ ਲਹਿਜੇ ’ਚ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ, ਚਾਹੇ ਉਹ ਆਮ ਵਿਅਕਤੀ ਹੋਵੇ ਜਾਂ ਕੋਈ ਵੱਡਾ ਅਦਾਰਾ। ਨਗਰ ਨਿਗਮ ਦੀ ਹੱਦ ਅੰਦਰ ਕਿਸੇ ਨੂੰ ਵੀ ਕੋਈ ਵੀ ਗੈਰ-ਕਾਨੂੰਨੀ ਕੰਮ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕੋਈ ਨਾਜਾਇਜ਼ ਕਬਜ਼ਾ, ਨਾਜਾਇਜ਼ ਬੋਰ ਜਾਂ ਨਿਗਮ ਦੀ ਜ਼ਮੀਨ ’ਤੇ ਕੋਈ ਗਲਤ ਕੰਮ ਹੁੰਦਾ ਦਿਖਾਈ ਦੇਵੇ ਤਾਂ ਉਸ ਦੀ ਸੂਚਨਾ ਤੁਰੰਤ ਨਗਰ ਨਿਗਮ ਨੂੰ ਦਿੱਤੀ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।