- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੋਮਣੀ ਅਕਾਲੀ ਦਲ ਵਪਾਰੀ ਵਰਗ ਦੀ ਖੁਸ਼ਹਾਲੀ ਤੇ ਸੁਰੱਖਿਆ ਲਈ ਵਚਨਬੱਧ : ਮੋਹਿਤ ਗੁਪਤਾ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਮੋਹਿਤ ਗੁਪਤਾ ਬੀਐੱਸ ਇਮੀਗ੍ਰੇਸ਼ਨ ਮਹਿਲ ਕਲਾਂ ਦੇ ਦਫ਼ਤਰ ਵਿਖੇ ਪਹੁੰਚੇ, ਜਿੱਥੇ ਸੰਸਥਾ ਦੇ ਐੱਮਡੀ. ਅਤੇ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਗਾਗੇਵਾਲ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਪਾਰਕ ਤੇ ਸਿਆਸੀ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੋਹਿਤ ਗੁਪਤਾ ਨੇ ਕਿਹਾ ਕਿ ਗਾਗੇਵਾਲ ਪਰਿਵਾਰ ਨੇ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਤਨ, ਮਨ ਨਾਲ ਸੇਵਾ ਕੀਤੀ ਹੈ। ਇਸ ਪਰਿਵਾਰ ਨਾਲ ਪਾਰਟੀ ਦੀਆਂ ਪੁਰਾਣੀਆਂ ਸਾਂਝਾਂ ਹਨ ਤੇ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਮਹਿਸੂਸ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਉਦੇਸ਼ ਵਪਾਰੀ ਵਰਗ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਤੇ ਕਾਰੋਬਾਰ ਲਈ ਸੁਖਾਵਾਂ ਮਾਹੌਲ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਸੂਬੇ ’ਚ ਸੜਕਾਂ, ਪੁਲਾਂ, ਬਿਜਲੀ, ਸਿੱਖਿਆ ਤੇ ਬੁਨਿਆਦੀ ਢਾਂਚੇ ਦੇ ਖੇਤਰ ’ਚ ਅਹਿਮ ਵਿਕਾਸ ਕਾਰਜ ਹੋਏ। ਕਿਸਾਨਾਂ ਨੂੰ ਮੁਫ਼ਤ ਬਿਜਲੀ, ਆਟਾ-ਦਾਲ ਸਕੀਮ, ਸ਼ਗਨ ਸਕੀਮ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਭਲਾਈ ਯੋਜਨਾਵਾਂ ਵਰਗੇ ਲੋਕ-ਪੱਖੀ ਫ਼ੈਸਲੇ ਲਾਗੂ ਕੀਤੇ ਗਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸੋਚ ਹਮੇਸ਼ਾ ਪੰਜਾਬ ਦੀ ਤਰੱਕੀ, ਭਾਈਚਾਰਕ ਸਾਂਝ ਅਤੇ ਹਰ ਵਰਗ ਦੀ ਖੁਸ਼ਹਾਲੀ ਨਾਲ ਜੁੜੀ ਰਹੀ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਮੋਹਿਤ ਗੁਪਤਾ ਨੇ ਕਿਹਾ ਕਿ ਚੋਣਾਂ ਸਮੇਂ ਵਪਾਰੀਆਂ ਅਤੇ ਆਮ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਸੱਤਾ ’ਚ ਆਉਣ ਤੋਂ ਬਾਅਦ ਵਪਾਰੀ ਵਰਗ ਨੂੰ ਮਹਿੰਗਾਈ, ਕਾਰੋਬਾਰੀ ਮੁਸ਼ਕਲਾਂ ਤੇ ਸਰਕਾਰੀ ਦਫ਼ਤਰਾਂ ਵਿੱਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਕੋਈ ਠੋਸ ਰਾਹਤ ਨਹੀਂ ਮਿਲੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਵਪਾਰੀ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਅਤੇ ਨਿਰਾਸ਼ ਮਹਿਸੂਸ ਕਰ ਰਿਹਾ ਹੈ। ਪੰਜਾਬ ਦੇ ਲੋਕ ਹੁਣ ਸਰਕਾਰ ਦੇ ਵਾਅਦਿਆਂ ਤੇ ਜ਼ਮੀਨੀ ਹਕੀਕਤ ਵਿਚਲਾ ਫ਼ਰਕ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਪਾਰੀਆਂ ਦੀ ਆਵਾਜ਼ ਨੂੰ ਪੂਰੀ ਮਜ਼ਬੂਤੀ ਨਾਲ ਉਠਾਏਗਾ ਅਤੇ ਵਪਾਰੀਆਂ ਨੂੰ ਇੰਸਪੈਕਟਰ ਰਾਜ ਤੋਂ ਰਾਹਤ ਦਿਵਾਉਣ, ਕਾਰੋਬਾਰ ਲਈ ਸੁਰੱਖਿਅਤ ਮਾਹੌਲ ਬਣਾਉਣ ਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ’ਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਲਈ ਆਪਣਾ ਸਮਰਥਨ ਦੇਣਗੇ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ,ਪਰਵਿੰਦਰ ਸਿੰਘ ਬੱਬੂ, ਸਿੰਦੂ ਕਲਾਲ ਮਾਜਰਾ ਹਾਜ਼ਰ ਸਨ।