- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਨਐਚਐਮ ਮੁਲਾਜ਼ਮਾਂ ਦੀ 13ਵੇਂ ਦਿਨ ਵੀ ਹੜਤਾਲ ਜਾਰੀ, ਮੁੱਖ ਮੰਤਰੀ ਤੇ ਸਿਹਤ ਮੰਤਰੀ ਦੇ ਪੁਤਲੇ ਫੂਕੇ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ :ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਹੜਤਾਲ 13ਵੇਂ ਦਿਨ ਵੀ ਜਾਰੀ ਰਹੀ। ਹੜਤਾਲ ਕਾਰਨ ਸੂਬੇ ਭਰ ’ਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਸਰਕਾਰ ਦੇ ਅਣਗਹਿਲੀ ਵਾਲੇ ਰਵੱਈਏ ਵਿਰੁੱਧ ਰੋਸ ਪ੍ਰਗਟ ਕਰਦਿਆਂ ਸਮੂਹ ਮੁਲਾਜ਼ਮਾਂ ਨੇ ਮੁੱਖ ਮੰਤਰੀ ਪੰਜਾਬ ਤੇ ਸਿਹਤ ਮੰਤਰੀ ਪੰਜਾਬ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਯੂਨੀਅਨ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਸਰਕਾਰ ਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆ ਰਹੇ ਹਨ। ਸਰਕਾਰ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਮੁਲਾਜ਼ਮ ਭਲਾਈ ਕਮੇਟੀ ਬਣਾਉਣ ਦਾ ਭਰੋਸਾ ਵੀ ਅਜੇ ਤੱਕ ਅਮਲ ਵਿੱਚ ਨਹੀਂ ਲਿਆਂਦਾ ਗਿਆ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਮਨਦੀਪ ਸਿੰਘ ਪਟਿਆਲਾ ਤੇ ਦਿਨੇਸ਼ ਗਰਗ ਪਟਿਆਲਾ ਨੇ ਚਿਤਾਵਨੀ ਦਿੱਤੀ ਕਿ ਜੇਕਰ 25 ਨਵੰਬਰ ਨੂੰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ’ਚ ਕੋਈ ਸਾਰਥਕ ਨਤੀਜਾ ਨਾ ਨਿਕਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਤਹਿਤ ਪੰਜਾਬ ਸਰਕਾਰ ਦੇ ਇੱਕ ਕੈਬਨਿਟ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਲਗਾ ਕੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਡਾ. ਵਹਿਦ ਮਲੇਰਕੋਟਲਾ, ਸੁਖਜੀਤ ਰੋਪੜ, ਜਸਵੀਰ ਬਰਨਾਲਾ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਐਨਐਚਐਮ ਮੁਲਾਜ਼ਮ ਤੇ ਯੂਨੀਅਨ ਆਗੂ ਹਾਜ਼ਰ ਸਨ।