ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ
Publish Date: Mon, 23 Nov 2026 05:49 PM (IST)
Updated Date: Mon, 23 Nov 2026 05:52 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਤੋਂ ਮਹਾਨ ਨਗਰ ਕੀਰਤਨ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ ਅਤੇ ਜਥੇਦਾਰ ਪਰਮਜੀਤ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਗੁਰਮਰਿਆਦਾ ਅਨੁਸਾਰ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਦੇ ਪਾਵਨ ਸਰੂਪ ਦੀ ਅਗਵਾਈ ’ਚ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਜਸ ਦਾ ਗਾਇਨ ਕੀਤਾ। ਨਗਰ ਕੀਰਤਨ ਵਿੱਚ ਸ਼ਾਮਲ ਨਿਹੰਗ ਸਿੰਘ ਫੌਜਾਂ ਵੱਲੋਂ ਆਪਣੇ ਘੋੜਿਆਂ ਸਮੇਤ ਦਿਖਾਏ ਗਏ ਸ਼ਾਨਦਾਰ ਜੌਹਰ ਅਤੇ ਗੱਤਕੇ ਦੇ ਦਿਲਕਸ਼ ਪ੍ਰਦਰਸ਼ਨ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ। ਨਿਹੰਗ ਸਿੰਘਾਂ ਦੀ ਸ਼ਾਨੋ-ਸ਼ੌਕਤ ਅਤੇ ਸਿੱਖ ਮਾਰਸ਼ਲ ਆਰਟ ਗੱਤਕੇ ਦੇ ਪ੍ਰਦਰਸ਼ਨ ਨੇ ਨਗਰ ਕੀਰਤਨ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਮੁੱਖ ਮਾਰਗਾਂ ਵਿੱਚੋਂ ਹੁੰਦਾ ਹੋਇਆ ਅੱਗੇ ਵਧਿਆ। ਇਸ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਕਮੇਟੀਆਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਗੁਰਦੁਆਰਾ ਸਾਹਿਬਾਨਾਂ ਵੱਲੋਂ ਸੰਗਤਾਂ ਦੀ ਸੇਵਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਵੱਖ-ਵੱਖ ਥਾਵਾਂ ’ਤੇ ਲੰਗਰ, ਕੇਲੇ, ਪਕੌੜਿਆਂ ਅਤੇ ਹੋਰ ਪ੍ਰਸ਼ਾਦਿਆਂ ਦੇ ਲੰਗਰ ਲਗਾ ਕੇ ਸੰਗਤਾਂ ਦਾ ਸਵਾਗਤ ਕੀਤਾ ਗਿਆ। ਸੇਵਾਦਾਰਾਂ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸੇਵਾ ਨਿਭਾਈ ਗਈ। ਸ਼ਹਿਰ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ’ਤੇ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਪਾਵਨ ਸਰੂਪ ਅੱਗੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਉਪਦੇਸ਼ ਦੇ ਕੇ ਸਮਾਜ ਨੂੰ ਸੱਚਾਈ, ਬਰਾਬਰਤਾ, ਆਪਸੀ ਭਾਈਚਾਰੇ ਅਤੇ ਸਰਬ ਸਾਂਝੀਵਾਲਤਾ ਦਾ ਮਾਰਗ ਦਿਖਾਇਆ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਇਸ ਪਾਵਨ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਅਤੇ ਗੁਰਮਤਿ ਦੇ ਮਾਰਗ ਤੇ ਚੱਲਣ ਦਾ ਸੁਨੇਹਾ ਦੇ ਗਿਆ। ਮਹਾਨ ਨਗਰ ਕੀਰਤਨ ਸ਼ਹਿਰ ਵਿੱਚੋਂ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇੱਥੇ ਸੰਗਤਾਂ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ। ਸਮੁੱਚੇ ਨਗਰ ਕੀਰਤਨ ਦੌਰਾਨ ਸੰਗਤਾਂ ਵਿੱਚ ਭਾਰੀ ਉਤਸ਼ਾਹ, ਸ਼ਰਧਾ ਅਤੇ ਸੇਵਾ ਭਾਵਨਾ ਦੇਖਣ ਨੂੰ ਮਿਲੀ। ਇਸ ਮੌਕੇ ਸੰਤ ਬਾਬਾ ਟੇਕ ਸਿੰਘ ਜੀ ਧਨੌਲਾ, ਸਿੰਘ ਸਾਹਿਬ ਤਖ਼ਤ ਸ੍ਰੀ ਦਮਦਮਾ ਸਾਹਿਬ, ਜਥੇਦਾਰ ਪਰਮਜੀਤ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਬਲਵੀਰ ਸਿੰਘ ਘੁੰਨਸ, ਰਵਿੰਦਰ ਸਿੰਘ ਸੰਧੂ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜਰਨੈਲ ਸਿੰਘ ਭੋਤਨਾ, ਬੀਬੀ ਅਜੈਬ ਕੌਰ ਭੋਤਨਾ, ਸੋਨੀ ਜਾਗਲ, ਸੰਜੀਵ ਸੋਰੀ, ਗੁਰਜਿੰਦਰ ਸਿੰਘ ਸਿੱਧੂ, ਬਾਬਾ ਸੁਖਦੇਵ ਸਿੰਘ ਸੁਧਾਣਾ ਸਾਹਿਬ, ਸੁਖਪਾਲ ਸਿੰਘ ਰੁਪਾਣਾ, ਮੀਤ ਮੈਨੇਜਰ ਇੰਦਰਜੀਤ ਸਿੰਘ, ਐਮਪੀ ਗੁਰਮੀਤ ਸਿੰਘ ਮੀਤ ਹੇਅਰ, ਹਰਿੰਦਰ ਸਿੰਘ ਧਾਲੀਵਾਲ, ਸੁਖੀ ਐੱਮ.ਸੀ., ਸੋਨੀ ਐੱਮ.ਸੀ., ਨਰਿੰਦਰ ਗਰਗ ਨੀਟਾ, ਧਰਮ ਸਿੰਘ ਫੌਜੀ, ਸਿੰਘ ਜਸਵੀਰ ਸਿੰਘ ਗੱਖੀ ਐੱਮ.ਸੀ., ਗੁਰਜੰਟ ਸਿੰਘ ਕੱਟੂ, ਸਿੰਘ ਦਰਸ਼ਨ ਸਿੰਘ ਮੰਡੇਰ, ਬਾਬਾ ਬਾਬੂ ਸਿੰਘ ਜੀ ਅੜੀਸਰ ਵਾਲੇ, ਮੈਨੇਜਰ ਨਿਰਮਲ ਸਿੰਘ ਰਾਜੀਆ, ਇਕਬਾਲ ਸਿੰਘ ਸੁਪਰਵਾਈਜ਼ਰ, ਅਮਨਦੀਪ ਸਿੰਘ ਸੁਪਰਵਾਈਜ਼ਰ, ਹਰਜੀਤ ਸਿੰਘ ਭੱਠਲ, ਬਹਾਦਰ ਸਿੰਘ ਮੈਨੇਜਰ, ਪਰਮਜੀਤ ਸਿੰਘ ਇੰਚਾਰਜ, ਮਨਪ੍ਰੀਤ ਸਿੰਘ ਪੰਧੇਰ, ਕਲਦੀਪ ਸਿੰਘ ਰਿਕਾਰਡ ਕੀਪਰ, ਮਨਪ੍ਰੀਤ ਸਿੰਘ ਰਿਕਾਰਡ, ਸਰਬਜੀਤ ਸਿੰਘ ਖ਼ਜ਼ਾਨਚੀ, ਕਰਮ ਸਿੰਘ ਭੰਡਾਰੀ, ਗੁਰਜੰਟ ਸਿੰਘ ਸੋਨਾ ਅਤੇ ਬੇਅੰਤ ਸਿੰਘ ਧਾਲੀਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।