- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ’ਚ ਅੱਜ ਹੋਵੇਗੀ ਸਿਵਲ ਡਿਫੈਂਸ ਦੀ ਮੌਕ ਡਰਿੱਲ, 15 ਮਿੰਟ ਰਹੇਗਾ ਬਲੈਕਆਊਟ : ਵਧੀਕ ਡਿਪਟੀ ਕਮਿਸ਼ਨਰ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤੇ ਡਿਪਟੀ ਕਮਿਸ਼ਨਰ ਬਰਨਾਲਾ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਕਿਸੇ ਵੀ ਸੰਭਾਵੀ ਐਮਰਜੈਂਸੀ ਜਾਂ ਹਵਾਈ ਹਮਲੇ ਵਰਗੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ’ਚ 27 ਨਵੰਬਰ ਨੂੰ ਰਾਤ 8 ਵਜੇ ਤੋਂ 8:15 ਵਜੇ ਤੱਕ ਸਿਵਲ ਡਿਫੈਂਸ ਦੀ ਮੌਕ ਡਰਿੱਲ ਕਰਵਾਈ ਜਾਵੇਗੀ। ਇਹ ਅਭਿਆਸ ਸੰਘੇੜਾ ਰੋਡ ਸਥਿਤ ਅਰੁਣ ਮੈਮੋਰੀਅਲ ਹਾਲ ਵਿਖੇ ਏਅਰ ਰੇਡ ਚੇਤਾਵਨੀ ਤੇ ਬਲੈਕਆਊਟ ਨੂੰ ਧਿਆਨ ’ਚ ਰੱਖਦਿਆਂ ਕੀਤਾ ਜਾਵੇਗਾ। ਇਸ ਸਬੰਧੀ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਵੇਕ ਮੋਦੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਅਭਿਆਸ ਡੀ.ਜੀ.ਪੀ.-ਕਮ-ਕਮਾਂਡੈਂਟ ਜਨਰਲ, ਪੰਜਾਬ ਹੋਮ ਗਾਰਡਜ਼ ਤੇ ਡਾਇਰੈਕਟਰ, ਸਿਵਲ ਡਿਫੈਂਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 27 ਨਵੰਬਰ ਨੂੰ ਰਾਤ 8 ਵਜੇ ਸਾਇਰਨ ਵਜਾ ਕੇ ਮੌਕ ਡਰਿੱਲ ਦੀ ਸ਼ੁਰੂਆਤ ਕੀਤੀ ਜਾਵੇਗੀ।
ਇਸ ਉਪਰੰਤ ਰਾਤ 8:15 ਵਜੇ ਤੱਕ ਨਿਰਧਾਰਤ ਖੇਤਰ ’ਚ ਬਲੈਕਆਊਟ ਦੀ ਸਥਿਤੀ ਬਣਾਈ ਜਾਵੇਗੀ। ਇਸ ਦੌਰਾਨ ਲੋਕਾਂ ਨੂੰ ਆਪਣੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣੀਆਂ ਹੋਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ 15 ਮਿੰਟ ਦੇ ਅਭਿਆਸ ਦੌਰਾਨ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ। ਵਧੀਕ ਡਿਪਟੀ ਕਮਿਸ਼ਨਰ ਵਿਵੇਕ ਮੋਦੀ ਨੇ ਸੰਘੇੜਾ ਰੋਡ ਅਤੇ ਆਸ-ਪਾਸ ਦੇ ਖੇਤਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਰਾਤ 8 ਵਜੇ ਵੱਜਣ ਵਾਲੇ ਸਾਇਰਨ ਨੂੰ ਕਿਸੇ ਅਸਲ ਖ਼ਤਰੇ ਦੀ ਚੇਤਾਵਨੀ ਨਾ ਸਮਝਣ ਅਤੇ ਨਾ ਹੀ ਘਬਰਾਹਟ ’ਚ ਆਉਣ। ਇਹ ਪਹਿਲਾਂ ਤੋਂ ਨਿਰਧਾਰਤ ਅਭਿਆਸ ਹੈ, ਜਿਸ ਦਾ ਮਕਸਦ ਕਿਸੇ ਵੀ ਅਣਸੁਖਾਵੀਂ ਸਥਿਤੀ ਸਮੇਂ ਜਾਨ-ਮਾਲ ਦੀ ਸੁਰੱਖਿਆ ਲਈ ਪ੍ਰਸ਼ਾਸਨਿਕ ਤਿਆਰੀਆਂ ਨੂੰ ਪਰਖਣਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮੌਕ ਡਰਿੱਲ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।