- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿੱਲੀ ਕਿਸਾਨ ਮੋਰਚੇ ਦੀ ਛੇਵੀਂ ਵਰ੍ਹੇਗੰਢ ਬਰਨਾਲਾ ’ਚ ਸੂਬਾ ਪੱਧਰ ’ਤੇ ਮਨਾਈ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤਹਿਤ ਦਿੱਲੀ ਦੇ ਇਤਿਹਾਸਕ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬਰਨਾਲਾ ਦੀ ਦਾਣਾ ਮੰਡੀ ਵਿਖੇ ਸੂਬਾ ਪੱਧਰ ’ਤੇ ਮਨਾਈ ਗਈ। ਇਸ ਮੌਕੇ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਔਰਤਾਂ, ਸਨਅਤੀ ਕਾਮਿਆਂ ਅਤੇ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ 26 ਨਵੰਬਰ 2020 ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਇਤਿਹਾਸਕ ਸੰਘਰਸ਼ ਸ਼ੁਰੂ ਕੀਤਾ ਗਿਆ ਸੀ। ਇਸ ਅੰਦੋਲਨ ਨੂੰ ਦੇਸ਼-ਵਿਦੇਸ਼ ਦੇ ਲੋਕਾਂ ਦੀ ਭਰਵੀਂ ਹਮਾਇਤ ਮਿਲੀ। ਆਗੂਆਂ ਨੇ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੂੰ ਖੜ੍ਹੇ ਹੋ ਕੇ ਸ਼ਰਧਾਂਜਲੀ ਭੇਟ ਕੀਤੀ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਸੰਘਰਸ਼ ਸਦਕਾ ਕੇਂਦਰ ਸਰਕਾਰ ਨੂੰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣੇ ਪਏ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਖ਼ਤਮ ਕਰਵਾਉਣ ਸਮੇਂ ਕੇਂਦਰ ਸਰਕਾਰ ਨੇ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਅਤੇ ਸਰਕਾਰੀ ਖਰੀਦ ਦੀ ਗਾਰੰਟੀ, ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਵਾਪਸ ਲੈਣ, ਪੁਲਿਸ ਕੇਸ ਰੱਦ ਕਰਨ, ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ, ਕਰਜ਼ਾ ਮੁਆਫ਼ੀ ਅਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਸਮੇਤ ਕਈ ਲਿਖਤੀ ਵਾਅਦੇ ਕੀਤੇ ਸਨ, ਪਰ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਗੁਜ਼ਾਰੇਯੋਗ ਬੁਢਾਪਾ ਪੈਨਸ਼ਨ ਵਰਗੀਆਂ ਮੰਗਾਂ ਵੀ ਲਟਕ ਰਹੀਆਂ ਹਨ। ਸੂਬਾ ਆਗੂ ਜਨਕ ਸਿੰਘ ਭਟਾਲ ਤੇ ਰੂਪ ਸਿੰਘ ਛੰਨਾ ਨੇ ਕਿਹਾ ਕਿ ਕਾਰਪੋਰੇਟ ਪੱਖੀ ਅਤੇ ਸਾਮਰਾਜੀ ਨੀਤੀਆਂ ਕਾਰਨ ਕਿਸਾਨਾਂ ਦੀਆਂ ਜ਼ਮੀਨਾਂ, ਮਜ਼ਦੂਰਾਂ ਦੇ ਰੁਜ਼ਗਾਰ ਅਤੇ ਨੌਜਵਾਨਾਂ ਦੇ ਭਵਿੱਖ ’ਤੇ ਹਮਲੇ ਹੋ ਰਹੇ ਹਨ।
ਇਨ੍ਹਾਂ ਨੀਤੀਆਂ ਦਾ ਮੁਕਾਬਲਾ ਕਰਨ ਲਈ ਸਮੂਹ ਕਿਰਤੀ ਵਰਗ ਨੂੰ ਜਥੇਬੰਦ ਹੋ ਕੇ ਸਾਂਝੀ ਲੋਕ ਲਹਿਰ ਖੜ੍ਹੀ ਕਰਨੀ ਚਾਹੀਦੀ ਹੈ। ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ 13 ਅਕਤੂਬਰ ਨੂੰ ਤਿੰਨ ਮੰਤਰੀਆਂ ਨਾਲ ਹੋਈ ਮੀਟਿੰਗ ’ਚ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੀ ਸੂਰਤ ’ਚ ਦਸੰਬਰ ਦੇ ਸ਼ੁਰੂ ’ਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਹਰਿੰਦਰ ਕੌਰ ਬਿੰਦੂ, ਰਣਦੀਪ ਕੌਰ ਰਟੋਲ, ਕਰਮਜੀਤ ਕੌਰ ਮੋਗਾ, ਕਮਲਜੀਤ ਕੌਰ ਬਰਨਾਲਾ, ਹਰਜੀਤ ਸਿੰਘ ਮਹਿਲਾਂ, ਗੁਲਾਬ ਸਿੰਘ ਜਿਉਂਦ, ਰਾਮ ਸਿੰਘ ਭੈਣੀ ਬਾਘਾ, ਗੁਰਭੇਜ ਸਿੰਘ ਰੋਹੀ ਵਾਲਾ, ਹਰਬੰਸ ਸਿੰਘ ਕੋਟਲੀ, ਨੱਥਾ ਸਿੰਘ ਰੋੜੀਕਪੂਰਾ, ਹੈਪੀ ਸਿੰਘ ਮੋਹਾਲੀ, ਜਗਦੀਪ ਸਿੰਘ ਪਟਿਆਲਾ, ਰੁਪਿੰਦਰ ਸਿੰਘ ਅੰਮ੍ਰਿਤਸਰ, ਮਨੋਹਰ ਸਿੰਘ ਲੁਧਿਆਣਾ, ਬੂਟਾ ਸਿੰਘ ਭਾਗੀ ਕੇ ਅਤੇ ਪੈਪਸੀਕੋ ਕੰਟਰੈਕਟਰ ਵਰਕਰ ਯੂਨੀਅਨ ਚੰਨੋ ਦੇ ਆਗੂ ਕਸ਼ਮੀਰ ਸਿੰਘ ਨੇ ਵੀ ਸੰਬੋਧਨ ਕੀਤਾ।