- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਵਾਅਦਾਖ਼ਿਲਾਫ਼ੀ ਵਿਰੁੱਧ ਮੁਲਾਜ਼ਮਾਂ ਦਾ ਫੁੱਟਿਆ ਗੁੱਸਾ

ਨਵਦੀਪ ਸੇਖਾ, ਪੰਜਾਬੀ ਜਾਗਰਣ,
ਬਰਨਾਲਾ : ਪੰਜਾਬ ਸਰਕਾਰ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਕੰਟਰੈਕਟ ਅਧੀਨ ਲਿਆਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਉਸ ਸਮੇਂ ਪੋਲ ਖੁੱਲ੍ਹਦੀ ਨਜ਼ਰ ਆਈ, ਜਦੋਂ ਸਰਕਾਰ ਦੇ ਪ੍ਰਸੋਨਲ ਵਿਭਾਗ (ਪੀ.ਪੀ.-3 ਸ਼ਾਖਾ) ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਆਊਟਸੋਰਸਿੰਗ ਕਲਰਕਾਂ ਨੂੰ ਕੰਟਰੈਕਟ ਅਧੀਨ ਲਿਆਉਣ ਤੋਂ ਅਸਮਰੱਥਾ ਪ੍ਰਗਟਾਉਣ ਵਾਲਾ ਪੱਤਰ ਜਾਰੀ ਕੀਤਾ ਗਿਆ। ਇਸ ਫ਼ੈਸਲੇ ਵਿਰੁੱਧ ਮੁਲਾਜ਼ਮ ਜਥੇਬੰਦੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਊਟਸੋਰਸਿੰਗ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ ਤੋਂ ਬਿੰਦਰ ਸਿੰਘ ਜਿੰਦ ਅਤੇ ਜਲ ਸਪਲਾਈ ਅਤੇ ਕੰਟਰੈਕਟ ਵਰਕਰਜ਼ ਯੂਨੀਅਨ ਰਜਿ. ਨੰਬਰ 31 ਸਮੇਤ ਵਿਭਾਗ ਦੀਆਂ ਹੋਰ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਮੁੱਖ ਸਕੱਤਰ ਪੰਜਾਬ ਸਰਕਾਰ ਵੱਲੋਂ 23 ਨਵੰਬਰ 2026 ਨੂੰ ਜਾਰੀ ਕੀਤੇ ਗਏ ਹੁਕਮ ’ਚ ‘ਦਿ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜ਼ੀਸ਼ਨ ਟੂ ਕੰਟਰੈਕਚੂਅਲ ਐਂਗੇਜਮੈਂਟ) ਐਕਟ-2026’ ਦੀ ਧਾਰਾ 6 (3) ਤਹਿਤ ਕਲਰਕ ਕਾਡਰ ਨੂੰ ਕੰਟਰੈਕਟ ਅਧੀਨ ਲਿਆਉਣ ਤੋਂ ਇਨਕਾਰ ਕੀਤਾ ਗਿਆ ਹੈ। ਆਗੂਆਂ ਨੇ ਸਰਕਾਰ ਦੀ ਇਸ ਦੋਹਰੀ ਨੀਤੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਨਵੇਂ ਐਕਟ ਬਣਾਉਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਦੇ ਹੱਕਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ। ਇਸ ਪੱਤਰ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸਮੂਹ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰ ਬਰਨਾਲਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਕਾਰ ਦੇ ਫ਼ੈਸਲੇ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ।
ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਪੱਤਰ ਤੁਰੰਤ ਵਾਪਸ ਲੈ ਕੇ ਆਊਟਸੋਰਸਿੰਗ ਕਲਰਕਾਂ ਅਤੇ ਹੋਰ ਕਾਮਿਆਂ ਨੂੰ ਕੰਟਰੈਕਟ ਅਧੀਨ ਲਿਆਉਣ ਦੀ ਪ੍ਰਕਿਰਿਆ ਮੁੜ ਸ਼ੁਰੂ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਹੋਰ ਤਿੱਖਾ ਕਰਦਿਆਂ ਸੂਬਾ ਪੱਧਰੀ ਐਕਸ਼ਨ ਉਲੀਕੇ ਜਾਣਗੇ। ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਦੀ ਹੋਵੇਗੀ।
ਇਸ ਰੋਸ ਪ੍ਰਦਰਸ਼ਨ ਨੂੰ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਕਰਮਜੀਤ ਸਿੰਘ ਬੀਹਲਾ, ਤਰਸੇਮ ਭੱਠਲ, ਅਨਿਲ ਕੁਮਾਰ, ਦਰਸ਼ਨ ਚੀਮਾ ਅਤੇ ਹੰਸਾ ਸਿੰਘ ਮੌੜ ਨਾਭਾ ਨੇ ਸੰਬੋਧਨ ਕੀਤਾ। ਇਸ ਮੌਕੇ ਸੈਂਕੜੇ ਮੁਲਾਜ਼ਮਾਂ ਅਤੇ ਜਥੇਬੰਦੀਆਂ ਦੇ ਕਾਰਕੁਨਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟਾਇਆ।