ਟਰਾਈਡੈਂਟ ਗਰੁੱਪ ਵੱਲੋਂ ਪ੍ਰਕਾਸ਼ ਪੁਰਬ ਮੌਕੇ ਅੱਜ ਸਜਾਇਆ ਜਾਵੇਗਾ ਅਲੌਕਿਕ ਕੀਰਤਨ ਦਰਬਾਰ ਟਰਾਈਡੈਂਟ ਗਰੁੱਪ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸਜਾਇਆ ਜਾਵੇਗਾ ਅਲੌਕਿਕ ਕੀਰਤਨ ਦਰਬਾਰ
Publish Date: Sat, 28 Nov 2026 04:35 PM (IST)
Updated Date: Sat, 28 Nov 2026 04:37 PM (IST)
:: ਪਦਮਸ਼੍ਰੀ ਡਾ. ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਧਾਰਮਿਕ ਤੇ ਸਮਾਜਿਕ ਕਾਰਜਾਂ ’ਚ ਟਰਾਈਡੈਂਟ ਗਰੁੱਪ ਦੀ ਅਹਿਮ ਭੂਮਿਕਾ : ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਜੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ : ਰੁਪਿੰਦਰ ਗੁਪਤਾ ਕੈਪਸ਼ਨ : ਪਦਮਸ਼੍ਰੀ ਡਾ. ਰਾਜਿੰਦਰ ਗੁਪਤਾ। ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਸੰਗਤਾਂ ਨਾਲ ਸਾਂਝਾ ਕਰਨ ਤੇ ਗੁਰੂ ਸਾਹਿਬ ਦੀ ਸਰਬ-ਸਾਂਝੀਵਾਲਤਾ, ਕਿਰਤ ਕਰਨ ਅਤੇ ਵੰਡ ਛਕਣ ਦੀ ਵਿਚਾਰਧਾਰਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਟਰਾਈਡੈਂਟ ਗਰੁੱਪ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 29 ਨਵੰਬਰ ਨੂੰ ਟਰਾਈਡੈਂਟ ਕੰਪਲੈਕਸ, ਰਾਏਕੋਟ ਰੋਡ, ਸੰਘੇੜਾ ਵਿਖੇ ਮਹਾਨ ਕੀਰਤਨ ਦਰਬਾਰ ਸਜਾਇਆ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸੰਗਤਾਂ ’ਚ ਭਾਰੀ ਉਤਸ਼ਾਹ ਹੈ ਤੇ ਟਰਾਈਡੈਂਟ ਪ੍ਰਬੰਧਕਾਂ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਦਾ ਉਪਰਾਲਾ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਤੇ ਰਾਜ ਸਭਾ ਮੈਂਬਰ ਪਦਮਸ਼੍ਰੀ ਡਾ. ਰਾਜਿੰਦਰ ਗੁਪਤਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਭਾਈਚਾਰੇ, ਸੇਵਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਦਾ ਮਕਸਦ ਸਿਰਫ਼ ਗੁਰਬਾਣੀ ਕੀਰਤਨ ਸਰਵਣ ਕਰਨਾ ਹੀ ਨਹੀਂ, ਸਗੋਂ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਜੀਵਨ ਫਲਸਫੇ ਨਾਲ ਜੋੜਨਾ ਵੀ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਧਾਰਮਿਕ ਅਤੇ ਸਮਾਜਿਕ ਉਪਰਾਲਿਆਂ ਦੀ ਸ਼ਲਾਘਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਵੱਲੋਂ ਉਦਯੋਗਿਕ ਖੇਤਰ ’ਚ ਆਪਣੀ ਪਛਾਣ ਬਣਾਉਣ ਦੇ ਨਾਲ-ਨਾਲ ਧਾਰਮਿਕ, ਸਮਾਜਿਕ ਤੇ ਲੋਕ ਭਲਾਈ ਦੇ ਕਾਰਜਾਂ ’ਚ ਵੀ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਦਮਸ਼੍ਰੀ ਡਾ. ਰਾਜਿੰਦਰ ਗੁਪਤਾ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਕੀਰਤਨ ਦਰਬਾਰ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਇਲਾਕੇ ਦੀਆਂ ਸੰਗਤਾਂ ਨੂੰ ਇਕੱਠੇ ਹੋ ਕੇ ਗੁਰਬਾਣੀ ਕੀਰਤਨ ਸਰਵਣ ਕਰਨ ਦਾ ਸੁਭਾਗ ਪ੍ਰਾਪਤ ਹੁੰਦਾ ਹੈ। ਸਮਾਜ ਨੂੰ ਜੋੜਨ ਵਾਲੇ ਉਪਰਾਲੇ ਸਮੇਂ ਦੀ ਲੋੜ : ਸੰਜੀਵ ਸ਼ੌਰੀ ਸੀਨੀਅਰ ਅਕਾਲੀ ਆਗੂ ਸੰਜੀਵ ਸ਼ੌਰੀ ਨੇ ਕਿਹਾ ਕਿ ਅਜੋਕੇ ਸਮੇਂ ’ਚ ਸਮਾਜ ਨੂੰ ਧਾਰਮਿਕ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੀ ਬੇਹੱਦ ਲੋੜ ਹੈ। ਟਰਾਈਡੈਂਟ ਗਰੁੱਪ ਵੱਲੋਂ ਕਰਵਾਇਆ ਜਾ ਰਿਹਾ ਮਹਾਨ ਕੀਰਤਨ ਦਰਬਾਰ ਇਸ ਦਿਸ਼ਾ ’ਚ ਇੱਕ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪਦਮਸ਼੍ਰੀ ਡਾ. ਰਾਜਿੰਦਰ ਗੁਪਤਾ ਵੱਲੋਂ ਉਦਯੋਗਿਕ ਜ਼ਿੰਮੇਵਾਰੀਆਂ ਦੇ ਨਾਲ-ਨਾਲ ਧਾਰਮਿਕ ਅਤੇ ਸਮਾਜਿਕ ਸਰੋਕਾਰਾਂ ਨੂੰ ਵੀ ਮਹੱਤਵ ਦੇਣਾ ਪ੍ਰੇਰਨਾਦਾਇਕ ਹੈ। ਅਜਿਹੇ ਸਮਾਗਮਾਂ ਨਾਲ ਆਪਸੀ ਭਾਈਚਾਰਾ ਅਤੇ ਸਾਂਝ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਗੁਰੂ ਘਰ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ : ਯਾਦਵਿੰਦਰ ਸ਼ੰਟੀ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਕੀਰਤਨ ਦਰਬਾਰ ਇਲਾਕੇ ਦੀਆਂ ਸੰਗਤਾਂ ਲਈ ਅਧਿਆਤਮਿਕ ਆਨੰਦ ਪ੍ਰਾਪਤ ਕਰਨ ਦਾ ਵਿਸ਼ੇਸ਼ ਮੌਕਾ ਹੈ। ਉਨ੍ਹਾਂ ਕਿਹਾ ਕਿ ਪਦਮਸ਼੍ਰੀ ਡਾ. ਰਾਜਿੰਦਰ ਗੁਪਤਾ ਵੱਲੋਂ ਅਜਿਹੇ ਸਮਾਗਮਾਂ ਰਾਹੀਂ ਧਾਰਮਿਕ ਵਿਰਸੇ ਤੇ ਗੁਰਮਤਿ ਵਿਚਾਰਧਾਰਾ ਨੂੰ ਸਨਮਾਨ ਦੇਣਾ ਸ਼ਲਾਘਾਯੋਗ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਸਮਾਗਮ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। 29 ਨਵੰਬਰ ਨੂੰ ਸਵੇਰੇ 10 ਤੋਂ 12 ਵਜੇ ਤੱਕ ਸਜੇਗਾ ਕੀਰਤਨ ਦਰਬਾਰ ਟਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ ਨੇ ਦੱਸਿਆ ਕਿ 29 ਨਵੰਬਰ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਮਹਾਨ ਕੀਰਤਨ ਦਰਬਾਰ ਸਜੇਗਾ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਆਪਣੀ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਅਤੇ ਸੰਗਤਾਂ ਦੀ ਸਹੂਲਤ ਲਈ ਪਾਰਕਿੰਗ ਸਮੇਤ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਪਵਿੱਤਰ ਸਮਾਗਮ ’ਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।