- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਮੂਲ ਸਿਧਾਂਤਾਂ, ਨਾਗਰਿਕ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਤੇ ਆਰੀਆਭੱਟਾ ਕਾਲਜ, ਬਰਨਾਲਾ ਦੇ ਸਾਂਝੇ ਸਹਿਯੋਗ ਨਾਲ ਰਾਸ਼ਟਰੀ ਸੰਵਿਧਾਨ ਦਿਵਸ ਬਹੁਤ ਹੀ ਉਤਸ਼ਾਹ, ਸਤਿਕਾਰ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ, ਲੋਕਤੰਤਰੀ ਪ੍ਰਣਾਲੀ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਅਧਿਕਾਰਾਂ ਅਤੇ ਫਰਜ਼ਾਂ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਾਰਤੀ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨਾਲ ਜੋੜਨਾ, ਉਨ੍ਹਾਂ ’ਚ ਸੰਵਿਧਾਨਕ ਜਾਗਰੂਕਤਾ ਪੈਦਾ ਕਰਨਾ ਤੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਮਜ਼ਬੂਤ ਬਣਾਉਣ ’ਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ। ਰਾਸ਼ਟਰੀ ਸੰਵਿਧਾਨ ਦਿਵਸ ਹਰ ਸਾਲ 26 ਨਵੰਬਰ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਭਾਰਤ ਦੇ ਇਤਿਹਾਸ ’ਚ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ 26 ਨਵੰਬਰ 1949 ਨੂੰ ਸੰਵਿਧਾਨ ਸਭਾ ਵੱਲੋਂ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ, ਜਦਕਿ ਇਹ 26 ਜਨਵਰੀ 1950 ਨੂੰ ਪੂਰੀ ਤਰ੍ਹਾਂ ਲਾਗੂ ਹੋਇਆ। ਇਸ ਇਤਿਹਾਸਕ ਦਿਨ ਦੀ ਯਾਦ ਵਿੱਚ ਹਰ ਸਾਲ ਦੇਸ਼ ਭਰ ’ਚ ਵੱਖ-ਵੱਖ ਵਿਦਿਅਕ ਸੰਸਥਾਵਾਂ, ਸਰਕਾਰੀ ਅਤੇ ਗੈਰ-ਸਰਕਾਰੀ ਸੰਗਠਨਾਂ ਵੱਲੋਂ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ ਤਾਂ ਜੋ ਦੇਸ਼ ਦੇ ਨਾਗਰਿਕਾਂ ਨੂੰ ਸੰਵਿਧਾਨ ਦੀ ਮਹੱਤਤਾ ਤੇ ਇਸ ਦੀ ਪਾਲਣਾ ਕਰਨ ਦੀ ਜ਼ਿੰਮੇਵਾਰੀ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਸੰਸਥਾ ਦੇ ਕੈਂਪਸ ਡਾਇਰੈਕਟਰ ਡਾ. ਅਜੈ ਕੁਮਾਰ ਮਿੱਤਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੀ ਲੋਕਤੰਤਰੀ ਵਿਵਸਥਾ ਦਾ ਮਜ਼ਬੂਤ ਆਧਾਰ ਹੈ ।