- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਖ਼ਿਲਾਫ਼ ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ, ਚਲਾਇਆ ਕਾਸੋ ਆਪ੍ਰੇਸ਼ਨ

: ਵੱਖ-ਵੱਖ ਥਾਵਾਂ ’ਤੇ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਤੇ ਪੁੱਛਗਿੱਛ
: ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ਲੋਕ : ਜ਼ਿਲ੍ਹਾ ਪੁਲਿਸ ਮੁਖੀ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ ਆਲਮ ਦੀ ਅਗਵਾਈ ਹੇਠ ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਕਾਸੋ ਅਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਦੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਟੀਮਾਂ ਨੇ ਨਸ਼ਿਆਂ ਦੇ ਮਾਮਲੇ ਵਿੱਚ ਸੰਵੇਦਨਸ਼ੀਲ ਮੰਨੀਆਂ ਜਾਂਦੀਆਂ ਕਾਲੋਨੀਆਂ ਅਤੇ ਹੋਰ ਇਲਾਕਿਆਂ ਵਿੱਚ ਪਹੁੰਚ ਕੇ ਚੈਕਿੰਗ ਕੀਤੀ।
ਵੱਖ-ਵੱਖ ਇਲਾਕਿਆਂ ਵਿੱਚ ਪੁਲਿਸ ਨੇ ਕੀਤੀ ਚੈਕਿੰਗ
ਕਾਸੋ ਆਪ੍ਰੇਸ਼ਨ ਤਹਿਤ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਵੀ ਕੀਤੀ ਗਈ ਅਤੇ ਇਲਾਕਿਆਂ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ। ਪੁਲਿਸ ਵੱਲੋਂ ਇਸ ਕਾਰਵਾਈ ਦਾ ਮੁੱਖ ਮਕਸਦ ਨਸ਼ਾ ਤਸਕਰੀ ਨੂੰ ਰੋਕਣਾ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਹੈ।
: ਨਸ਼ਾ ਤਸਕਰਾਂ ਖ਼ਿਲਾਫ਼ ਜਾਰੀ ਰਹੇਗੀ ਕਾਰਵਾਈ
ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ ਆਲਮ ਨੇ ਕਿਹਾ ਕਿ ਬਰਨਾਲਾ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸਮੇਂ-ਸਮੇਂ ’ਤੇ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਪੁਲਿਸ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।
ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦਾ ਸਾਥ ਦੇਣ। ਜੇਕਰ ਕਿਸੇ ਵੀ ਵਿਅਕਤੀ ਨੂੰ ਆਪਣੇ ਇਲਾਕੇ ਵਿੱਚ ਨਸ਼ਾ ਤਸਕਰੀ ਜਾਂ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਦੇ ਆਪਸੀ ਸਹਿਯੋਗ ਨਾਲ ਹੀ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਦੇ ਯਤਨਾਂ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ।