ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੀਤਾ ਰੋਸ ਪ੍ਰਦਰਸ਼ਨ

- ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਸੁਪਰੀਮ ਕੋਰਟ ਦੇ ਗੈਰ ਕੁਦਰਤੀ ਦਿੱਤੇ ਅਧਿਆਪਕ ਵਿਰੋਧੀ ਫ਼ੈਸਲੇ ਖ਼ਿਲਾਫ਼ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਜਾਰੀ ਰੱਖਣ ਦਾ ਅਹਿਦ ਲੈਂਦਿਆਂ ਸੂਬਾ ਪੱਧਰੀ ਸੱਦੇ ਅਨੁਸਾਰ ਚਿੰਟੂ ਪਾਰਕ ਬਰਨਾਲਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਉਪਰੰਤ ਸ਼ਹਿਰ ’ਚ ਰੋਸ ਮਾਰਚ ਕਰਨ ਉਪਰੰਤ ਸਿਵਲ ਹਸਪਤਾਲ ਚੌਕ ’ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਜਥੇਬੰਦੀਆਂ ਦੇ ਆਗੂਆਂ ਨਰਿੰਦਰ ਸ਼ਹਿਣਾ, ਹਰਿੰਦਰ ਮੱਲੀਆਂ, ਰਾਜੀਵ ਕੁਮਾਰ, ਪਰਮਿੰਦਰ ਬਰਨਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਸੁਪਰੀਮ ਕੋਰਟ ਰਾਹੀਂ ਟੈੱਟ ਦੀ ਬਿਲਕੁਲ ਬੇਲੋੜੀ, ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ’ਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ’ਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ’ਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਅਧਿਆਪਕਾਂ ਦੇ ਹਰ ਵਰਗ ’ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ ’ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ’ਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ। ਸਰਕਾਰ ਵੱਲੋਂ ਖਜ਼ਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ, ਬਹੁਗਿਣਤੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਨੂੰ ਤਰਸ ਰਹੇ ਹਨ। ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਰਮਲ ਚੁਹਾਣਕੇ, ਦਲਜਿੰਦਰ ਸਿੰਘ ਪੰਡੋਰੀ, ਤੇਜਿੰਦਰ ਸਿੰਘ ਤੇਜੀ, ਕਪਿਲ ਤਪਾ, ਕਰਮਜੀਤ ਸਿੰਘ ਭੋਤਨਾ, ਸਤਪਾਲ ਤਪਾ, ਰਾਜਿੰਦਰ ਕੁਮਾਰ, ਮਾਲਵਿੰਦਰ ਸਿੰਘ, ਰਮਨਦੀਪ ਸਿੰਘ, ਅਸੋਕ ਛੀਨੀਵਾਲ, ਜਗਜੀਤ ਸਿੰਘ ਪੰਧੇਰ, ਅਮ੍ਰਿਤਪਾਲ ਕੋਟਦੁੱਨਾ, ਅਮਰੀਕ ਸਿੰਘ ਭੱਦਲਵੱਡ, ਜਗਜੀਤ ਸਿੰਘ ਛਾਪਾ, ਏਕਮਪ੍ਰੀਤ ਸਿੰਘ ਭੋਤਨਾ, ਲਖਵੀਰ ਸਿੰਘ ਠੁੱਲੀਵਾਲ, ਸੁਖਬੀਰ ਸਿੰਘ ਸੰਘੇੜਾ, ਸੁਖਦੀਪ ਤਪਾ, ਹਰਪ੍ਰੀਤ ਸਿੰਘ ਟੱਲੇਵਾਲ, ਜਸਵੀਰ ਸ਼ਹਿਣਾ, ਵਿਕਾਸ ਕੁਮਾਰ ਭੱਦਲਵੱਡ, ਹਰਜੀਤ ਸਿੰਘ ਖੁੱਡੀ, ਸਰਨਜੀਤ ਸਿੰਘ ਸਾਂਪਲਾ, ਸੂਰੀਆ, ਗੁਰਗੀਤ ਸਿੰਘ ਠੀਕਰੀਵਾਲਾ, ਗੁਰਮੇਲ ਸਿੰਘ ਰੂੜੇਕੇ ਆਦਿ ਹਾਜ਼ਰ ਸਨ।