- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫੋਟੋਗ੍ਰਾਫਰਾਂ ਦੀ ਜਥੇਬੰਦੀ ਨੇ ਡੀਸੀ ਤੇ ਐਸਐਸਪੀ ਨੂੰ ਦਿੱਤਾ ਮੰਗ ਪੱਤਰ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਵਿਆਹਾਂ ਦੇ ਸੀਜ਼ਨ ਦੌਰਾਨ ਫੋਟੋਗ੍ਰਾਫਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ, ਉਨ੍ਹਾਂ ਦੀ ਸੁਰੱਖਿਆ ਤੇ ਵਿਆਹ ਸਮਾਗਮਾਂ ’ਚ ਦੇਰ ਰਾਤ ਤੱਕ ਚੱਲਣ ਵਾਲੇ ਡੀਜੇ ਦੀ ਸਮੱਸਿਆ ਦੇ ਹੱਲ ਲਈ ਦੀ ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਇੱਕ ਵਫ਼ਦ ਨੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਤੇ ਐੱਸਐੱਸਪੀ ਮੁਹੰਮਦ ਸਰਫਰਾਜ ਆਲਮ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਫੋਟੋਗ੍ਰਾਫਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਤੇ ਇਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਸੂਬਾ ਜਥੇਬੰਦਕ ਸਕੱਤਰ ਜਗਤਾਰ ਸਿੰਘ ਗਿੱਲ ਤੇ ਜ਼ਿਲ੍ਹਾ ਪ੍ਰਧਾਨ ਤਰਸੇਮ ਖਾਨ ਨੇ ਦੱਸਿਆ ਕਿ ਜਥੇਬੰਦੀ ਦੀ ਜ਼ਿਲ੍ਹਾ ਇਕਾਈ ਤੇ ਵੱਖ-ਵੱਖ ਸਥਾਨਕ ਇਕਾਈਆਂ ਦੇ ਪ੍ਰਧਾਨਾਂ ਤੇ ਸਕੱਤਰਾਂ ਦੇ ਵਫ਼ਦ ਵੱਲੋਂ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਕੇ ਫੋਟੋਗ੍ਰਾਫਰਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਵਿਆਹਾਂ ਤੇ ਹੋਰ ਖੁਸ਼ੀ ਦੇ ਸਮਾਗਮਾਂ ਦੌਰਾਨ ਦੇਰ ਰਾਤ ਤੱਕ ਡੀਜੇ ਵੱਜਣ ਕਾਰਨ ਫੋਟੋਗ੍ਰਾਫਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਮਾਣਯੋਗ ਹਾਈਕੋਰਟ ਵੱਲੋਂ ਡੀਜੇ ਦੇ ਸਮੇਂ ਸਬੰਧੀ ਜਾਰੀ ਹਦਾਇਤਾਂ ਨੂੰ ਬਰਨਾਲਾ ਜ਼ਿਲ੍ਹੇ ’ਚ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ। ਜਥੇਬੰਦੀ ਦੇ ਆਗੂਆਂ ਨੇ ਵਿਆਹ ਸਮਾਗਮਾਂ ਤੇ ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਤੇ ਫਾਇਰਿੰਗ ਕਰਨ ਦੀਆਂ ਘਟਨਾਵਾਂ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਮੇਜ਼ਬਾਨਾਂ ਦੇ ਰਿਸ਼ਤੇਦਾਰਾਂ ਦੇ ਨਾਲ-ਨਾਲ ਫੋਟੋਗ੍ਰਾਫਰਾਂ ਦੀ ਜਾਨ ਤੇ ਮਾਲ ਨੂੰ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਵਿਆਹ ਸਮਾਗਮਾਂ ’ਚ ਹਥਿਆਰਾਂ ਦੀ ਵਰਤੋਂ ’ਤੇ ਸਖ਼ਤੀ ਨਾਲ ਰੋਕ ਲਗਾਉਣ ਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਦੇਰ ਰਾਤ ਵਿਆਹ ਸਮਾਗਮਾਂ ’ਚ ਆਪਣੀ ਡਿਊਟੀ ਨਿਭਾਉਣ ਤੋਂ ਬਾਅਦ ਘਰਾਂ ਨੂੰ ਪਰਤ ਰਹੇ ਫੋਟੋਗ੍ਰਾਫਰਾਂ ਨਾਲ ਲੁੱਟ-ਖੋਹ ਤੇ ਹੋਰ ਅਣਸੁਖਾਵੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ। ਇਸ ਕਾਰਨ ਫੋਟੋਗ੍ਰਾਫਰਾਂ ’ਚ ਸੁਰੱਖਿਆ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਫੋਟੋਗ੍ਰਾਫਰਾਂ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਜਥੇਬੰਦੀ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਮੰਗ ਪੱਤਰ ’ਚ ਉਠਾਏ ਗਏ ਮੁੱਦਿਆਂ 'ਤੇ ਵਿਚਾਰ ਕਰਕੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਵਫ਼ਦ ’ਚ ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਸੂਬਾਈ ਅਹੁਦੇਦਾਰਾਂ, ਜ਼ਿਲ੍ਹਾ ਇਕਾਈ ਬਰਨਾਲਾ ਦੀ ਟੀਮ ਤੇ ਮਹਿਲ ਕਲਾਂ, ਬਰਨਾਲਾ, ਭਦੌੜ, ਬਡਬਰ, ਧਨੌਲਾ, ਰਾਏਸਰ, ਰੂੜੇਕੇ ਕਲਾਂ, ਤਪਾ ਤੇ ਉਪਲੀ ਸਮੇਤ ਵੱਖ-ਵੱਖ ਸਥਾਨਕ ਇਕਾਈਆਂ ਦੇ ਪ੍ਰਧਾਨ, ਸਕੱਤਰ ਤੇ ਵੱਡੀ ਗਿਣਤੀ ’ਚ ਫੋਟੋਗ੍ਰਾਫਰ ਹਾਜ਼ਰ ਸਨ।