ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਹਿਰ ’ਚ ਕੱਢਿਆ ਵਿਸ਼ਾਲ ਨਗਰ ਕੀਰਤਨ
Publish Date: Mon, 09 Nov 2026 04:11 PM (IST)
Updated Date: Mon, 09 Nov 2026 04:11 PM (IST)
ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਗੁਰਦੁਆਰਾ ਸਾਹਿਬ ਰਾਮਗੜ੍ਹੀਆ ਬਰਨਾਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਹਿਰ ਅੰਦਰ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਰਾਮਗੜ੍ਹੀਆ ਦੇ ਪ੍ਰਧਾਨ ਤੇਜਾ ਸਿੰਘ ਮਹਿਲ, ਪ੍ਰਬੰਧਕ ਗੁਰਦੇਵ ਸਿੰਘ, ਤੇਜਾ ਸਿੰਘ, ਗਗਨਦੀਪ ਸਿੰਘ ਲੋਟੇ, ਗੁਰਪ੍ਰੀਤ ਸਿੰਘ, ਮਾਨਾ ਸਿੰਘ ਲੋਟੇ, ਗੁਰਦੀਪ ਸਿੰਘ ਮਿੰਟੂ, ਮਾਸਟਰ ਮਨਜੀਤ ਸਿੰਘ ਮਾਂਗੇਵਾਲ, ਰਾਜਵੰਤ ਸਿੰਘ ਲੋਟ ਆਦਿ ਮੈਂਬਰਾਂ ਨੇ ਦੱਸਿਆ ਕਿ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 8 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਪ੍ਰਕਾਸ਼ ਕਰਵਾਏ ਗਏ ਸਨ, ਜਦਕਿ 9 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸੇ ਲੜੀ ਤਹਿਤ 10 ਨਵੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੀਰਤਨ ਦਰਬਾਰ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮੁੱਚੇ ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਨਗਰ ਕੀਰਤਨ ਦੌਰਾਨ ਬੀਬੀ ਰਵਿੰਦਰ ਕੌਰ ਪਟਿਆਲਾ ਵਾਲੇ, ਭਾਈ ਅਮਰਜੀਤ ਸਿੰਘ ਠੀਕਰੀਵਾਲਾ ਵਾਲੇ, ਗੁਰਦੁਆਰਾ ਸਾਹਿਬ ਰਾਮਗੜ੍ਹੀਆ ਦੇ ਹਜ਼ੂਰੀ ਰਾਗੀ ਭਾਈ ਬਹਾਦਰ ਸਿੰਘ ਤੇ ਢਾਡੀ ਜਥੇ ਭਾਈ ਦਰਸ਼ਨ ਸਿੰਘ ਬਰਨਾਲਾ ਵੱਲੋਂ ਧਾਰਮਿਕ ਕੀਰਤਨ ਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਗੇ ਵਧਿਆ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸੰਗਤਾਂ ਵੱਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।