ਦਿਵਿਆਂਗ ਬੱਚਿਆਂ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਦਿਵਿਆਂਗ ਬੱਚਿਆਂ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ
Publish Date: Sun, 18 Oct 2026 04:17 PM (IST)
Updated Date: Sun, 18 Oct 2026 04:18 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਯਾਦਗਾਰ ਪ੍ਰਧਾਨ ਗੁਰਦੇਵ ਸਿੰਘ ਸਟੇਡੀਅਮ ਸੰਘੇੜਾ ਵਿਖੇ ਦਿਵਿਆਂਗ ਬੱਚਿਆਂ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ। ਇਹ ਖੇਡਾਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਤੇ ਵਾਈਸ ਪ੍ਰਧਾਨ ਭੋਲਾ ਸਿੰਘ ਗਿੱਲ ਦੀ ਅਗਵਾਈ ਹੇਠ, ਕਾਲਜ ਪ੍ਰਿੰਸੀਪਲ ਡਾ. ਸਰਬਜੀਤ ਸਿੰਘ ਕੁਲਾਰ ਤੇ ਸਕੂਲ ਪ੍ਰਿੰਸੀਪਲ ਡਾ. ਰਵਿੰਦਰ ਕੌਰ ਜਵੰਦਾ ਦੀ ਰਹਿਨੁਮਾਈ ਹੇਠ ਕਰਵਾਈਆਂ ਗਈਆਂ। ਪ੍ਰੋਗਰਾਮ ਦੀ ਸ਼ੁਰੂਆਤ ਸੰਸਥਾ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਵੱਲੋਂ ਰਿਬਨ ਕੱਟ ਕੇ ਕੀਤੀ ਗਈ। ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਮੈਡਮ ਇੰਦੂ ਸਿਮਕ, ਡੀ.ਈ.ਓ. ਐਲੀਮੈਂਟਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈਆਂ ਗਈਆਂ ਇਨ੍ਹਾਂ ਖੇਡਾਂ ’ਚ ਬਲਵੀਰ ਸਿੰਘ ਬੀਪੀਈਓ ਮਹਿਲ ਕਲਾਂ, ਹਰਿੰਦਰ ਸਿੰਘ ਬਰਾੜ, ਬੀਪੀਈਓ ਸ਼ਹਿਣਾ, ਨਰਿੰਦਰ ਸ਼ਰਮਾ, ਸਮਾਰਟ ਸਕੂਲ ਕੋਆਰਡੀਨੇਟਰ, ਰਮਨਦੀਪ ਸਿੰਘ ਵਿਰਕ, ਆਈਈਡੀ ਇੰਚਾਰਜ, ਜਸਵੀਰ ਸਿੰਘ, ਬਲਾਕ ਨੋਡਲ ਅਫ਼ਸਰ ਮਹਿਲ ਕਲਾਂ, ਕੁਲਦੀਪ ਸਿੰਘ ਅਕਾਊਂਟੈਂਟ, ਜਗਜੀਤ ਸਿੰਘ ਅਕਾਊਂਟੈਂਟ, ਸੰਦੀਪ ਕੁਮਾਰ, ਦਵਿੰਦਰ ਕੌਰ ਸਪੈਸ਼ਲ ਐਜੂਕੇਟਰ ਤੇ ਸਟੇਜ ਸਕੱਤਰ, ਗੁਰਤੇਜ ਸਿੰਘ ਸਟੇਜ ਸਕੱਤਰ ਤੇ ਸਾਰੇ ਬਲਾਕ ਸਪੈਸ਼ਲ ਐਜੂਕੇਟਰਾਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਖੇਡਾਂ ’ਚ ਕੁੱਲ 55 ਖਿਡਾਰੀਆਂ ਅਤੇ 55 ਮਾਪਿਆਂ ਨੇ ਭਾਗ ਲਿਆ। ਸੰਸਥਾ ਦੇ ਪ੍ਰਧਾਨ ਤੇ ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਵਿਦਿਆਰਥੀਆਂ ਲਈ 21 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਬੱਚੇ ’ਚ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਤੇ ਯੋਗਤਾ ਹੁੰਦੀ ਹੈ। ਇਨ੍ਹਾਂ ਬੱਚਿਆਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਤੇ ਉਨ੍ਹਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਤੇ ਹੋਰ ਗਤੀਵਿਧੀਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਬੱਚਿਆਂ ਦੀ ਸਹੂਲਤ ਨੂੰ ਧਿਆਨ ’ਚ ਰੱਖਦਿਆਂ ਪ੍ਰਬੰਧਕਾਂ ਵੱਲੋਂ ਸਵੇਰ ਦੇ ਨਾਸ਼ਤੇ, ਦੁਪਹਿਰ ਦੇ ਖਾਣੇ ਤੇ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਖੇਡਾਂ ਦੌਰਾਨ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅਜਿਹੇ ਉਪਰਾਲੇ ਬੱਚਿਆਂ ਅੰਦਰ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ’ਚ ਵੀ ਸਹਾਇਕ ਸਿੱਧ ਹੁੰਦੇ ਹਨ। ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਨੇ ਇਸ ਮੌਕੇ ਸੰਦੇਸ਼ ਦਿੰਦਿਆਂ ਕਿਹਾ ਕਿ ਹਰ ਬੱਚਾ ਵਿਸ਼ੇਸ਼ ਹੈ ਤੇ ਹਰ ਬੱਚੇ ਨੂੰ ਆਪਣੀ ਯੋਗਤਾ ਸਾਬਤ ਕਰਨ ਲਈ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਅਜਿਹੇ ਖੇਡ ਸਮਾਗਮ ਬੱਚਿਆਂ ਦਾ ਮਨੋਬਲ ਉੱਚਾ ਚੁੱਕਣ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਸਮਾਜ ’ਚ ਸਮਾਨਤਾ ਤੇ ਅਪਣੱਤ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਬਹੁਤ ਮਹੱਤਵਪੂਰਨ ਹਨ। ਅਖੀਰ ’ਚ ਮੈਡਮ ਇੰਦੂ ਸਿਮਕ, ਡੀ.ਈ.ਓ. ਐਲੀਮੈਂਟਰੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਡਾ. ਰਵਿੰਦਰ ਕੌਰ ਜਵੰਦਾ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।