ਜਸਵੀਰ ਸਿੰਘ ਵਜੀਦਕੇ, ਮਹਿਲ ਕਲਾਂ : ਜ਼ਿਲ੍ਹਾ ਬਰਨਾਲਾ ਦੇ ਪਿੰਡ ਠੁੱਲੀਵਾਲ ਵਿਖੇ ਕਰਜ਼ੇ ਤੋਂ ਪਰੇਸ਼ਾਨ ਇਕ ਕਿਸਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕਸ਼ੀ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਠੁੱਲੀਵਾਲ ਦੇ ਏਐੱਸਆਈ ਮਨਜਿੰਦਰ ਸਿੰਘ ਤੇ ਏਐੱਸਆਈ ਗੁਰਤੇਜ ਸਿੰਘ ਨੇ ਦੱਸਿਆ ਕਿ ਤਲਵਿੰਦਰ ਸਿੰਘ (28) ਪੁੱਤਰ ਸੁਖਦੇਵ ਸਿੰਘ ਵਾਸੀ ਠੁੱਲੀਵਾਲ ਨੇ ਆਪਣੇ ਸਿਰ ਚੜ੍ਹੇ ਕਰਜ਼ੇ ਕਾਰਨ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਆਪਣੇ ਘਰ 'ਚ ਜ਼ਹਿਰੀਲੀ ਦਵਾਈ ਪੀ ਕੇ ਖੁਦਕਸ਼ੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਕਿਸਾਨ 2 ਏਕੜ ਜ਼ਮੀਨ ਦੀ ਖੇਤੀ ਕਰ ਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ ਤੇ ਕਰਜ਼ੇ ਦੇ ਬੋਝ ਕਾਰਨ ਉਸ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਮ੍ਰਿਤਕ ਕਿਸਾਨ ਦਾ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ, ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ, ਡੇਢ ਸਾਲਾ ਬੱਚਾ ਤੇ ਮਾਪਿਆਂ ਨੂੰ ਛੱਡ ਗਿਆ। ਇਸ ਸਬੰਧੀ ਮ੍ਰਿਤਕ ਕਿਸਾਨ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਠੁੱਲੀਵਾਲ ਦੀ ਪੁਲਿਸ ਵੱਲੋਂ 174 ਦੀ ਕਾਰਵਾਈ ਅਮਲ 'ਚ ਲਿਆ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਇਕਾਈ ਪ੍ਰਧਾਨ ਮੇਵਾ ਸਿੰਘ ਭੱਟੀ, ਬਲਾਕ ਆਗੂ ਨਾਜਰ ਸਿੰਘ, ਹਰਤੇਜ ਸਿੰਘ ਸਿੱਧੂ, ਜਸਵੀਰ ਸਿੰਘ ਸੀਰਾ, ਪਿਆਰਾ ਸਿੰਘ ਠੁੱਲੀਵਾਲ, ਸਾਬਕਾ ਚੇਅਰਮੈਨ ਕਰਨੈਲ ਸਿੰਘ ਠੁੱਲੀਵਾਲ ਤੇ ਸਾਬਕਾ ਸੰਮਤੀ ਮੈਂਬਰ ਜਰਨੈਲ ਸਿੰਘ ਭੋਲਾ ਨੇ ਮ੍ਰਿਤਕ ਕਿਸਾਨ ਤਲਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਕਿਸਾਨ ਦਾ ਕਰਜ਼ਾਂ ਮਾਫ਼ ਤੇ ਮੁਆਵਜ਼ੇ ਦੀ ਮੰਗ ਕੀਤੀ।

Posted By: Amita Verma