'ਕਰਜ਼ੇ ਨੇ ਖੋਹ ਲਿਆ ਘਰ ਦਾ ਚਿਰਾਗ...', ਆਰਥਿਕ ਤੰਗੀ ਤੋਂ ਤੰਗ ਆ ਕੇ ਕਿਸਾਨ ਨੇ ਖ਼ਤਮ ਕੀਤੀ ਜੀਵਨ ਲੀਲਾ, ਪਿੰਡ 'ਚ ਛਾਇਆ ਮਾਤਮ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਠੁੱਲੀਵਾਲ ਵਿਖੇ ਇੱਕ ਕਿਸਾਨ ਵੱਲੋਂ ਕਰਜ਼ੇ ਤੇ ਆਰਥਿਕ ਤੰਗੀ ਕਾਰਨ ਆਪਣੇ ਘਰ ’ਚ ਕੋਈ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਹਰਜਿੰਦਰ ਸਿੰਘ (44) ਪੁੱਤਰ ਜੱਗਾ ਸਿੰਘ ਵਾਸੀ ਠੁੱਲੀਵਾਲ ਵਜੋਂ ਹੋਈ ਹੈ। ਥਾਣਾ ਠੁੱਲੀਵਾਲ ਦੇ ਮੁਖੀ ਅਜੈਬ ਸਿੰਘ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਕਿਸਾਨ ਦੀ ਆਪਣੀ ਜ਼ਮੀਨ ਪਿਛਲੇ ਸਮੇਂ ਵੇਚੀ ਜਾ ਚੁੱਕੀ ਸੀ ਤੇ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਲਈ ਠੇਕੇ ’ਤੇ ਜ਼ਮੀਨ ਲੈ ਕੇ ਖੇਤੀਬਾੜੀ ਕਰਦਾ ਆ ਰਿਹਾ ਸੀ।
Publish Date: Wed, 19 Aug 2026 03:58 PM (IST)
Updated Date: Wed, 19 Aug 2026 04:00 PM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲਕਲਾਂ - ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਠੁੱਲੀਵਾਲ ਵਿਖੇ ਇੱਕ ਕਿਸਾਨ ਵੱਲੋਂ ਕਰਜ਼ੇ ਤੇ ਆਰਥਿਕ ਤੰਗੀ ਕਾਰਨ ਆਪਣੇ ਘਰ ’ਚ ਕੋਈ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਹਰਜਿੰਦਰ ਸਿੰਘ (44) ਪੁੱਤਰ ਜੱਗਾ ਸਿੰਘ ਵਾਸੀ ਠੁੱਲੀਵਾਲ ਵਜੋਂ ਹੋਈ ਹੈ। ਥਾਣਾ ਠੁੱਲੀਵਾਲ ਦੇ ਮੁਖੀ ਅਜੈਬ ਸਿੰਘ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਕਿਸਾਨ ਦੀ ਆਪਣੀ ਜ਼ਮੀਨ ਪਿਛਲੇ ਸਮੇਂ ਵੇਚੀ ਜਾ ਚੁੱਕੀ ਸੀ ਤੇ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਲਈ ਠੇਕੇ ’ਤੇ ਜ਼ਮੀਨ ਲੈ ਕੇ ਖੇਤੀਬਾੜੀ ਕਰਦਾ ਆ ਰਿਹਾ ਸੀ।
ਪਰਿਵਾਰ ਦੀਆਂ ਲੋੜਾਂ ਤੇ ਖੇਤੀਬਾੜੀ ਦੇ ਕੰਮ ਲਈ ਉਸ ਵੱਲੋਂ ਸਰਕਾਰੀ ਬੈਂਕਾਂ ਤੋਂ ਕਰਜ਼ਾ ਲਿਆ ਹੋਇਆ ਸੀ। ਪਿਛਲੇ ਸਮੇਂ ਝੋਨੇ ਦੀ ਫ਼ਸਲ ਬਰਸਾਤ ਕਾਰਨ ਖ਼ਰਾਬ ਹੋਣ ਨਾਲ ਕਿਸਾਨ ਨੂੰ ਖੇਤੀਬਾੜੀ ਦੇ ਧੰਦੇ ’ਚ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ, ਜਿਸ ਕਾਰਨ ਕਰਜ਼ੇ ਦੀਆਂ ਕਿਸ਼ਤਾਂ ਦੀ ਅਦਾਇਗੀ ਨਾ ਹੋਣ ਤੇ ਵਧਦੀ ਆਰਥਿਕ ਤੰਗੀ ਕਾਰਨ ਉਹ ਮਾਨਸਿਕ ਪਰੇਸ਼ਾਨੀ ਵਿੱਚੋਂ ਗੁਜ਼ਰ ਰਿਹਾ ਸੀ। ਇਸੇ ਦੌਰਾਨ ਉਸ ਨੇ ਆਪਣੇ ਘਰ ਅੰਦਰ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਕਿਸਾਨ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ। ਥਾਣਾ ਠੁੱਲੀਵਾਲ ਦੇ ਏਐਸਆਈ ਗੁਰਨਾਮ ਸਿੰਘ ਚਹਾਣਕੇ ਵੱਲੋਂ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 194 ਬੀਐਨਐਸਐਸ ਤਹਿਤ ਕਾਰਵਾਈ ਅਮਲ ’ਚ ਲਿਆਂਦੀ ਗਈ ਤੇ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਗਈ। ਇਸ ਦੁਖਦਾਈ ਘਟਨਾ ’ਤੇ ਸਰਪੰਚ ਪਰਮਜੀਤ ਕੌਰ ਸਿੱਧੂ, ਹਲਕਾ ਮਹਿਲ ਕਲਾਂ ਦੇ ਜ਼ੋਨ ਕੋਆਰਡੀਨੇਟਰ ਹਰਤੇਜ ਸਿੰਘ ਸਿੱਧੂ, ਬਲਾਕ ਸੰਮਤੀ ਮੈਂਬਰ ਹਰਜੀਤ ਸਿੰਘ ਗੋਗੀ, ਪੰਚ ਰਵਿੰਦਰ ਸਿੰਘ, ਪੰਚ ਹਰਦੀਪ ਸਿੰਘ, ਗੁਰਮੀਤ ਸਿੰਘ ਮਾਂਗਟ, ਕਿਸਾਨ ਆਗੂ ਨਾਜਰ ਸਿੰਘ ਧਾਲੀਵਾਲ ਤੇ ਮੇਵਾ ਸਿੰਘ ਭੱਟੀ ਸਮੇਤ ਹੋਰ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਡੂੰਘੀ ਹਮਦਰਦੀ ਪ੍ਰਗਟ ਕੀਤੀ।
ਉਕਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰਜ਼ੇ ਤੇ ਆਰਥਿਕ ਤੰਗੀ ਕਾਰਨ ਪਰਿਵਾਰ ਦੇ ਕਮਾਉਂਦੇ ਜੀਅ ਦੀ ਮੌਤ ਨਾਲ ਬੇਸਹਾਰਾ ਹੋਏ ਪੀੜਤ ਪਰਿਵਾਰ ਨੂੰ ਤੁਰੰਤ ਬਣਦਾ ਮੁਆਵਜ਼ਾ ਤੇ ਵਿਸ਼ੇਸ਼ ਆਰਥਿਕ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਰਿਵਾਰ ’ਚ ਬੱਚਿਆਂ ਦੀ ਪੜ੍ਹਾਈ, ਰੋਜ਼ੀ-ਰੋਟੀ ਤੇ ਭਵਿੱਖ ਦੀਆਂ ਜ਼ਿੰਮੇਵਾਰੀਆਂ ਨੂੰ ਦੇਖਦਿਆਂ ਸਰਕਾਰ ਵੱਲੋਂ ਪਰਿਵਾਰ ਦੇ ਮੁੜ ਵਸੇਬੇ ਲਈ ਵਿਸ਼ੇਸ਼ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਕੁਝ ਰਾਹਤ ਮਿਲ ਸਕੇ।