ਡਿਪਟੀ ਕਮਿਸ਼ਨਰ ਵੱਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਨਾਲ ਇਕੱਤਰਤਾ
ਡਿਪਟੀ ਕਮਿਸ਼ਨਰ ਵੱਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਨਾਲ ਮੀਟਿੰਗ
Publish Date: Wed, 08 Apr 2026 04:49 PM (IST)
Updated Date: Wed, 08 Apr 2026 04:53 PM (IST)

- ਕਿਹਾ, ਕਿਸਾਨਾਂ ਦੀ ਸਹੂਲਤ ਲਈ 71,724.6 ਮੀਟ੍ਰਿਕ ਟਨ ਯੂਰੀਆ ਤੇ 23,256.15 ਮੀਟ੍ਰਿਕ ਟਨ ਡੀਏਪੀ ਖਾਦ ਦਾ ਕੀਤਾ ਪ੍ਰਬੰਧ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਖੇਤੀਬਾੜੀ ਅਤੇ ਸਬੰਧਿਤ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ, ਫ਼ਸਲਾਂ ਦੀ ਸਥਿਤੀ ਅਤੇ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਵਿੱਚ ਜ਼ਿਲ੍ਹੇ ਅੰਦਰ ਲਗਭਗ 1,14,000 ਹੈੱਕਟੇਅਰ ਰਕਬੇ ਵਿੱਚ ਕਣਕ ਦੀ ਕਾਸ਼ਤ ਕੀਤੀ ਗਈ ਹੈ। ਕਿਸਾਨਾਂ ਦੀ ਸਹੂਲਤ ਲਈ ਸਾਲ 2025-26 ਦੇ ਟੀਚਿਆਂ ਨੂੰ ਮੁੱਖ ਰੱਖਦਿਆਂ ਮਾਰਚ 2026 ਤੱਕ 71,724.6 ਮੀਟ੍ਰਿਕ ਟਨ ਯੂਰੀਆ ਅਤੇ 23,256.15 ਮੀਟ੍ਰਿਕ ਟਨ ਡੀਏਪੀ ਖਾਦ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਤੱਕ ਮਿਆਰੀ ਖਾਦਾਂ, ਬੀਜ ਅਤੇ ਦਵਾਈਆਂ ਦੀ ਪਹੁੰਚ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ ਬੀਜਾਂ ਦੇ 185, ਕੀੜੇਮਾਰ ਦਵਾਈਆਂ ਦੇ 156 ਅਤੇ ਰਸਾਇਣਕ ਖਾਦਾਂ ਦੇ 98 ਸੈਂਪਲ ਲਏ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਊਣਤਾਈ ਨੂੰ ਰੋਕਿਆ ਜਾ ਸਕੇ। ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਨਾਲ ਜੋੜਨ ਦੇ ਮਕਸਦ ਨਾਲ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 695 ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਏ ਗਏ ਹਨ। ਖੇਤੀ ਮਸ਼ੀਨੀਕਰਨ ਨੂੰ ਹੁਲਾਰਾ ਦੇਣ ਲਈ ਸੀਆਰਐੱਮ ਸਕੀਮ ਤਹਿਤ 5.78 ਕਰੋੜ ਰੁਪਏ ਦੇ ਬਜਟ ਨਾਲ ਕਿਸਾਨਾਂ ਨੂੰ 552 ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿੱਚ 268 ਸੁਪਰ ਸੀਡਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹਨ। ਇਸ ਤੋਂ ਇਲਾਵਾ ਪੀਐੱਮ ਕਿਸਾਨ ਸਕੀਮ ਤਹਿਤ ਜ਼ਿਲ੍ਹੇ ਦੇ 89% ਕਿਸਾਨਾਂ ਦੀ ਈ-ਕੇਵਾਈਸੀ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਚੁੱਕੀ ਹੈ।