ਜ਼ਿਲ੍ਹਾ ਪ੍ਰਸ਼ਾਸਨ ਦਾ ਸਖ਼ਤ ਫ਼ੈਸਲਾ: ਸਕੂਲਾਂ-ਕਾਲਜਾਂ ਦੇ 100 ਮੀਟਰ ਦੇ ਦਾਇਰੇ ’ਚ ਐਨਰਜੀ ਡਰਿੰਕਸ ਦੀ ਵਿਕਰੀ 'ਤੇ ਪਾਬੰਦੀ
ਉਨ੍ਹਾਂ ਕਿਹਾ ਕਿ ਕਮਿਸ਼ਨਰ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਦੀ ਲਗਾਤਾਰਤਾ ’ਚ ਇਹ ਧਿਆਨ ’ਚ ਆਇਆ ਹੈ ਕਿ ਕੁਝ ਫੂਡ ਬਿਜ਼ਨਸ ਆਪਰੇਟਰਾਂ ਵੱਲੋਂ ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚੇ ਜਾ ਰਹੇ ਹਨ, ਜਦੋਂ ਕਿ ਇਨ੍ਹਾਂ ਪਦਾਰਥਾਂ ਦੇ ਲੇਬਲ 'ਤੇ ਸਾਫ਼ ਲਿਖਿਆ ਹੁੰਦਾ ਹੈ ਕਿ ਇਹ "ਬੱਚਿਆਂ ਲਈ ਸਿਫ਼ਾਰਸ਼ ਨਹੀਂ ਕੀਤੇ ਜਾਂਦੇ"।
Publish Date: Mon, 26 Oct 2026 04:11 PM (IST)
Updated Date: Mon, 26 Oct 2026 04:15 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ। ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ, ਆਈ.ਏ.ਐੱਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਦੇ 100 ਮੀਟਰ ਦੇ ਘੇਰੇ ਅੰਦਰ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪੂਰਨ ਪਾਬੰਦੀ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਕਮਿਸ਼ਨਰ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਦੀ ਲਗਾਤਾਰਤਾ ’ਚ ਇਹ ਧਿਆਨ ’ਚ ਆਇਆ ਹੈ ਕਿ ਕੁਝ ਫੂਡ ਬਿਜ਼ਨਸ ਆਪਰੇਟਰਾਂ ਵੱਲੋਂ ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚੇ ਜਾ ਰਹੇ ਹਨ, ਜਦੋਂ ਕਿ ਇਨ੍ਹਾਂ ਪਦਾਰਥਾਂ ਦੇ ਲੇਬਲ 'ਤੇ ਸਾਫ਼ ਲਿਖਿਆ ਹੁੰਦਾ ਹੈ ਕਿ ਇਹ "ਬੱਚਿਆਂ ਲਈ ਸਿਫ਼ਾਰਸ਼ ਨਹੀਂ ਕੀਤੇ ਜਾਂਦੇ"।
ਇਨ੍ਹਾਂ ਡਰਿੰਕਸ ’ਚ ਕੈਫੀਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਜੋ ਦਿਮਾਗੀ ਪ੍ਰਣਾਲੀ ਨੂੰ ਉਤੇਜਿਤ ਕਰਦੀ ਹੈ ਅਤੇ ਬੱਚਿਆਂ ਦੀ ਸਿਹਤ 'ਤੇ ਮਾੜਾ ਪ੍ਰਭਾਵ ਪਾਉਂਦੀ ਹੈ। ਇਸ ਤੋਂ ਇਲਾਵਾ, ਇਨ੍ਹਾਂ ਦੀ ਵਰਤੋਂ ਨਸ਼ਿਆਂ ਦੇ ਪਹਿਲੇ ਪੱਧਰ ਨੂੰ ਵੀ ਉਤਸ਼ਾਹਿਤ ਕਰਦੀ ਹੈ।
ਇਸ ਲਈ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਬਰਨਾਲਾ ਅੰਦਰ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਦੇ 100 ਮੀਟਰ ਦੇ ਘੇਰੇ ਅੰਦਰ ਐਨਰਜੀ ਡਰਿੰਕਸ ਦੀ ਵਿਕਰੀ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਮਿਤੀ 22 ਦਸੰਬਰ 2026 ਤੱਕ ਜ਼ਿਲ੍ਹਾ ਬਰਨਾਲਾ ’ਚ ਲਾਗੂ ਰਹਿਣਗੇ।