D.S.P ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਤਪਾ ਸਬ-ਡਵੀਜ਼ਨ ਦਾ ਚਾਰਜ, ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਮੁਹਿੰਮ ਵਿਚ ਲੋਕਾਂ ਨੂੰ ਵੱਧ ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਪਰਾਧ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਹਰ ਪੀੜਤ ਵਿਅਕਤੀ ਨੂੰ ਇਨਸਾਫ਼ ਦਿੱਤਾ ਜਾਵੇਗਾ।
Publish Date: Sun, 19 Apr 2026 01:28 PM (IST)
Updated Date: Sun, 19 Apr 2026 01:33 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਸਬ-ਡਵੀਜ਼ਨ ਤਪਾ ਵਿਖੇ ਆਏ ਡੀ.ਐਸ.ਪੀ. ਜਸਕਰਨ ਸਿੰਘ ਬਰਾੜ ਨੇ ਅੱਜ ਚਾਰਜ ਸੰਭਾਲਦਿਆਂ ਹੀ ਕੰਮ ਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ। ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਡੀ.ਐਸ.ਪੀ ਬਰਾੜ ਨੇ ਕਿਹਾ ਕਿ ਇਲਾਕੇ ਨੂੰ ਨਸ਼ਾ ਮੁਕਤ ਕਰਨਾ ਉਨ੍ਹਾਂ ਦਾ ਉਦੇਸ਼ ਹੋਵੇਗਾ ਪਰ ਇਹ ਲੋਕਾਂ ਦੇ ਸਹਿਯੋਗ ਬਿਨਾਂ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਮੁਹਿੰਮ ਵਿਚ ਲੋਕਾਂ ਨੂੰ ਵੱਧ ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਪਰਾਧ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਹਰ ਪੀੜਤ ਵਿਅਕਤੀ ਨੂੰ ਇਨਸਾਫ਼ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਅੰਦਰ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਰਕਰਾਰ ਰੱਖਣਾ ਅਤੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲਿਸ ਦੀ ਜ਼ਿੰਮੇਵਾਰੀ ਹੈ। ਪੁਲਿਸ ਵਲੋਂ ਮਾੜੇ ਅਨਸਰਾਂ 'ਤੇ ਪੈਨੀ ਨਜ਼ਰ ਰੱਖੀ ਜਾਵੇਗੀ, ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਸਮਾਂ ਰਹਿੰਦੇ ਰੋਕਿਆ ਜਾ ਸਕੇ। ਉਨ੍ਹਾਂ ਮਾੜੇ ਅਨਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ। ਡੀ.ਐਸ.ਪੀ ਜਸਕਰਨ ਸਿੰਘ ਬਰਾੜ ਦੇ ਤਪਾ ਪਹੁੰਚਣ ਤੇ ਥਾਣਾ ਮੁਖੀ ਮੈਡਮ ਨਵਦੀਪ ਕੌਰ ਚਾਹਲ,ਸਿਟੀ ਇੰਚਾਰਜ ਬਲਜੀਤ ਸਿੰਘ ਸਮੇਤ ਸਮੁੱਚੇ ਸਟਾਫ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਦੱਸ ਦਈਏ ਕਿ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਸਿੱਧੂ ਦੀ ਬਦਲੀ ਜਲੰਧਰ ਵਿਖੇ ਹੋ ਗਈ ਹੈ।