ਬੇਰੁਜ਼ਗਾਰ ਅਧਿਆਪਕਾਂ ਦੀ ਖਿੱਚ ਧੂਹ ਦੀ ਡੀਟੀਐੱਫ ਵੱਲੋਂ ਨਿਖੇਧੀ
ਬੇਰੁਜ਼ਗਾਰ ਅਧਿਆਪਕਾਂ ਦੀ ਖਿੱਚ ਧੂਹ ਦੀ ਡੀਟੀਐਫ ਵੱਲੋਂ ਸਖਤ ਨਿਖੇਧੀ
Publish Date: Wed, 25 Mar 2026 04:19 PM (IST)
Updated Date: Wed, 25 Mar 2026 04:22 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਬੇਰੁਜ਼ਗਾਰ ਅਧਿਆਪਕਾਂ ਨੂੰ ਸਰਕਾਰੀ ਅਧਿਆਪਨ ਦੇ ਪੱਤਰ ਦੇਣ ਦੀ ਥਾਂ ਨਿੱਤ ਪੁਲਿਸੀਆ ‘ਡੰਡੇ’ ਨਾਲ ਨਿਵਾਜਿਆ ਜਾ ਰਿਹਾ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਨੇ ਇਸ ਵਰਤਾਰੇ ਦਾ ਸਖਤ ਨੋਟਿਸ ਲੈਂਦੇ ਹੋਏ ਬੀਤੇ ਕੱਲ ਮੁੱਖ ਮੰਤਰੀ ਦੇ ਸੰਗਰੂਰ ਨਿਵਾਸ ਅੱਗੇ ਬੇਰੁਜ਼ਗਾਰ ਸਾਂਝੇ ਮੋਰਚੇ, ਬੇਰੁਜ਼ਗਾਰ ਲੈਕਚਰਾਰ ਯੂਨੀਅਨ, ਬੇਰੁਜ਼ਗਾਰ ਬੀ ਐਡ ਟੈੱਟ ਪਾਸ ਯੂਨੀਅਨ, ਸਰੀਰਕ ਸਿੱਖਿਆ ਮਾਸਟਰ ਕਾਡਰ ਯੂਨੀਅਨ ਦੇ ਅਧਿਆਪਕਾਂ ਨਾਲ ਤਿੱਖੀ ਖਿੱਚ ਧੂਹ ਤੇ ਦਸਤਾਰਾਂ ਨੂੰ ਪੈਰੀ ਰੋਲਣ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨੂੰ ਨਜ਼ਰਬੰਦ ਕਰਨ ਦੀ ਸਖਤ ਨਿਖੇਧੀ ਕੀਤੀ ਹੈ। ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਸੂਬਾ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਪਹਿਲਾਂ ਕ਼ਈ ਮੌਕਿਆਂ ਵਾਂਗ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਵੀ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਬੇਰੁਜ਼ਗਾਰ ਅਧਿਆਪਕਾਂ ਨਾਲ ਹੋਈ ਇਹ ਧੱਕੇਸ਼ਾਹੀ ਨੇ ਮੌਜੂਦਾ ਸਰਕਾਰ ਵੱਲੋਂ ਦਿੱਤੇ ਜਾਂਦੇ ‘ਇਨਕਲਾਬ’ ਜਾਂ ‘ਬਦਲਾਅ’ ਦੇ ਖੋਖਲੇ ਨਾਰਿਆਂ ਨੂੰ ਇੱਕ ਵਾਰ ਫਿਰ ਤੋਂ ਬੇਨਕਾਬ ਕੀਤਾ ਹੈ। ਡੀਟੀਐੱਫ ਦੇ ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ, ਸੂਬਾ ਮੀਤ ਪ੍ਰਧਾਨ ਰਜੀਵ ਬਰਨਾਲਾ, ਗੁਰਪਿਆਰ ਕੋਟਲੀ, ਬੇਅੰਤ ਫੁੱਲੇਵਾਲ, ਜਗਪਾਲ ਬੰਗੀ ਅਤੇ ਹਰਜਿੰਦਰ ਵਡਾਲਾ ਬਾਂਗਰ ਨੇ ਕਿਹਾ ਕਿ ਫਰਵਰੀ 2022 ਵਿੱਚ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਧਿਆਪਕਾਂ ਦੀ ਭਰਤੀ ਦਾ ਇੱਕ ਵੀਂ ਨਵਾਂ ਇਸ਼ਤਿਹਾਰ ਜਾਰੀ ਨਹੀਂ ਕੀਤੀ ਹੈ, ਸਗੋਂ ਲੈਕਚਰਾਰ, ਪੀਟੀਆਈ, ਆਰਟ ਕਰਾਫਟ ਅਤੇ ਹੋਰ ਭਰਤੀਆਂ ਦੇ ਪਹਿਲਾਂ ਕੱਢੇ ਇਸ਼ਤਿਹਾਰ ਵਾਪਸ ਜ਼ਰੂਰ ਲਏ ਹਨ। ਪਿਛਲੀ ਸਰਕਾਰ ਵੇਲੇ ਕੱਢੀਆਂ ਭਰਤੀਆਂ ’ਚੋਂ ਪ੍ਰਾਇਮਰੀ ਕਾਡਰ ਵਿੱਚ 5994 ਈਟੀਟੀ ਭਰਤੀ ਦੀਆਂ ਬੈਕਲਾਗ ਕੋਟੇ ਦੀਆਂ 3000 ਦੇ ਕਰੀਬ ਅਸਾਮੀਆਂ ਸਬੰਧਿਤ ਕੈਟਾਗਰੀ ਵਿੱਚ ਡੀ-ਰਿਜ਼ਰਵ ਕਰ ਕੇ ਅਧਿਆਪਕਾਂ ਨੂੰ ਹਾਲੇ ਆਰਡਰ ਜਾਰੀ ਨਹੀਂ ਹੋਏ ਹਨ। ਪ੍ਰਾਇਮਰੀ ਵਿੱਚ ਖੇਡ ਅਧਿਆਪਕਾਂ ਦੀ 2000 ਪੀਟੀਆਈ ਭਰਤੀ ਦੀ ਪ੍ਰਕਿਰਿਆ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਹੀ ਭਰਤੀ ਦੇ ਨਿਯਮ ਤੈਅ ਕਰਨ ਦੇ ਨਾਂ ਹੇਠ ਇੱਕ ਕਮੇਟੀ ਦੇ ਹਵਾਲੇ ਕਰ ਕੇ ਠੰਢੇ ਬਸਤੇ ਪਾ ਦਿੱਤਾ ਗਿਆ ਹੈ।