ਕਿਸਾਨਾਂ 'ਤੇ ਪਈ ਆਰਥਿਕ ਮਾਰ : ਇੱਕੋ ਰਾਤ 'ਚ 22 ਮੋਟਰਾਂ ਦੀਆਂ ਤਾਰਾਂ ਚੋਰੀ, ਪੁਲਿਸ ਗਸ਼ਤ 'ਤੇ ਉੱਠੇ ਸਵਾਲ
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇੱਕੋ ਰਾਤ ’ਚ ਇੰਨੀ ਵੱਡੀ ਗਿਣਤੀ ’ਚ ਮੋਟਰਾਂ ਦੀਆਂ ਤਾਰਾਂ ਚੋਰੀ ਹੋਣਾ ਇਹ ਦਰਸਾਉਂਦਾ ਹੈ ਕਿ ਇਸ ਦੇ ਪਿੱਛੇ ਕਿਸੇ ਵੱਡੇ ਗਿਰੋਹ ਦਾ ਹੱਥ ਹੋ ਸਕਦਾ ਹੈ ਕਿਉਂਕਿ ਇੱਕ ਜਾਂ ਦੋ ਵਿਅਕਤੀਆਂ ਵੱਲੋਂ ਇੰਨੀ ਵੱਡੀ ਚੋਰੀ ਕਰਨਾ ਸੰਭਵ ਨਹੀਂ। ਕਿਸਾਨਾਂ ਨੇ ਦੱਸਿਆ ਕਿ ਚੋਰ ਤਾਰਾਂ ’ਚੋਂ ਤਾਂਬਾ ਕੱਢ ਕੇ ਥੋੜ੍ਹੇ ਪੈਸਿਆਂ ’ਚ ਵੇਚ ਦਿੰਦੇ ਹਨ
Publish Date: Sat, 14 Mar 2026 01:06 PM (IST)
Updated Date: Sat, 14 Mar 2026 01:14 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜਿਲ੍ਹੇ ਦੇ ਪਿੰਡ ਖੁੱਡੀ ਕਲਾਂ ’ਚ ਚੋਰਾਂ ਵੱਲੋਂ ਬੇਖੌਫ ਹੋ ਕੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰਾਂ ਨੇ ਇੱਕੋ ਰਾਤ ’ਚ ਖੇਤਾਂ ’ਚ ਲੱਗੀਆਂ ਲਗਪਗ 20 ਤੋਂ 22 ਮੋਟਰਾਂ ਦੀਆਂ ਤਾਰਾਂ ਚੋਰੀ ਕਰ ਲਈਆਂ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਦੇ ਕਿਸਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਜਸ਼ੈਲੀ ’ਤੇ ਵੀ ਸਵਾਲ ਖੜੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤ ਮਾਲਕ ਗੁਰਨੈਬ ਸਿੰਘ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਆਪਣੇ ਖੇਤਾਂ ’ਚ ਮੋਟਰ ਚਲਾਉਣ ਲਈ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਮੋਟਰ ਦੀ ਤਾਰ ਚੋਰੀ ਹੋ ਚੁੱਕੀ ਹੈ। ਬਾਅਦ ’ਚ ਪਤਾ ਲੱਗਿਆ ਕਿ ਪਿੰਡ ਦੇ ਹੋਰ ਕਈ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਚੋਰਾਂ ਵੱਲੋਂ ਚੋਰੀ ਕਰ ਲਈਆਂ ਗਈਆਂ ਹਨ ਅਤੇ ਇੱਕੋ ਰਾਤ ’ਚ ਲਗਪਗ 20-22 ਮੋਟਰਾਂ ਦੀਆਂ ਤਾਰਾਂ ਉਤਾਰ ਲਈਆਂ ਗਈਆਂ ਹਨ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇੱਕੋ ਰਾਤ ’ਚ ਇੰਨੀ ਵੱਡੀ ਗਿਣਤੀ ’ਚ ਮੋਟਰਾਂ ਦੀਆਂ ਤਾਰਾਂ ਚੋਰੀ ਹੋਣਾ ਇਹ ਦਰਸਾਉਂਦਾ ਹੈ ਕਿ ਇਸ ਦੇ ਪਿੱਛੇ ਕਿਸੇ ਵੱਡੇ ਗਿਰੋਹ ਦਾ ਹੱਥ ਹੋ ਸਕਦਾ ਹੈ ਕਿਉਂਕਿ ਇੱਕ ਜਾਂ ਦੋ ਵਿਅਕਤੀਆਂ ਵੱਲੋਂ ਇੰਨੀ ਵੱਡੀ ਚੋਰੀ ਕਰਨਾ ਸੰਭਵ ਨਹੀਂ। ਕਿਸਾਨਾਂ ਨੇ ਦੱਸਿਆ ਕਿ ਚੋਰ ਤਾਰਾਂ ’ਚੋਂ ਤਾਂਬਾ ਕੱਢ ਕੇ ਥੋੜ੍ਹੇ ਪੈਸਿਆਂ ’ਚ ਵੇਚ ਦਿੰਦੇ ਹਨ ਪਰ ਮੋਟਰ ਮਾਲਕਾਂ ਨੂੰ ਹਜ਼ਾਰਾਂ ਰੁਪਏ ਦਾ ਨੁਕਸਾਨ ਝੱਲਣਾ ਪੈਂਦਾ ਹੈ। ਪ੍ਰਭਾਵਿਤ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਚੋਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ ਅਤੇ ਇਲਾਕੇ ’ਚ ਰਾਤ ਸਮੇਂ ਗਸ਼ਤ ਵਧਾਈ ਜਾਵੇ।
ਇਸ ਮੌਕੇ ਮੋਟਰ ਮਾਲਕ ਜਗਦੇਵ ਸਿੰਘ, ਲਾਲ ਸਿੰਘ, ਬੂਟਾ ਸਿੰਘ, ਜਗਰੂਪ ਸਿੰਘ, ਜਗਜੀਤ ਸਿੰਘ, ਮਲਕੀਤ ਸਿੰਘ, ਲਖਵਿੰਦਰ ਸਿੰਘ, ਬਲਵੀਰ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ, ਲਵਪ੍ਰੀਤ ਸਿੰਘ, ਮਲਕੀਤ ਸਿੰਘ ਅਤੇ ਪੰਚ ਨਿਰਮਲ ਸਿੰਘ ਵੀ ਮੌਜੂਦ ਸਨ।