- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰੰਟ ਕਬਜੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਤੇ ਪੁਲਿਸ ਪ੍ਰਸਾਸ਼ਨ ਹੋਇਆ ਆਹਮੋ ਸਾਹਮਣੇ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪਿੰਡ ਜਗਜੀਤਪੁਰਾ ਵਿਖੇ ਡੇਰਾ ਗੁਰਮੁਖ ਸਿੰਘ ਚੈਰੀਟੇਬਲ ਟਰੱਸਟ ਕਰਮੂ ਪੱਤੀ ਉੱਗੋਕੇ ਦੀ 18 ਏਕੜ ਜ਼ਮੀਨ ਦੇ ਕਬਜ਼ਾ ਵਾਰੰਟ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਤੇ ਪੁਲਿਸ ਪ੍ਰਸ਼ਾਸਨ ਆਹਮੋ-ਸਾਹਮਣੇ ਹੋ ਗਏ। ਕਿਸਾਨ ਜਥੇਬੰਦੀਆਂ ਦੇ ਸਖ਼ਤ ਵਿਰੋਧ ਕਾਰਨ ਪ੍ਰਸ਼ਾਸਨ ਨੂੰ 14ਵੀਂ ਵਾਰ ਵੀ ਜ਼ਮੀਨ ਦਾ ਕਬਜ਼ਾ ਲੈਣ ਦੀ ਕਾਰਵਾਈ ਰੋਕਣੀ ਪਈ। ਅਦਾਲਤੀ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਐੱਸਡੀਐੱਮ ਤਪਾ ਸਮੇਤ ਡੀਐੱਸਪੀ ਤਪਾ ਜਸਕਰਨ ਸਿੰਘ ਬਰਾੜ, ਡੀਐੱਸਪੀ ਬਰਨਾਲਾ ਕਮਲਜੀਤ ਸਿੰਘ, ਇੰਸਪੈਕਟਰ ਬਲਜੀਤ ਸਿੰਘ ਤੇ ਥਾਣਾ ਸਹਿਣਾ ਦੇ ਇੰਸਪੈਕਟਰ ਰੇਨੂੰ ਪਰੋਚਾ ਸਮੇਤ ਭਾਰੀ ਪੁਲਿਸ ਫੋਰਸ ਮੌਕੇ ’ਤੇ ਪਹੁੰਚੀ ਹੋਈ ਸੀ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਤੇ ਵਰਕਰਾਂ ਨੇ ਜ਼ੋਰਦਾਰ ਵਿਰੋਧ ਕੀਤਾ। ਧਰਨੇ ਦੌਰਾਨ ਜਦੋਂ ਪੁਲਿਸ ਪ੍ਰਸ਼ਾਸਨ ਜ਼ਮੀਨ ਦਾ ਕਬਜ਼ਾ ਲੈਣ ਲਈ ਅੱਗੇ ਵਧਿਆ ਤਾਂ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਸ਼ਾਸਨ ਵੱਲੋਂ ਜਥੇਬੰਦੀਆਂ ਦੇ ਆਗੂਆਂ ਨੂੰ ਪਰਚੇ ਦਰਜ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਉਕਤ ਜ਼ਮੀਨ ਟਰੱਸਟ ਦੇ ਨਾਂ ’ਤੇ ਦਰਜ ਹੈ ਅਤੇ ਇਸ ਦਾ ਇੰਤਕਾਲ ਵੀ ਟਰੱਸਟ ਦੇ ਨਾਂ ਹੈ। ਜ਼ਮੀਨ ਦੀ ਵਾਹੀ ਵੀ ਟਰੱਸਟ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਕਬਜ਼ਾ ਲੈਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ਕਿਸਾਨਾਂ ਦੇ ਸਿਰ ਜਾ ਸਕਦੇ ਹਨ, ਪਰ ਜ਼ਮੀਨ ’ਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਕਿਸੇ ਵੀ ਕਿਸਾਨ ਜਾਂ ਮਜ਼ਦੂਰ ਦੀ ਜ਼ਮੀਨ ਅਤੇ ਘਰਾਂ ਦੇ ਕੁਰਕੀ ਜਾਂ ਕਬਜ਼ਾ ਵਾਰੰਟ ਲਾਗੂ ਨਹੀਂ ਹੋਣ ਦੇਵੇਗੀ। ਇਸ ਮੌਕੇ ਟਰੱਸਟ ਦੇ ਪ੍ਰਧਾਨ ਬੂਟਾ ਸਿੰਘ, ਸਕੱਤਰ ਨਛੱਤਰ ਸਿੰਘ, ਜਗਰਾਜ ਸਿੰਘ, ਦਰਸ਼ਨ ਸਿੰਘ ਉੱਗੋਕੇ, ਜਰਨੈਲ ਸਿੰਘ ਬਦਰਾ, ਹਰਜਿੰਦਰ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ, ਔਰਤ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।