
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਕਿਹਾ ਕਿ ਆਬਾਦਕਾਰਾਂ ਤੇ ਮੁਜਾਰਿਆਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ ਤੇ ਹੜ੍ਹਾਂ ਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਕਾਸ਼ਤਕਾਰਾਂ ਨੂੰ ਦਿੱਤਾ ਜਾਵੇ। ਇਨ੍ਹਾਂ ਮੰਗਾਂ ਨੂੰ ਲੈ ਕੇ 30 ਅਗਸਤ ਤੋਂ ਜ਼ਿਲ੍ਹਾ ਪੱਧਰ ’ਤੇ ਪੱਕੇ ਮੋਰਚੇ ਲਗਾਏ ਜਾਣਗੇ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਭਾਰਤ-ਅਮਰੀਕਾ ਵਪਾਰ ਸਮਝੌਤੇ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ੇ ਤੇ ਪੁਲਿਸ ਜਬਰ ਸਮੇਤ ਹੋਰ ਭਖਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 30 ਅਗਸਤ ਤੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪੱਕੇ ਮੋਰਚੇ ਲਗਾਉਣ ਦੀ ਤਿਆਰੀ ਜ਼ੋਰਾਂ ’ਤੇ ਹੈ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਦੀ ਵਧਦੀ ਮੀਟਿੰਗ ਪਿੰਡ ਸੰਘੇੜਾ ਦੇ ਸੈਣ ਭਗਤ ਮੰਦਰ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੱਕੇ ਮੋਰਚਿਆਂ ਦੀ ਸਫ਼ਲਤਾ ਲਈ ਪਿੰਡਾਂ ’ਚ ਨੁੱਕੜ ਮੀਟਿੰਗਾਂ, ਜਾਗੋ ਮਾਰਚ, ਢੋਲ ਮਾਰਚ ਤੇ ਬਲਾਕ ਪੱਧਰੀ ਮੋਟਰਸਾਈਕਲ ਮਾਰਚ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਲੱਗਣ ਵਾਲੇ ਧਰਨਿਆਂ ’ਚ ਇੰਨੀ ਵੱਡੀ ਗਿਣਤੀ ’ਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਕਿ ਸਰਕਾਰ ਨੂੰ ਕਿਸਾਨਾਂ-ਮਜ਼ਦੂਰਾਂ ਦੀਆਂ ਬੁਨਿਆਦੀ ਮੰਗਾਂ ਮੰਨਣ ਲਈ ਮਜਬੂਰ ਹੋਣਾ ਪਵੇ। ਉਨ੍ਹਾਂ ਕਿਹਾ ਕਿ ਯੂਨੀਅਨ ਦੀਆਂ ਮੁੱਖ ਮੰਗਾਂ ’ਚ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨਾ, ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ ਲੈਣਾ, ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਖ਼ਤਮ ਕਰਨਾ ਤੇ ਕਰਜ਼ਾ ਕਾਨੂੰਨ ਬਣਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦੇਣ, ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਿਆਉਣ, ਪੁਲਿਸ ਜਬਰ ਬੰਦ ਕਰਨ, ਕਥਿਤ ਝੂਠੇ ਪੁਲਿਸ ਮੁਕਾਬਲੇ ਬੰਦ ਕਰਨ ਅਤੇ ਕਿਸਾਨ ਆਗੂਆਂ ’ਤੇ ਅੰਦੋਲਨਾਂ ਦੌਰਾਨ ਦਰਜ ਕੀਤੇ ਪਰਚੇ ਰੱਦ ਕਰਨ ਦੀਆਂ ਮੰਗਾਂ ਵੀ ਰੱਖੀਆਂ ਗਈਆਂ।
ਉਨ੍ਹਾਂ ਕਿਹਾ ਕਿ ਆਬਾਦਕਾਰਾਂ ਤੇ ਮੁਜਾਰਿਆਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ ਤੇ ਹੜ੍ਹਾਂ ਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਕਾਸ਼ਤਕਾਰਾਂ ਨੂੰ ਦਿੱਤਾ ਜਾਵੇ। ਇਨ੍ਹਾਂ ਮੰਗਾਂ ਨੂੰ ਲੈ ਕੇ 30 ਅਗਸਤ ਤੋਂ ਜ਼ਿਲ੍ਹਾ ਪੱਧਰ ’ਤੇ ਪੱਕੇ ਮੋਰਚੇ ਲਗਾਏ ਜਾਣਗੇ। ਮੀਟਿੰਗ ਦੌਰਾਨ ਔਰਤਾਂ ਦੀ ਲਾਮਬੰਦੀ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ’ਚ ਔਰਤਾਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਲਈ ਘਰ-ਘਰ ਜਾ ਕੇ ਮੋਰਚੇ ਸਬੰਧੀ ਸੁਨੇਹਾ ਪਹੁੰਚਾਇਆ ਜਾਵੇ। ਇਸ ਮੌਕੇ ਪਿੰਡ ਇਕਾਈਆਂ ਦੇ ਪ੍ਰਧਾਨ, ਸਕੱਤਰ, ਸਰਗਰਮ ਬੁਲਾਰੇ, ਵਰਕਰ, ਕਿਸਾਨ-ਮਜ਼ਦੂਰ ਤੇ ਔਰਤਾਂ ਵੱਡੀ ਗਿਣਤੀ ’ਚ ਹਾਜ਼ਰ ਸਨ।