ਸੇਵਾ ਕੇਂਦਰ ਮੁਲਾਜ਼ਮਾਂ ਦੇ ਹੱਕ 'ਚ ਉਤਰੇ ਕਿਸਾਨ ਤੇ ਮਜ਼ਦੂਰ; ਜਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਹੋਰ ਸੇਵਾ ਕੇਂਦਰਾਂ ’ਚ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਨੂੰ ਮੰਗਲਵਾਰ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਬਰਦਸਤੀ ਚੁਕਵਾ ਦਿੱਤਾ ਗਿਆ। ਇਸ ਦੌਰਾਨ ਸੰਘਰਸ਼ ਕਰ ਰਹੇ ਕਈ ਨੌਜਵਾਨ ਮੁਲਾਜ਼ਮਾਂ ਅਤੇ ਲੜਕੀਆਂ ਨੂੰ ਪੁਲਿਸ ਵੱਲੋਂ ਹਿਰਾਸਤ ’ਚ ਲੈ ਕੇ ਥਾਣੇ ਪਹੁੰਚਾਇਆ ਗਿਆ।
Publish Date: Tue, 09 Jun 2026 04:13 PM (IST)
Updated Date: Tue, 09 Jun 2026 04:15 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਹੋਰ ਸੇਵਾ ਕੇਂਦਰਾਂ ’ਚ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਨੂੰ ਮੰਗਲਵਾਰ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਬਰਦਸਤੀ ਚੁਕਵਾ ਦਿੱਤਾ ਗਿਆ। ਇਸ ਦੌਰਾਨ ਸੰਘਰਸ਼ ਕਰ ਰਹੇ ਕਈ ਨੌਜਵਾਨ ਮੁਲਾਜ਼ਮਾਂ ਅਤੇ ਲੜਕੀਆਂ ਨੂੰ ਪੁਲਿਸ ਵੱਲੋਂ ਹਿਰਾਸਤ ’ਚ ਲੈ ਕੇ ਥਾਣੇ ਪਹੁੰਚਾਇਆ ਗਿਆ।
ਇਸ ਕਾਰਵਾਈ ਦੇ ਵਿਰੋਧ ’ਚ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਥੇਬੰਦੀਆਂ ਨੇ ਮੰਗ ਕੀਤੀ ਕਿ ਸੇਵਾ ਕੇਂਦਰਾਂ ’ਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਹਿਰਾਸਤ ’ਚ ਲਏ ਗਏ ਸਾਰੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰਿਹਾ ਕੀਤਾ ਜਾਵੇ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਰਨੈਲ ਸਿੰਘ ਬਦਰਾ, ਕੁਲਜੀਤ ਸਿੰਘ, ਮਨਜੀਤ ਰਾਜ, ਮੁਲਾਜ਼ਮ ਆਗੂ ਰਾਜੀਵ ਕੁਮਾਰ, ਕਰਮਜੀਤ ਸਿੰਘ ਬੀਹਲਾ ਅਤੇ ਕਾਮਰੇਡ ਨਰਾਇਣ ਦੱਤ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਦਾ ਹੱਲ ਕਰੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।