ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਿਸਾ-ਨਿਰਦੇਸਾ ਅਨੁਸਾਰ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਹਲਕਾ ਬਰਨਾਲਾ 'ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਤੇ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਸਮੇਤ ਸਮੂਹ ਅਕਾਲੀ ਆਗੂਆਂ ਨੇ ਟਰੈਕਟਰ ਨੂੰ ਅੱਗ ਲਗਾ ਕੇ ਆਪਣਾ ਰੋਸ ਜ਼ਾਹਰ ਕੀਤਾ।ਇਸ ਸਮੇਂ ਧਰਨੇ ਨੂੰ ਸੰਬੋਧਨ ਕਰਦਿਆਂ ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ 'ਚ ਰੋਸ ਦੀ ਲਹਿਰ ਹੈ। ।ਪੰਜਾਬ ਦਾ ਹਰ ਕਿਸਾਨ ਪਰਿਵਾਰਾਂ ਸਮੇਤ ਸੜਕਾਂ 'ਤੇ ਉੱਤਰ ਆਇਆ ਹੈ। ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕਿਸਾਨ ਯੂਨੀਅਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਹਰਾ ਮਾਰਦਿਆਂ ਕੇਂਦਰੀ ਵਜਾਰਤ 'ਚੋਂ ਅਸਤੀਫ਼ਾ ਦਿੱਤਾ ਹੈ। ਜਿਸ ਕਾਰਨ ਦੇਸ਼ ਦੀ ਸਿਆਸਤ 'ਚ ਨਵਾਂ ਮੋੜ ਆਇਆ ਹੈ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਤੇ ਵਰਕਰ ਮੈਦਾਨ 'ਚ ਆਇਆ ਹੈ। ਬੀਹਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕਰ ਦਿੱਤਾ ਹੈ, ਕਿ ਭਾਜਪਾ ਸਰਕਾਰ ਜੇਕਰ ਖੇਤੀ ਬਿੱਲ ਵਾਪਸ ਨਹੀਂ ਲੈਂਦੀ, ਤਾਂ ਗੱਠਜੋੜ ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟਰੈਕਟਰ ਕਿਸਾਨ ਦਾ ਪੁੱਤ ਜਿਸ ਨੂੰ ਫੂਕ ਕੇ ਸਾਨੂੰ ਵੀ ਦੁੱਖ ਹੋਇਆ ਹੈ, ਪਰ ਜੇਕਰ ਖੇਤੀ ਬਿੱਲ ਵਾਪਸ ਨਾ ਲਏ ਤਾਂ ਅਸੀਂ ਖੁਦ ਨੂੰ ਵੀ ਅੱਗ ਲਾਵਾਂਗੇ। ਜੇਕਰ ਮੋਦੀ ਸਰਕਾਰ ਨੇ ਖੇਤੀ ਬਿੱਲ ਵਾਪਸ ਲਏ ਨਾ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਯੂਨੀਅਨਾਂ ਨਾਲ ਰਲ ਕੇ ਲੰਮਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਖੇਤੀ ਬਿੱਲਾਂ ਖ਼ਿਲਾਫ਼ ਇਕਜੁੱਟ ਹੋਣ। ਇਸ ਮੌਕੇ ਜਥੇਦਾਰ ਮੱਖਣ ਸਿੰਘ ਧਨੌਲਾ, ਪਰਮਜੀਤ ਸਿੰਘ ਢਿੱਲੋਂ, ਰੁਪਿੰਦਰ ਸਿੰਘ ਸੰਧੂ, ਸੰਜੀਵ ਸ਼ੋਰੀ, ਜਥੇਦਾਰ ਰਜਿੰਦਰ ਸਿੰਘ ਦਰਾਕਾ ਸਮੇਤ ਵੱਡੀ ਗਿਣਤੀ 'ਚ ਅਕਾਲੀ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।

Posted By: Jagjit Singh