ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਸੰਘਰਸ਼ ਨੂੰ ਤੇਜ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਕਿਸਾਨਾਂ ਵਲੋਂ ਬਰਨਾਲਾ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਰ ਸਿੰਘ ਸੰਟੀ ਦੀ ਰਿਹਾਇਸ ਅੱਗੇ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ, ਜੋ ਅੱਗੇ ਦੂਸਰੇ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਤੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਖੇਤੀ ਕਾਨੂੰਨ ਬਣਾਇਆ ਗਿਆ ਹੈ ਉਹ ਕਿਸਾਨਾਂ ਦੀ ਮੌਤ ਦਾ ਵਰੰਟ ਹੈ। ਇਸ ਲਈ ਇਸ ਕਾਨੂੰਨ ਨੂੰ ਰੱਦ ਕਰਵਾਉਣ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਰਿਹਾਇਸਾਂ ਅੱਗੇ ਪੱਕੇ ਮੋਰਚੇ ਲਗਾ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਨੇ ਕਿਹਾ ਸੀ ਕਿ ਉਹ ਖੇਤੀ ਕਾਨੂੰਨ ਕਿਸਾਨਾਂ ਲਈ ਲਾਭਦਾਇਕ ਹਨ ਪਰ ਕਿਸਾਨਾਂ ਦੇ ਦਬਾਅ ਤੋੋਂ ਬਾਅਦ ਉੱਥੇ ਅਕਾਲੀ ਦਲ ਹੁਣ ਕੇਂਦਰ ਸਰਕਾਰ ਦੇ ਕ੍ਰਿਸ਼ੀ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਸਮਾਂ ਸੰਘਰਸ਼ ਜਾਰੀ ਰਹੇਗਾ। ਧਰਨੇ ਵਾਲੀ ਜਗ੍ਹਾ 'ਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਤਾਂ ਕਿ ਕੋਈ ਅਣਸੁਖ਼ਾਵੀ ਘਟਨਾ ਨਾ ਵਾਪਰ ਸਕੇ।

Posted By: Amita Verma