- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਬਾਰੇ ਕੀਤਾ ਜਾਗਰੂਕ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ
ਮਹਿਲ ਕਲਾਂ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਛਾਪਾ ਵਿਖੇ ਕਿਸਾਨਾਂ ਲਈ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ’ਚ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕਰ ਕੇ ਖੇਤੀਬਾੜੀ ਨਾਲ ਸਬੰਧਤ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ, ਝੋਨੇ ਦੀ ਸਿੱਧੀ ਬਿਜਾਈ ਅਤੇ ਨਦੀਨਾਂ ਦੀ ਵਿਗਿਆਨਕ ਢੰਗ ਨਾਲ ਰੋਕਥਾਮ ਸਬੰਧੀ ਜਾਗਰੂਕ ਕਰਨਾ ਸੀ। ਇਸ ਮੌਕੇ ਜ਼ਿਲ੍ਹਾ ਪਸਾਰ ਵਿਗਿਆਨੀ ਡਾ. ਅਮਨਦੀਪ ਕੌਰ ਨੇ ਕਿਹਾ ਕਿ ਖੇਤੀ ਦੀ ਵੱਧ ਰਹੀ ਲਾਗਤ ਨੂੰ ਘਟਾਉਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਲਈ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਮਿੱਟੀ ਪਰਖ ਰਿਪੋਰਟ ਦੇ ਆਧਾਰ ’ਤੇ ਹੀ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਬਿਨਾਂ ਲੋੜ ਖਾਦਾਂ ਦੀ ਵਰਤੋਂ ਨਾ ਸਿਰਫ਼ ਆਰਥਿਕ ਨੁਕਸਾਨ ਦਾ ਕਾਰਨ ਬਣਦੀ ਹੈ, ਸਗੋਂ ਮਿੱਟੀ ਦੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਮੌਜੂਦਾ ਸਮੇਂ ਦੀ ਇੱਕ ਪ੍ਰਭਾਵਸ਼ਾਲੀ ਤਕਨੀਕ ਹੈ, ਜਿਸ ਨਾਲ ਪਾਣੀ ਦੀ ਵੱਡੀ ਬੱਚਤ ਹੁੰਦੀ ਹੈ ਅਤੇ ਖੇਤੀ ਲਾਗਤ ’ਚ ਵੀ ਕਮੀ ਆਉਂਦੀ ਹੈ। ਇਸ ਤਰੀਕੇ ਨਾਲ ਬੀਜੇ ਗਏ ਝੋਨੇ ’ਚ ਨਦੀਨਾਂ ਦੀ ਸਮੱਸਿਆ ਨੂੰ ਧਿਆਨ ’ਚ ਰੱਖਦਿਆਂ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਅਤੇ ਉਨ੍ਹਾਂ ਦੀ ਰੋਕਥਾਮ ਲਈ ਸਹੀ ਸਮੇਂ ’ਤੇ ਢੁੱਕਵੇਂ ਨਦੀਨਨਾਸ਼ਕਾਂ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।.ਕੈਂਪ ਦੌਰਾਨ ਮਾਹਿਰਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਅਤੇ ਬਾਸਮਤੀ ਦੀ ਫ਼ਸਲ ’ਚ ਉੱਗਣ ਵਾਲੇ ਵੱਖ-ਵੱਖ ਨਦੀਨਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦਾ ਪ੍ਰਬੰਧਨ ਕੀਤਾ ਜਾਵੇ ਤਾਂ ਫ਼ਸਲ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕੱਦੂ ਵਾਲੇ ਅਤੇ ਮਸ਼ੀਨੀ ਲੁਆਈ ਵਾਲੇ ਝੋਨੇ ’ਚ ਨਦੀਨ ਪ੍ਰਬੰਧਨ ਲਈ ਅਪਣਾਈਆਂ ਜਾਣ ਵਾਲੀਆਂ ਤਕਨੀਕਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਡਾ. ਅਮਨਦੀਪ ਕੌਰ ਨੇ ਝੋਨੇ ਦੀ ਫ਼ਸਲ ’ਚ ਜ਼ਿੰਕ ਅਤੇ ਲੋਹੇ ਵਰਗੇ ਸੂਖਮ ਤੱਤਾਂ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਤੱਤਾਂ ਦੀ ਘਾਟ ਕਾਰਨ ਫ਼ਸਲ ਦੇ ਵਾਧੇ ਅਤੇ ਉਤਪਾਦਨ ’ਤੇ ਮਾੜਾ ਅਸਰ ਪੈਂਦਾ ਹੈ, ਇਸ ਲਈ ਲੋੜ ਪੈਣ ’ਤੇ ਸਿਫ਼ਾਰਸ਼ ਅਨੁਸਾਰ ਸਪਰੇਅ ਜ਼ਰੂਰ ਕੀਤੀ ਜਾਵੇ। ਕੈਂਪ ਤੋਂ ਬਾਅਦ ਖੇਤੀ ਮਾਹਿਰਾਂ ਨੇ ਪਿੰਡ ਛਾਪਾ ਦੇ ਅਗਾਂਹਵਧੂ ਕਿਸਾਨ ਅਮਰੀਕ ਸਿੰਘ ਦਿਉਲ ਦੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਕੀਤਾ ਅਤੇ ਫ਼ਸਲ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਲੋੜੀਂਦੇ ਸੁਝਾਅ ਦਿੱਤੇ। ਇਸ ਦੇ ਨਾਲ ਹੀ ਪਿੰਡ ਲੋਹਗੜ੍ਹ ਦੇ ਕਿਸਾਨ ਅੰਮ੍ਰਿਤਪਾਲ ਸਿੰਘ ਗਿੱਲ ਦੇ ਮਸ਼ੀਨੀ ਲੁਆਈ ਵਾਲੇ ਝੋਨੇ ਦੇ ਖੇਤਾਂ ਦਾ ਵੀ ਦੌਰਾ ਕਰਕੇ ਫ਼ਸਲ ਪ੍ਰਬੰਧਨ ਸਬੰਧੀ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕੀਤਾ ਗਿਆ। ਕਿਸਾਨਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪਿੰਡ ਪੱਧਰ ’ਤੇ ਕਰਵਾਏ ਜਾ ਰਹੇ ਅਜਿਹੇ ਜਾਗਰੂਕਤਾ ਕੈਂਪਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਖੇਤੀਬਾੜੀ ਦੇ ਨਵੇਂ ਗਿਆਨ ਅਤੇ ਵਿਗਿਆਨਕ ਸਿਫ਼ਾਰਸ਼ਾਂ ਨੂੰ ਆਪਣੇ ਖੇਤਾਂ ’ਚ ਲਾਗੂ ਕਰਨ ਲਈ ਪ੍ਰੇਰਣਾ ਮਿਲਦੀ ਹੈ, ਜਿਸ ਨਾਲ ਖੇਤੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕਦਾ ਹੈ।