- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਨੂੰ ਮੰਡੀਆਂ ’ਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਸੈਕਟਰੀ ਹਰਦੀਪ ਸਿੰਘ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੇ ਹੁਕਮਾਂ ’ਤੇ ਜ਼ਿਲ੍ਹਾ ਮੰਡੀ ਬੋਰਡ ਅਫ਼ਸਰ ਬਰੀਇੰਦਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਅਧੀਨ ਮਾਰਕੀਟ ਕਮੇਟੀ ਤਪਾ ਤੇ ਭਦੌੜ ਅਧੀਨ ਆਉਂਦੀਆਂ ਅਨਾਜ ਮੰਡੀਆਂ ’ਚ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਮਾਰਕੀਟ ਕਮੇਟੀ ਤਪਾ ਤੇ ਭਦੌੜ ਦੇ ਸੈਕਟਰੀ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮਾਰਕੀਟ ਕਮੇਟੀ ਭਦੌੜ ਅਧੀਨ 14 ਖ਼ਰੀਦ ਕੇਂਦਰ ਸਥਾਪਿਤ ਕੀਤੇ ਹਨ ਤੇ 6 ਆਰਜੀ ਯਾਰਡ ਐਲਾਨੇ ਗਏ ਹਨ। ਮਾਰਕੀਟ ਕਮੇਟੀ ਤਪਾ ਅਧੀਨ 24 ਖ਼ਰੀਦ ਕੇਂਦਰ ਤੇ 8 ਆਰਜੀ ਯਾਰਡ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਮੰਡੀ ਅਫ਼ਸਰ ਦੇ ਹੁਕਮਾਂ ’ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਮੌਸਮ ਖ਼ਰਾਬ ਹੋਣ ਕਾਰਨ ਕਣਕ ਦੀ ਫ਼ਸਲ ’ਚ ਨਮੀਂ ਦੀ ਮਾਤਰਾ ਵਧ ਸਕਦੀ ਹੈ, ਪਰ ਇਸ ਦੇ ਬਾਵਜੂਦ ਵੀ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਆਪਣੀ ਸੁੱਕੀ ਕਣਕ ਦੀ ਫ਼ਸਲ ਕਟਾਈ ਕਰ ਕੇ ਮੰਡੀਆਂ ’ਚ ਲੈ ਕੇ ਆਉਣ ਤਾਂ ਜੋ ਸਮੇਂ ਸਿਰ ਕਣਕ ਦੀ ਖ਼ਰੀਦ ਕਰ ਕੇ ਕਿਸਾਨਾਂ ਨੂੰ ਅਦਾਇਗੀ ਉਨ੍ਹਾਂ ਦੇ ਖਾਤਿਆਂ ’ਚ ਜਾਵੇ। ਪੰਜਾਬ ਸਰਕਾਰ ਇਸ ਹਾੜੀ ਦੇ ਸੀਜਨ ਦੇ ਮੱਦੇਨਜ਼ਰ ਕਿਸਾਨ ਤੇ ਆੜ੍ਹਤੀਆਂ ਨੂੰ ਹਰ ਸਹੂਲਤ ਦੇਣ ਲਈ ਬਚਨਵੱਧ ਹੈ। ਉਨ੍ਹਾਂ ਦੱਸਿਆ ਕਿ ਹਾੜੀ ਸੀਜਨ 2026 ਲਈ ਪੰਜਾਬ ਸਰਕਾਰ ਤੇ ਪੰਜਾਬ ਮੰਡੀ ਬੋਰਡ ਵੱਲੋਂ ਜੋ ਵੀ ਸਮੇਂ-ਸਮੇਂ ’ਤੇ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ, ਉਨ੍ਹਾਂ ਹਦਾਇਤਾਂ ਦੀ ਇੰਨ੍ਹ ਬਿੰਨ ਪਾਲਣਾ ਕੀਤੀ ਜਾਵੇਗੀ। ਖ਼ਰੀਦ ਕੇਂਦਰਾਂ ਦੇ ਪ੍ਰਬੰਧਾਂ ਤੋਂ ਸੰਤੁਸ਼ਟੀ ਜਤਾਉਂਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਤੇ ਆੜ੍ਹਤੀਆਂ ਨੂੰ ਮੰਡੀ ਬੋਰਡ ਵੱਲੋਂ ਹਰ ਤਰ੍ਹਾਂ ਦੀ ਸੁੱਖ ਸਹੂਲਤ ਦਿੱਤੀ ਜਾਵੇਗੀ। ਕਿਸੇ ਕਿਸਾਨ ਨੂੰ ਵੀ ਕਣਕ ਵੇਚਣ ਆਇਆਂ ਅਨਾਜ ਮੰਡੀ ’ਚ ਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਖ਼ਰੀਦ ਏਜੰਸੀਆਂ ਦੇ ਤਾਲਮੇਲ ਨਾਲ ਢੋਆ-ਢੁਆਈ ਤੱਕ ਜ਼ਿਲ੍ਹਾ ਮੰਡੀ ਬੋਰਡ ਵੱਲੋਂ ਵਿਸ਼ੇਸ਼ ਟੀਮਾਂ ਤਾਇਨਾਤ ਕਰ ਕੇ ਇਸ ਹਾੜੀ ਦੇ ਸੀਜਨ ਦੇ ਕੰਮ ਨੂੰ ਨੇਪਰੇ ਜਲਦੀ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਹਰ ਤਰ੍ਹਾਂ ਦੇ ਪ੍ਰਬੰਧਾਂ ਨੂੰ ਮੁਕੰਮਲ ਕੀਤਾ ਜਾ ਚੁੱਕਿਆ ਹੈ। ਮੰਡੀਆਂ ’ਚ ਕਿਸਾਨਾਂ ਲਈ ਸਫ਼ਾਈ, ਪੀਣ ਵਾਲਾ ਪਾਣੀ, ਪਖ਼ਾਨੇ, ਤਰਪਾਲਾਂ, ਸੈੱਡਾਂ, ਲਾਈਟਾਂ ਆਦਿ ਦਾ ਪ੍ਰਬੰਧ ਹੈ, ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਮੰਡੀ ਬੋਰਡ ਵੱਲੋਂ ਮੰਡੀਆਂ ’ਚ ਵਿਸ਼ੇਸ਼ ਟੀਮਾਂ ਵੀ ਨਿਰਧਾਰਿਤ ਕੀਤੀਆਂ ਗਈਆਂ ਹਨ। ਜੋ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਮੰਡੀ ਬੋਰਡ ਅਫ਼ਸਰ ਬਰਨਾਲਾ ਨਾਲ ਤਾਲਮੇਲ ਕਰ ਕੇ ਕੰਮ ਕਰਨਗੀਆਂ।