ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਰੈਲੀ 22 ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਰੈਲੀ 22 ਨੂੰ
Publish Date: Sun, 18 Oct 2026 03:58 PM (IST)
Updated Date: Sun, 18 Oct 2026 04:00 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ ਸਾਂਝੀ ਮੀਟਿੰਗ ਕੀਤੀ ਗਈ। ਇਸ ’ਚ 22 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਮੋਰਚੇ ਦੇ ਸੂਬਾਈ ਆਗੂ ਬਲਿਹਾਰ ਸਿੰਘ, ਸ਼ੇਰ ਸਿੰਘ ਖੰਨਾ, ਜਗਰੂਪ ਸਿੰਘ ਲਹਿਰਾ ਤੇ ਗੁਰਵਿੰਦਰ ਸਿੰਘ ਪੰਨੂ ਸਮੇਤ ਭਰਾਤਰੀ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਇਸ ਮੌਕੇ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੇ ਸੂਬਾ ਸਕੱਤਰ ਸ਼ਮਸ਼ੇਰ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਮੋਲਡਰ ਐਂਡ ਸਟੀਲ ਵਰਕਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ, ਟੈਕਨੀਕਲ ਸਰਵਿਸ ਯੂਨੀਅਨ ਭੰਗਲ ਦੇ ਸਤਵਿੰਦਰ ਸਿੰਘ, ਪੈਨਸ਼ਨਰ ਐਸੋਸੀਏਸ਼ਨ ਯੂਨੀਅਨ ਦੇ ਆਗੂ ਤਰਸੇਮ ਸਿੰਘ ਗੁੱਜਰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮੇਤ ਡੀਡੀਐਫ ਵੱਲੋਂ ਵੀ ਹਮਾਇਤ ਦਾ ਭਰੋਸਾ ਦਿੱਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਲੰਮੇ ਸਮੇਂ ਤੋਂ ਕੰਮ ਕਰਦੇ ਠੇਕਾ, ਆਊਟਸੋਰਸ ਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ’ਚ ਸਿੱਧੇ ਠੇਕੇ ’ਤੇ ਲਿਆ ਜਾਵੇ ਤੇ 1948 ਦੇ ਕਾਨੂੰਨ ਅਨੁਸਾਰ ਗੁਜ਼ਾਰੇਯੋਗ ਤਨਖ਼ਾਹ ਦਿੱਤੀ ਜਾਵੇ। ਮੀਟਿੰਗ ’ਚ 21 ਅਕਤੂਬਰ ਨੂੰ ਪੰਜਾਬ ਭਰ ’ਚ ਰੋਸ ਰੈਲੀਆਂ ਤੇ ਮੁਜ਼ਾਹਰੇ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਤੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਮੰਗ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਆਗੂਆਂ ਨੇ ਐਲਾਨ ਕੀਤਾ ਕਿ ਪੱਕੇ ਰੁਜ਼ਗਾਰ ਦੀ ਮੰਗ ਪੂਰੀ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗਗਨਦੀਪ ਸਿੰਘ ਕਣਕਵਾਲ, ਖੁਸ਼ਦੀਪ ਸਿੰਘ ਲਹਿਰਾ, ਜਸਵਿੰਦਰ ਸਿੰਘ ਬੀਜਾ, ਯਾਦਵਿੰਦਰ ਸਿੰਘ ਭਾਈ ਕੀ ਪਿਸ਼ੌਰ, ਚਰਨਜੀਤ ਸਿੰਘ ਖਿਆਲੀ, ਬਲਦੇਵ ਸਿੰਘ ਬਰਨਾਲਾ ਅਤੇ ਚਮਕੌਰ ਸਿੰਘ ਕੁਰੜ ਛਾਪਾ ਆਦਿ ਹਾਜ਼ਰ ਸਨ।